
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਜੇਪੀ ਨੱਢਾ ਤੇ ਕੈਪਟਨ ਨੇ ਮਿਸ਼ਨ-2024 ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਕੀਤੀ ਚਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਵੀਰਵਾਰ ਨੂੰ ਸਿਸਵਾਂ ਫਾਰਮ ਹਾਊਸ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕਰੀਬ ਦੋ ਘੰਟੇ ਚੱਲੀ ਇਸ ਵਿਸ਼ੇਸ਼ ਮੀਟਿੰਗ ਦੌਰਾਨ ਦੋਵੇਂ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ, ਪਾਰਟੀ ਦੀ ਮਜ਼ਬੂਤੀ ਅਤੇ ਮਿਸ਼ਨ-2024 ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਸੁਡਾਨ ਸਿੰਘ, ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ, ਬੇਟੀ ਜੈ ਇੰਦਰ ਕੌਰ, ਬੇਟਾ ਰਣਇੰਦਰ ਸਿੰਘ ਟਿੱਕੂ ਅਤੇ ਸੀਨੀਅਰ ਆਗੂ ਕਮਲਦੀਪ ਸਿੰਘ ਸੈਣੀ ਮੌਜੂਦ ਸਨ।

ਜੇਪੀ ਨੱਢਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਸੀ ਗੱਲਬਾਤ ਦੌਰਾਨ ਪੰਜਾਬ ਦੀ ਦਿਨ ਪ੍ਰਤੀ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਦੋਵੇਂ ਆਗੂਆਂ ਨੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਭਾਜਪਾ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਵਰਕਰਾਂ ਦੀ ਲਾਮਬੰਦੀ ’ਤੇ ਜ਼ੋਰ ਦਿੱਤਾ। ਆਗੂਆਂ ਨੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਆਮ ਲੋਕਾਂ ਨਾਲ ਨੁੱਕੜ ਮੀਟਿੰਗਾਂ ਕਰਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਨੀਤੀਆਂ ਤੋਂ ਜਾਣੂ ਕਰਵਾਉਣ ਸਮੇਤ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਲਈ ਲੰਮੀ ਚਰਚਾ ਕੀਤੀ।

ਦੋਵੇਂ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਹੁਕਮਰਾਨ ਆਮ ਆਦਮੀ ਪਾਰਟੀ ਅਤੇ ਬਾਕੀ ਵਿਰੋਧੀ ਪਾਰਟੀਆਂ ਨਾਲ ਟੱਕਰ ਲੈਣ ਅਤੇ ਚੰਗੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਗੱਲ ਕੀਤੀ।