Nabaz-e-punjab.com

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਮੀਟਿੰਗ ਵਿੱਚ ਦਫ਼ਤਰੀ ਕੰਮ-ਕਾਜ ਦੀ ਕੀਤੀ ਸਮੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਅਗਲੇ ਸਾਲ ਤੋਂ ਲਏਗਾ ਪੰਜਵੀਂ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ

ਰਾਈਟ ਟੂ ਐਜੂਕੇਸ਼ਨ ਸਕੀਮ ਵਾਲਾ ਪੱਤਰ ਮਿਲਣ ’ਤੇ 2010 ਵਿੱਚ ਅੱਠਵੀਂ ਦੀ ਪ੍ਰੀਖਿਆ ਲੈਣੀ ਕਰ ਦਿੱਤੀ ਸੀ ਬੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਸਕੂਲ ਬੋਰਡ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਅਤੇ ਦਫ਼ਤਰੀ ਕੰਮ ਨੂੰ ਚੁਸਤ-ਦਰੁਸਤ ਰੱਖਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਬੋਰਡ ਦੀ 50ਵੀਂ ਵਰ੍ਹੇਗੰਢ ਸਮਾਰੋਹ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਹ ਵੀ ਆਦੇਸ਼ ਦਿੱਤੇ ਕਿ 15 ਅਗਸਤ ਦਾ ਸਮਾਰੋਹ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਦਸਵੀਂ ਅਤੇ ਬਾਰ੍ਹਵੀਂ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਅਗਸਤ ਮਹੀਨੇ ਦੌਰਾਨ ਹੋਣ ਵਾਲੇ ਵਿੱਦਿਅਕ ਮੁਕਾਬਲਿਆਂ ਦੀਆਂ ਤਿਆਰੀ ਸਬੰਧੀ ਵੀ ਚੇਅਰਮੈਨ ਵੱਲੋਂ ਉੱਚ-ਅਧਿਕਾਰੀਆਂ ਤੋਂ ਰਿਪੋਰਟ ਲੈ ਕੇ ਦਰਪੇਸ਼ ਅੌਕੜਾਂ ਬਾਰੇ ਚਰਚਾ ਕੀਤੀ। ਉਨ੍ਹਾਂ ਐਫ਼ੀਲੀਏਟਿਡ ਸਕੂਲਾਂ ਦੀਆਂ ਮੰਗਾਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਇਨ੍ਹਾਂ ਸਕੂਲਾਂ ਦੇ ਨਿਰੀਖਣ ਹਿੱਤ ਨਵੀਆਂ ਨਿਰੀਖਣ ਕਮੇਟੀਆਂ ਦੇ ਗਠਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਮੌਕੇ ਫੇਲ ਜਾਂ ਰੀਅਪੀਅਰ ਦੀ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਨੂੰ ਇਕ ਸੁਨਹਿਰੀ ਮੌਕਾ ਦੇਣ ਬਾਰੇ ਵੀ ਚਰਚਾ ਕੀਤੀ ਗਈ।
ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਵੱਖ ਵੱਖ ਸ਼ਾਖਾਵਾਂ ਦੇ ਇੰਚਾਰਜਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਦੌਰਾਨ ਮੀਟਿੰਗ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਅਗਲੇ ਸਾਲ ਤੋਂ ਲਈ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਅਗਾਊਂ ਤਿਆਰੀਆਂ ਸਬੰਧੀ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇਨ੍ਹਾਂ ਜਮਾਤਾਂ ਦੀ ਪ੍ਰੀਖਿਆ ਲਈ ਬਣਾਈਆਂ ਜਾਣ ਵਾਲੀਆਂ ਨਵੀਆਂ ਪ੍ਰੀਖਿਆ ਸ਼ਾਖਾਵਾਂ ਲਈ ਲੋੜੀਂਦੇ ਕਰਮਚਾਰੀ ਮੁਹੱਈਆ ਕਰਵਾਉਣ ਲਈ ਨੀਤੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਵਿੱਤ ਮਾਮਲਿਆਂ ’ਤੇ ਚਰਚਾ ਕਰਦਿਆਂ ਬੋਰਡ ਮੁਖੀ ਨੇ ਖ਼ਰਚੇ ਘਟਾਉਣ ਅਤੇ ਬਚਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਅਧਿਕਾਰੀਆਂ ਨੂੰ ਬਚਤ ਦੇ ਢੰਗ ਸੁਝਾਉਣ ਲਈ ਵੀ ਕਿਹਾ।
(ਬਾਕਸ ਆਈਟਸ)
ਕੰਟਰੋਲਰ (ਪ੍ਰੀਖਿਆਵਾਂ) ਸੁਖਵਿੰਦਰ ਕੌਰ ਸਰੋਇਆ ਨੇ ਕੇਂਦਰ ਸਰਕਾਰ ਦੀ ਰਾਈਟ ਟੂ ਐਜੂਕੇਸ਼ਨ ਸਕੀਮ ਤਹਿਤ ਬੋਰਡ ਨੇ 2010 ਵਿੱਚ ਅੱਠਵੀਂ ਜਮਾਤ ਦੀ ਪ੍ਰੀਖਿਆ ਲੈਣੀ ਬੰਦ ਕਰ ਦਿੱਤੀ ਸੀ। ਜਦੋਂਕਿ ਪੰਜਵੀਂ ਜਮਾਤ ਦੀ ਬੋਰਡ ਨੇ ਪਹਿਲਾਂ ਕਦੇ ਪ੍ਰੀਖਿਆ ਨਹੀਂ ਲਈ ਗਈ। ਉਨ੍ਹਾਂ ਦੱਸਿਆ ਕਿ ਆਰਟੀਈ ਤਹਿਤ ਤਤਕਾਲੀ ਸਰਕਾਰ ਨੇ ਇਹ ਫੈਸਲਾ ਲਿਆ ਕਿ ਪਹਿਲੀ ਤੋਂ ਅੱਠਵੀਂ ਕਿਸੇ ਬੱਚੇ ਨੂੰ ਫੇਲ ਨਾ ਕੀਤਾ ਜਾਵੇ। ਇਸ ਨਾਲ ਮਿਆਰੀ ਸਿੱਖਿਆ ਨੂੰ ਢਾਹ ਲੱਗੀ ਕਿਉਂਕਿ ਨੌਵੀਂ ਜਮਾਤ ਵਿੱਚ ਦਾਖ਼ਲ ਹੋਣ ਲਈ ਆਉਂਦੇ ਜ਼ਿਆਦਾ ਵਿਦਿਆਰਥੀ ਗਿਆਨ ਵਿਹੂਣੇ ਸਨ। ਕਿਉਂਕਿ ਬੱਚਿਆਂ ਦੇ ਮਨ ’ਚੋਂ ਪ੍ਰੀਖਿਆ ਦਾ ਡਰ ਚੁੱਕਿਆ ਗਿਆ। ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਸਨ ਕਿ ਇਨ੍ਹਾਂ ਕਲਾਸਾਂ ਦਾ ਕੋਈ ਬੱਚਾ ਫੇਲ ਨਹੀਂ ਕਰਨਾ ਹੈ। ਜਿਸ ਕਾਰਨ ਨੌਵੀਂ ਕਲਾਸ ਵਿੱਚ ਬੱਚਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿਛਲੇ ਸਮੇਂ ਤੋਂ ਐਸੀਸੀਈਆਰਟੀ ਵੱਲੋਂ ਪੰਜਵੀਂ ਅਤੇ ਅੱਠਵੀਂ ਦੀ ਆਮ ਪ੍ਰੀਖਿਆ ਲਈ ਜਾ ਰਹੀ ਹੈ ਪਰ ਹੁਣ ਇਸ ਅਦਾਰੇ ਨੇ ਵੀ ਆਪਣੇ ਹੱਥ ਖੜੇ ਕਰ ਦਿੱਤੇ ਅਤੇ ਬੋਰਡ ਨੂੰ ਪੱਤਰ ਲਿਖ ਕੇ ਕਹਿ ਦਿੱਤਾ ਕਿ ਇਨ੍ਹਾਂ ਜਮਾਤਾਂ ਦੀ ਪ੍ਰੀਖਿਆ ਲਈ ਜਾਵੇ। ਸ੍ਰੀਮਤੀ ਸਰੋਇਆ ਨੇ ਦੱਸਿਆ ਕਿ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਵੀਂ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਸਬੰਧੀ ਮਿਆਰੀ ਪ੍ਰਸ਼ਨ ਪੱਤਰ ਤਿਆਰ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਬੋਰਡ ਦੀਆਂ ਅਗਲੀਆਂ ਕਲਾਸਾਂ ਵਿੱਚ ਪੜ੍ਹਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਨ੍ਹਾਂ ਕਲਾਸਾਂ ਦਾ ਸਿਲੇਬਸ ਵੀ ਵਧੀਆਂ ਤਿਆਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…