Share on Facebook Share on Twitter Share on Google+ Share on Pinterest Share on Linkedin ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਤੇ ਖੂਨਦਾਨ ਕੈਂਪ ਕੈਂਪ ਵਿੱਚ 1274 ਸ਼ਰਧਾਲੂਆਂ ਨੇ ਕੀਤਾ ਖੂਨਦਾਨ, ਸਾਰਾ ਦਿਨ ਚੱਲਿਆ ਗੁਰਬਾਣੀ ਕੀਰਤਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਦਲੇਰ ਕੌਰ ਨਕੋਦਰ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜੀਵਨ ਫ਼ਲਸਫ਼ਾ ਅਤੇ ਦੇਸ਼, ਕੌਮ ਅਤੇ ਧਰਮ ਖ਼ਾਤਰ ਅੰਗਰੇਜ਼ ਹਕੂਮਤ ਨਾਲ ਲੜੀ ਜੰਗ ਵਿੱਚ ਇਸ ਪਵਿੱਤਰ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਗਿਆਨੀ ਪਿੰਦਰਪਾਲ ਸਿੰਘ, ਭਾਈ ਮਹਿਲ ਸਿੰਘ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਇੰਟਰਨੈਸ਼ਨਲ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਮਾਨਵਤਾ ਦੇ ਭਲੇ ਲਈ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਪੀਜੀਆਈ, ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਰੋਟਰੀ ਬਲੱਡ ਬੈਂਕ ਸੈਕਟਰ-37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਰਕਾਰੀ ਹਸਪਤਾਲ ਮੁਹਾਲੀ, ਸਰਕਾਰੀ ਹਸਪਤਾਲ ਖਰੜ, ਮੈਕਸ ਹਸਪਤਾਲ ਮੁਹਾਲੀ ਅਤੇ ਆਈਵੀਵਾਈ ਹਸਪਤਾਲ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਕੈਂਪ ਵਿੱਚ 1274 ਤੋਂ ਵੱਧ ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ, ਸਨਮਾਨ-ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਮੁਖੀ ਨੇ ਦੱਸਿਆ ਕਿ ਖੂਨਦਾਨ ਮਹਾਂਦਾਨ ਹੈ ਅਤੇ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਅਨਮੋਲ ਜ਼ਿੰਦਗੀਆਂ ਨੂੰ ਲੋੜ ਪੈਣ ’ਤੇ ਖੂਨ ਦੇ ਕੇ ਬਚਾਇਆ ਜਾ ਸਕੇ। ਇਸ ਦੇ ਨਾਲ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਦੇ ਹੋਏ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਵੀ ਬਚਾਅ ਰੱਖਣਾ ਚਾਹੀਦਾ ਹੈ ਤਾਂ ਜੋ ਇੱਕ ਸਿਹਤਮੰਦ ਅਤੇ ਨਰੋਏ ਸਮਾਜ ਦਾ ਨਿਰਮਾਣ ਹੋ ਸਕੇ। ਉਨ੍ਹਾਂ ਦੱਸਿਆ ਕਿ ਸਮਾਜ ਦੀ ਭਲਾਈ ਲਈ ਲੋਕਾਂ ਨੂੰ ਡਾਕਟਰੀ ਸਹੂਲਤ ਮੁਹੱਈਆ ਕਰਾਉਣ ਅਤੇ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਆਉਣ ਵਾਲੇ ਸਮੇਂ ਵਿੱਚ ਵੀ ਸਮੂਹ ਮਾਨਵਤਾ ਦੇ ਭਲੇ ਲਈ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਕੈਂਪਾਂ ਦਾ ਇਸ ਅਸਥਾਨ ’ਤੇ ਆਯੋਜਨ ਕੀਤਾ ਜਾਂਦਾ ਰਹੇਗਾ। ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਸਮੇਤ ਹੋਰ ਸੰਤ, ਮਹਾਂ ਪੁਰਸ਼ਾਂ ਨੇ ਖੂਨਦਾਨੀਆਂ ਦੀ ਹੌਸਲਾ ਅਫ਼ਜਾਈ ਕੀਤੀ। ਲੇਬਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਬੈਦਵਾਨ, ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਸਾਬਕਾ ਕੌਂਸਲਰ ਕਮਲਜੀਤ ਕੌਰ ਤੇ ਸੁਰਿੰਦਰ ਸਿੰਘ ਰੋਡਾ, ਗੁਰਦੁਆਰਾ ਕਮੇਟੀ ਅਤੇ ਵੱਖ-ਵੱਖ ਸਿਆਸੀ ਆਗੂ, ਧਾਰਮਿਕ ਸ਼ਖ਼ਸੀਅਤਾਂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ