nabaz-e-punjab.com

ਡੀਸੀ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਬਲਾਕ ਪੱਧਰ ’ਤੇ ਮੋਨੀਟਰਿੰਗ ਟੀਮਾਂ ਦਾ ਗਠਨ

ਵੱਖ ਵੱਖ ਵਿਭਾਗਾਂ ਨੂੰ ਕੌਮੀ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼
ਮੁਹਾਲੀ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਅਤੇ ਕੌਮੀ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਬਲਾਕ ਪੱਧਰ ’ਤੇ ਮੋਨੀਟਰਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਟੀਮਾਂ ਦੇ ਓਵਰ-ਆਲ ਇੰਚਾਰਜ ਸਬੰਧਤ ਸਬ ਡਿਵੀਜ਼ਨਾਂ ਦੇ ਐਸਡੀਐਮਜ਼ ਨੂੰ ਬਣਾਇਆ ਗਿਆ ਹੈ। ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਪਿੰਡ ਪੱਧਰ ’ਤੇ ਵੀ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਾਉਣ ਲਈ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਡੇਰਾਬਸੀ ਬਲਾਕ ਦੀ ਟੀਮ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਚਾਹਲ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ, ਪੁਲੀਸ ਵਿਭਾਗ ਵੱਲੋਂ ਇੰਸਪੈਕਟਰ ਮਹਿੰਦਰ ਸਿੰਘ, ਇੰਸਪੈਕਟਰ ਅਮਨਪ੍ਰੀਤ ਸਿੰਘ, ਇੰਸਪੈਕਟਰ ਗੁਰਦੀਪ ਸਿੰਘ ਅਤੇ ਮਾਲ ਵਿਭਾਗ ਵੱਲੋਂ ਸ਼ੁੱਭਕਰਨ ਅਤੇ ਰਘਵੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟੀਮ ਦੇ ਇੰਚਾਰਜ ਐਸਡੀਐਮ ਡੇਰਾਬਸੀ ਪਰਮਜੀਤ ਸਿੰਘ ਹੋਣਗੇ। ਖਰੜ ਬਲਾਕ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਬੀਰਦਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਰਾਮਪਾਲ ਸਿੰਘ, ਇੰਸਪੈਕਟਰ ਭਗਵੰਤ ਸਿੰਘ, ਮਾਲ ਵਿਭਾਗ ਵੱਲੋਂ ਦੇਸਪਾਲ ਅਤੇ ਇਸ ਟੀਮ ਦੇ ਇੰਚਾਰਜ ਐਸਡੀਐਮ ਖਰੜ ਵਿਨੋਦ ਕੁਮਾਰ ਬਾਂਸਲ ਹੋਣਗੇ। ਬਲਾਕ ਮਾਜਰੀ ਲਈ ਸ੍ਰੀਮਤੀ ਕਮਲਦੀਪ ਕੌਰ, ਬਲਾਕ ਖੇਤੀਬਾੜੀ ਅਫ਼ਸਰ ਗੁਰਬਚਨ ਸਿੰਘ, ਇੰਸਪੈਕਟਰ ਕੈਲਾਸ ਬਹਾਦਰ, ਮਾਲ ਵਿਭਾਗ ਵੱਲੋਂ ਕਰਨੈਲ ਸਿੰਘ ਅਤੇ ਟੀਮ ਦੇ ਇੰਚਾਰਜ ਐਸਡੀਐਮ ਖਰੜ ਹੋਣਗੇ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਕਿਸਾਨ ਝੋਨੇ ਦੀ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣਗੇ, ਉਨ੍ਹਾਂ ਦੇ ਚਲਾਨ ਕੀਤੇ ਜਾਣਗੇ ਅਤੇ ਨਿਯਮਾਂ ਅਨੁਸਾਰ ਜੁਰਮਾਨਾ ਵੀ ਵਸੂਲਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸਵੱਛਤਾ ਲਈ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਕੌਮੀ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਬਾਰੇ ਪਿੰਡ ਪੱਧਰ ਤੇ ਕਿਸਾਨਾਂ ਨੂੰ ਜਾਣੂ ਕਰਵਾਉਣਗੇ ਅਤੇ ਅੱਗ ਲਗਾਉਣ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ।
ਡੀਸੀ ਨੇ ਦੱਸਿਆ ਕਿ ਸਮੂਹ ਸਰਕਲ ਰੈਵੀਨਿਊ ਅਫ਼ਸਰ, ਖੇਤੀਬਾੜੀ ਵਿਕਾਸ ਅਫਸਰ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਆਪਣੇ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਸਥਾਪਿਤ ਕੰਟਰੋਲ ਰੂਮ ਨੂੰ ਈਮੇਲ, caomohali0yahoo.co.in ’ਤੇ ਭੇਜਣਗੇ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੋਡਲ ਅਫ਼ਸਰ ਜ਼ਿਲ੍ਹੇ ਦੀ ਰਿਪੋਰਟ ਈਮੇਲ dc.sasnagar.punjab0gmail.com / whatsapp ਰਾਹੀਂ ਰੋਜ਼ਾਨਾ ਭੇਜਣਗੇ ਅਤੇ ਇਸ ਦਾ ਰਿਕਾਰਡ ਵੀ ਰੱਖਣਗੇ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਬੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਦਿਆਲ ਸਿੰਘ ਸਮੇਤ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…