ਐਸਵਾਈਐਲ ਤੇ ਹੋਰ ਜਨਤਕ ਮਸਲਿਆਂ ’ਤੇ ਭਾਜਪਾ ਵੱਲੋਂ ਕੈਪਟਨ ਸਰਕਾਰ ਨੂੰ ਪੂਰਨ ਸਹਿਯੋਗ ਦੀ ਪੇਸ਼ਕਸ਼

ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਪਰੈਲ:
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਸਤੁਲਜ ਯਮੁਨਾ ਲਿੰਕ ਨਹਿਰ ਦੇ ਨਾਜ਼ੁਕ ਮਸਲੇ ਅਤੇ ਸੂਬੇ ਦੇ ਹਿੱਤ ਨਾਲ ਜੁੜੇ ਹੋਰਨਾਂ ਮੁੱਦਿਆਂ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ। ਸਮਾਜਿਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾਈ ਪ੍ਰਧਾਨ ਵਿਜੇ ਸਾਂਪਲਾ, ਪਾਰਟੀ ਦੇ ਸੂਬਾ ਉਪ ਪ੍ਰਧਾਨ ਹਰਜੀਤ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਸੂਬੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਵਿਚਾਰ-ਚਰਚਾ ਕਰਨ ਲਈ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਾਜਪਾ ਲੀਡਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਖਿਆ ਕਿ ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਸਾਰੀਆਂ ਪਾਰਟੀਆਂ ਦਾ ਇਕੱਠੇ ਹੋਣਾ ਬਹੁਤ ਮਹੱਤਵਪੂਰਨ ਹੈ। ਇਸੇ ਦੌਰਾਨ ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਨੇ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਰਚਾ ਕੀਤੀ।
ਭਾਜਪਾ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਕੈਂਸਰ ਹਸਪਤਾਲ ਦੀ ਸਥਾਪਨਾ ਦਾ ਮੁੱਦਾ ਵੀ ਸ਼ਾਮਲ ਸੀ। ਇਸ ਹਸਪਤਾਲ ਲਈ ਜ਼ਮੀਨ ਅਲਾਟ ਕੀਤੀ ਜਾ ਚੁੱਕੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਲੋੜੀਂਦੇ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਪ੍ਰਾਜੈਕਟ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਸਪਤਾਲ ਦੇ ਕੰਮ ਦੀ ਗਤੀ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੈਂਸਰ ਦੀ ਸਮੱਸਿਆ ਬਹੁਤ ਗੰਭੀਰ ਹੈ ਜਿਸ ਕਰਕੇ ਇਸ ਪ੍ਰਾਜੈਕਟ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਣੀ ਚਾਹੀਦੀ। ਭਾਜਪਾ ਦੇ ਵਫ਼ਦ ਨੇ ਤਲਵਾੜਾ (ਹੁਸ਼ਿਆਰਪੁਰ) ਦੇ ਸਰਕਾਰੀ ਹਸਪਤਾਲ ਵਿੱਚ ਟੈਲੀਮੈਡੀਸਨ ਸੇਵਾਵਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਤਾਂ ਕਿ ਇਸ ਖੇਤਰ ਵਿੱਚ ਡਾਕਟਰਾਂ ਦੀ ਘਾਟ ਨਾਲ ਨਜਿੱਠਿਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਸੁਝਾਅ ਦਾ ਸਵਾਗਤ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸੇਵਾਵਾਂ ਸ਼ੁਰੂ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਦੀ ਹਦਾਇਤ ਕੀਤੀ। ਇਸ ਸਬੰਧ ਵਿੱਚ ਭਾਜਪਾ ਦੀ ਅਪੀਲ ’ਤੇ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗ ਨੂੰ ਆਦਮਪੁਰ ਹਵਾਈ ਅੱਡੇ ਦੇ ਸਿਵਲ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਇਸ ਹਵਾਈ ਅੱਡੇ ਨੂੰ ਜਿੰਨੀ ਛੇਤੀ ਸੰਭਵ ਹੋਵੇ, ਚਾਲੂ ਕੀਤਾ ਜਾਵੇ ਜਿਸ ਨਾਲ ਸੂਬੇ ਦੀ ਇਸ ਮਹੱਤਵਪੂਰਨ ਜ਼ਿਲ੍ਹੇ ਦੇ ਮੁਸਾਫਰਾਂ ਨੂੰ ਸਫਰ ਦੀ ਸਹੂਲਤ ਹਾਸਲ ਹੋ ਸਕੇ। ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਵਿੱਚ ਇਕ ਆਟੋ ਇੰਡਸਟਰੀ ਸਥਾਪਤ ਕਰਨ ਲਈ ਦਿੱਤੇ ਸੁਝਾਅ ’ਤੇ ਮੁੱਖ ਮੰਤਰੀ ’ਤੇ ਇਸ ਉਪਰ ਗੌਰ ਕਰਨ ਦਾ ਵਾਅਦਾ ਕਰਦਿਆਂ ਸੂਬਾ ਭਰ ਵਿੱਚ ਅਤਿ ਲੋੜੀਂਦੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਆਪਣੀ ਪ੍ਰਤੀਬੱਧਤਾ ਜ਼ਾਹਰ ਕੀਤੀ। ਉਨ੍ਹਾਂ ਨੇ ਵਫ਼ਦ ਨੂੰ ਦੱਸਿਆ ਕਿ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਸਨਅਤੀ ਨੀਤੀ ਵਿੱਚ ਸਨਅਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੇ ਕੇਂਦਰੀ ਫੰਡਾਂ ਦੀ ਵੰਡ ਬਾਰੇ ਵਫ਼ਦ ਵੱਲੋਂ ਉਠਾਏ ਇਕ ਹੋਰ ਮੰਗ ਉਠਾਈ ਗਈ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮੰਤਵ ਲਈ ਅਲਾਟ ਹੋਏ ਫੰਡਾਂ ਨੂੰ ਛੇਤੀ ਤੋਂ ਛੇਤੀ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…