
ਪੰਜਾਬੀ ਭਾਸ਼ਾ ਦੀ ਹੋ ਰਹੀ ਬੇਕਦਰੀ ਬਾਰੇ ਸਪੱਸ਼ਟੀਕਰਨ ਦੇਵੇ ਸਿੱਖਿਆ ਬੋਰਡ: ਪੰਡਤ ਰਾਓ ਧਨੇਰਵਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਪੰਜਾਬੀ ਭਾਸ਼ਾ ਦੀ ਬੇਕਦਰੀ ਬਾਰੇ ਸਪੱਸ਼ਟੀਕਰਨ ਮੰਗਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਪੰਜਾਬੀ ਮਾਂ ਬੋਲੀ ਲਈ ਆਪਣੀ ਆਵਾਜ਼ ਉਠਾਉਣ ਵਾਲੇ ਪੰਡਿਤ ਰਾਓ ਧਰੇਨਵਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 80 ਸੀਪੀਸੀ 1907/51 ਏ ਤਹਿਤ ਕਾਨੂੰਨੀ ਨੋਟਿਸ ਦੇ ਕੇ ਪੰਜਾਬ ਵਿੱਚ ਪੰਜਾਬੀ ਭਾਸ਼ਾ ਦੀ ਹੋ ਰਹੀ ਬੇਕਦਰੀ ਬਾਰੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਗਈ ਹੈ।
ਇਸ ਨੋਟਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਸਿੱਖਿਆ ਬੋਰਡ ਵੱਲੋਂ ਗਣਿਤ ਵਿਸ਼ੇ ਨੂੰ ਪੰਜਾਬੀ ਮਾਧਿਅਮ ਵਿੱਚ ਪੜ੍ਹਾਉਣਾ ਛੱਡ ਕੇ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ ਜਦਕਿ ਪੰਜਾਬ ਭਾਸ਼ਾ ਐਕਟ ਦੇ ਮੁਤਾਬਿਕ ਦਸਵੀਂ ਤੱਕ ਬੱਚਿਆਂ ਨੂੰ ਸਾਰੇ ਵਿਸ਼ੇ ਪੰਜਾਬੀ ਵਿੱਚ ਪੜ੍ਹਾਉਣੇ ਲਾਜ਼ਮੀ ਹਨ। ਉਨ੍ਹਾਂ ਲਿਖਿਆ ਹੈ ਕਿ ਇਸਦੇ ਬਾਵਜੂਦ ਬੋਰਡ ਵੱਲੋਂ ਇਸਦੇ ਉਲਟ ਜਾ ਕੇ ਪੰਜਾਬੀ ਭਾਸ਼ਾ ਐਕਟ ਦੀ ਉਲੰਘਣਾ ਕਰਨ ਦੇ ਨਾਲ ਨਾਲ ਬੱਚਿਆਂ ਦੇ ਆਪਣੀ ਮਾਂ ਬੋਲੀ ਵਿੱਚ ਪੜ੍ਹਨ ਦੇ ਮਨੁੱਖੀ ਅਧਿਕਾਰਾਂ ਦੀ ਵੀ ਘੋਰ ਉਲੰਘਣਾ ਕੀਤੀ ਜਾ ਰਹੀ ਹੈ।
ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਪੰਡਿਤ ਰਾਓ ਧਰੇਨਵਰ ਨੇ ਕਿਹਾ ਕਿ 3 ਮਾਰਚ 2020 ਨੂੰ ਹੋਏ ਸਾਲਾਨਾ ਇਮਤਿਹਾਨ ਮੌਕੇ ਅੱਠਵੀਂ ਜਮਾਤ ਨੂੰ ਵੰਡੇ ਗਏ ਪ੍ਰਸ਼ਨ ਪੱਤਰ ਵਿੱਚ ਅਣਗਿਣਤ ਗਲਤੀਆਂ ਸਨ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਸਬੰਧੀ ਲਏ ਗਏ ਫੈਸਲਿਆਂ ਬਾਰੇ ਲਿਖਤੀ ਰੂਪ ਵਿੱਚ ਸਪੱਸ਼ਟੀਕਰਨ ਦਿੱਤਾ ਜਾਵੇ। ਉਨ੍ਹਾਂ ਵੱਲੋਂ ਸਿੱਖਿਆ ਬੋਰਡ ਦੇ ਸਕੱਤਰ ਨੂੰ ਦਿੱਤੇ ਕਾਨੂੰਨੀ ਨੋਟਿਸ ਵਿੱਚ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਲਿਖਤੀ ਰੂਪ ਵਿੱਚ ਛੇਤੀ ਤੋਂ ਛੇਤੀ ਸਪੱਸ਼ਟੀਕਰਨ ਦਿੱਤਾ ਜਾਵੇ ਤਾਂ ਜੋ ਉਹ ਇਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕਰ ਸਕਣ।