Nabaz-e-punjab.com

ਭਾਜਪਾ ਵਰਕਰਾਂ ਵੱਲੋਂ ਪੰਜਾਬ ਵਿੱਚ ਨਾਗਰਿਕਤਾ ਸੋਧ ਕਾਨੂੰਨ ਤੁਰੰਤ ਲਾਗੂ ਕਰਨ ਦੀ ਮੰਗ

ਮੁਹਾਲੀ ਦੀ ਏਡੀਸੀ ਸ੍ਰੀਮਤੀ ਜੈਨ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਜਿੱਥੇ ਦੇਸ਼ ਭਰ ਵਿੱਚ ਲੋਕ ਸੜਕਾਂ ’ਤੇ ਉਤਰ ਆਏ ਹਨ ਅਤੇ ਥਾਂ-ਥਾਂ ਰੋਸ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਥਾਨਕ ਆਗੂਆਂ ਨੇ ਪੰਜਾਬ ਵਿੱਚ ਨਾਗਰਿਕਤਾ ਸੋਧ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਦੀ ਗੁਹਾਰ ਲਗਾਈ ਹੈ। ਇਸ ਸਬੰਧੀ ਵੀਰਵਾਰ ਨੂੰ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਸਰਗਰਮ ਵਰਕਰਾਂ ਦੇ ਵਫ਼ਦ ਨੇ ਮੁਹਾਲੀ ਦੀ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੂੰ ਮਿਲ ਕੇ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਦੇ ਨਾਮ ਇਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਤੁਰੰਤ ਲਾਗੂ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਰੁਣ ਸ਼ਰਮਾ ਨੇ ਦੱਸਿਆ ਕਿ ਸੰਸਦ ਭਵਨ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਪਾਸ ਕੀਤਾ ਗਿਆ ਹੈ ਅਤੇ ਜਿਸ ਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਜਾਣਾ ਜ਼ਰੂਰੀ ਹੈ ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਬਿਆਨ ਦੇ ਕੇ ਪੰਜਾਬ ਵਿੱਚ ਨਾਗਰਿਕਤਾ ਸੋਧ ਐਕਟ ਨੂੰ ਲਾਗੂ ਨਾ ਕਰਨ ਦੀ ਗੱਲ ਆਖੀ ਗਈ ਹੈ। ਜਿਸ ਕਾਰ ਰਾਜ ਦੇ ਲੋਕ ਸਰਕਾਰ ਦੇ ਬਹਿਕਾਵੇ ਵਿੱਚ ਆ ਕੇ ਇਸ ਕਾਨੂੰਨ ਦਾ ਬਿਨਾਂ ਵਜ੍ਹਾਂ ਵਿਰੋਧ ਕਰ ਰਹੇ ਹਨ।
ਭਾਜਪਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਦਾ ਇਹ ਬਿਆਨ ਅਸੰਵਿਧਾਨਿਕ ਹੈ। ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੌਰਾਨ ਭਾਰਤੀ ਏਕਤਾ ਅਤੇ ਅਖੰਡਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਈ ਸੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਇਸ ਐਕਟ ਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਉਸ ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਦੀ ਗੱਲ ਅਸੰਵਿਧਾਨਿਕ ਹੈ। ਪੱਤਰ ਰਾਹੀਂ ਭਾਜਪਾ ਨੇ ਮੰਗ ਕੀਤੀ ਹੈ ਕਿ ਇਸ ਐਕਟ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਵਿੱਚ ਲਾਗੂ ਕਰਵਾਇਆ ਜਾਵੇ।
ਸ੍ਰੀ ਅਰੁਣ ਸ਼ਰਮਾ ਨੇ ਦੱਸਿਆ ਕਿ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਜਪਾ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੰਗ ਪੱਤਰ ਪੰਜਾਬ ਦੇ ਰਾਜਪਾਲ ਨੂੰ ਅਗਲੀ ਕਾਰਵਾਈ ਲਈ ਭੇਜਿਆ ਜਾਵੇਗਾ। ਵਫ਼ਦ ਵਿੱਚ ਨਰਿੰਦਰ ਰਾਣਾ, ਰਾਜੀਵ ਸ਼ਰਮਾ, ਰਮੇਸ਼ ਵਰਮਾ, ਰਜੇਸ਼ ਮੋਦਗਿੱਲ, ਮਦਨ ਗੋਇਲ, ਪਵਨ ਮਨੋਚਾ, ਅਨਿਲ ਗੁੱਡੂ, ਸ਼ਸ਼ੀ ਭੁਸ਼ਣ, ਵਰਿੰਦਰ ਕੋਛੜ, ਮੁਕੇਸ਼ ਪੁਰੀ, ਜੋਗਿੰਦਰ ਕੰਵਰ, ਉਮਾ ਕਾਂਤ ਤਿਵਾੜੀ, ਵਿਕਰਮਜੀਤ ਸਿੰਘ ਵਿੱਕੀ ਅਤੇ ਹੁਸ਼ਿਆਰ ਚੰਦ ਸਿੰਗਲਾ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…