Nabaz-e-punjab.com

ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧੀ ਤਿਆਰੀਆਂ ਜ਼ੋਰਾਂ ’ਤੇ, ਸਕੂਲਾਂ ਦਾ ਸਰਵੇ ਜਾਰੀ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ ਪਹਿਲੇ ਪ੍ਰੀਖਿਆ ਕੇਂਦਰਾਂ ਦੀ ਸਟੇਟਸ ਰਿਪੋਰਟ ਮੰਗੀ

ਫਿਜ਼ੀਕਲ ਦੂਰੀ ਦੇ ਨਿਯਮਾਂ ਤਹਿਤ ਵਿਦਿਆਰਥੀਆਂ ਦੇ ਬੈਠਣ ਲਈ ਯੋਗ ਪ੍ਰਬੰਧ ਕਰਨ ਦੀ ਹਦਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਪੰਜਾਬ ਵਿੱਚ ਬਾਰ੍ਹਵੀਂ ਸ਼੍ਰੇਣੀ ਅਤੇ ਦਸਵੀਂ (ਕੇਵਲ ਓਪਨ ਸਕੂਲ) ਦੀ ਨਵੇਂ ਸਿਰਿਓਂ ਸਾਲਾਨਾ ਪ੍ਰੀਖਿਆ ਲੈਣ ਸਬੰਧੀ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਪੁਰਾਣੇ ਪ੍ਰੀਖਿਆ ਕੇਂਦਰਾਂ ਅਤੇ ਸਕੂਲਾਂ ਦਾ ਸਰਵੇ ਜਾਰੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹਾਲ ਹੀ ਵਿੱਚ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ ਲੌਕਡਾਊਨ ਤੋਂ ਪਹਿਲਾਂ ਹੋਈਆਂ ਪ੍ਰੀਖਿਆਵਾਂ ਸਬੰਧੀ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਅਤੇ ਸਕੂਲਾਂ ਵਿਚਲੇ ਪ੍ਰਬੰਧਾਂ ਬਾਰੇ ਸਟੇਟਸ ਰਿਪੋਰਟ ਮੰਗੀ ਗਈ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਦਸਵੀਂ (ਕੇਵਲ ਓਪਨ ਸਕੂਲ) ਅਤੇ ਬਾਰ੍ਹਵੀਂ ਸ਼੍ਰੇਣੀ ਦੀ ਮਾਰਚ 2020 ਵਿੱਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ, ਜੋ ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਕਰਫਿਊ ਲੱਗਣ ਕਾਰਨ ਐਨ ਮੌਕੇ 20 ਮਾਰਚ ਨੂੰ ਮੁਲਤਵੀ ਕੀਤੀਆਂ ਗਈਆਂ ਸਨ, ਬਾਕੀ ਰਹਿੰਦੇ ਸਬੰਧਤ ਵਿਸ਼ਿਆਂ ਦੀਆਂ ਨਵੇਂ ਸਿਰਿਓਂ ਪ੍ਰੀਖਿਆਵਾਂ ਲਈਆਂ ਜਾਣੀਆਂ ਹਨ। ਇਸ ਸਬੰਧੀ ਸਾਰੇ ਸਕੂਲਾਂ ਅਤੇ ਪੁਰਾਣੇ ਪ੍ਰੀਖਿਆ ਕੇਂਦਰਾਂ ਦੀਆਂ ਸੂਚੀਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਸਿੱਖਿਆ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਨਵੇਂ ਪੱਤਰ ਨਾਲ ਹਰੇਕ ਪ੍ਰੀਖਿਆ ਕੇਂਦਰ ਵਿੱਚ ਵੱਖ-ਵੱਖ ਤਰੀਕਾਂ ਨੂੰ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਦੇ ਵੇਰਵੇ ਵੀ ਭੇਜੇ ਜਾ ਰਹੇ ਹਨ। ਲਿਹਾਜ਼ਾ ਕਰੋਨਾ ਮਹਾਮਾਰੀ ਦੇ ਚੱਲਦਿਆਂ ਫਿਜ਼ੀਕਲ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਪ੍ਰੀਖਿਆਰਥੀਆਂ ਦੇ ਪ੍ਰੀਖਿਆ ਕੇਂਦਰ\ਹਾਲ ਵਿੱਚ ਬੈਠਣ ਦੀ ਯੋਗ ਵਿਵਸਥਾ ਕੀਤੀ ਜਾਵੇ।
ਨਵੀਆਂ ਹਦਾਇਤਾਂ ਅਨੁਸਾਰ ਇਕ ਪ੍ਰੀਖਿਆ ਕੇਂਦਰ\ਹਾਲ ਵਿੱਚ ਸਿਰਫ਼ 30 ਵਿਦਿਆਰਥੀ ਹੀ ਬਿਠਾਏ ਜਾ ਸਕਦੇ ਹਨ। ਇਸ ਸਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਕਰੋਨਾ ਸਬੰਧੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ 2-2 ਗਜ ਦੀ ਦੂਰੀ ’ਤੇ ਬਿਠਾਉਣਾ ਅਤਿ ਲਾਜ਼ਮੀ ਹੈ। ਇਸ ਸਮੇਂ ਵਿਦਿਆਰਥੀਆਂ ਨੂੰ ਛੁੱਟੀਆਂ ਕੀਤੀਆਂ ਹੋਣ ਕਾਰਨ ਸਾਰੇ ਸਕੂਲ ਬੰਦ ਹਨ। ਇੰਟਰਨਲ ਕਲਾਸਾਂ ਲਈ ਵਰਤੇ ਜਾਂਦੇ ਕਮਰੇ ਵੀ ਪ੍ਰੀਖਿਆ ਕਰਵਾਉਣ ਲਈ ਵਰਤੇ ਜਾ ਸਕਦੇ ਹਨ। ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਉਹ ਆਪਣੀ ਨਿਗਰਾਨੀ ਹੇਠ ਸਕੂਲਾਂ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕਰਕੇ ਵਿਦਿਆਰਥੀਆਂ ਦੇ ਬੈਠਣ ਅਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਭੇਜੀ ਜਾਵੇ। ਬੋਰਡ ਅਧਿਕਾਰੀ ਨੇ ਦੱਸਿਆ ਕਿ ਸਰਵੇ ਰਿਪੋਰਟਾਂ ਮਿਲਣ ਤੋਂ ਬਾਅਦ ਪ੍ਰੀਖਿਆਵਾਂ ਸਬੰਧੀ ਨਵੇਂ ਸਿਰਿਓਂ ਸ਼ਡਿਊਲ ਜਾਰੀ ਕੀਤਾ ਜਾਵੇਗਾ।

Load More Related Articles

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…