ਸਿੱਖਿਆ ਬੋਰਡ: ਡੇਲੀਵੇਜ ਕਰਮਚਾਰੀਆਂ ਦਾ ਧਰਨਾ ਜਾਰੀ, ਮੀਂਹ ਦੇ ਬਾਵਜੂਦ ਅੌਰਤਾਂ ਨੇ ਕੀਤੀ ਸ਼ਮੂਲੀਅਤ

ਸੋਮਵਾਰ ਨੂੰ ਸਾਲਾਨਾ ਸਮਾਗਮ ਦੇ ਮੱਦੇਨਜ਼ਰ ਨਾਅਰਿਆਂ ਦੀ ਥਾਂ ਹੋਵੇਗਾ ਸ਼ਬਦ ਕੀਰਤਨ

ਨਬਜ਼-ਏ-ਪੰਜਾਬ, ਮੁਹਾਲੀ, 4 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਖ਼ਿਲਾਫ਼ ਲੜੀਵਾਰ ਧਰਨਾ ਐਤਵਾਰ ਨੂੰ ਚੌਥੇ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਤੇਜ਼ ਬਾਰਸ਼ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਨੇ ਬੋਰਡ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਪ੍ਰੈਸ ਸਕੱਤਰ ਤੇਜਿੰਦਰ ਸਿੰਘ, ਰਾਜਪਾਲ ਕੌਰ ਅਤੇ ਨਰਿੰਦਰ ਕੌਰ ਨੇ ਕਿਹਾ ਕਿ ਡੇਲੀਵੇਜ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਰੈਗੂਲਰ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਅਤੇ ਸ਼ਰ੍ਹੇਆਮ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਕੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਬੋਰਡ ਮੈਨੇਜਮੈਂਟ ਨਾਲ ਬੀਤੀ 18 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਡੇਲੀਵੇਜ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਬਾਰੇ ਬਣੀ ਸਹਿਮਤੀ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਡੇਲੀਵੇਜ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਅਤੇ ਬਾਕੀ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸ਼ਾਂਤਮਈ ਧਰਨਾ ਜਾਰੀ ਰਹੇਗਾ।
ਜਥੇਬੰਦੀ ਦੇ ਪ੍ਰਧਾਨ ਤੇ ਹੋਰ ਆਗੂਆਂ ਨੇ ਦੱਸਿਆ ਕਿ ਭਲਕੇ ਸੋਮਵਾਰ ਨੂੰ ਬੋਰਡ ਦਫ਼ਤਰ ਵਿੱਚ ਸਾਲਾਨਾ ਧਾਰਮਿਕ ਸਮਾਗਮ ਨੂੰ ਦੇਖਦੇ ਹੋਏ ਧਰਨੇ ਦੌਰਾਨ ਸਪੀਕਰ ਰਾਹੀਂ ਨਾਅਰੇਬਾਜ਼ੀ ਨਹੀਂ ਕੀਤੀ ਜਾਵੇਗੀ, ਬਲਕਿ ਸਾਰਾ ਦਿਨ ਸ਼ਬਦ ਕੀਰਤਨ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਰਡ\ਕਾਰਪੋਰੇਸ਼ਨ ਮਹਾਸੰਘ ਅਤੇ ਸੀਟੂ ਵੱਲੋਂ ਡੇਲੀਵੇਜ ਕਰਮਚਾਰੀਆਂ ਦੇ ਹੱਕ ਵਿੱਚ 9 ਫਰਵਰੀ ਨੂੰ ਸਿੱਖਿਆ ਬੋਰਡ ਦੇ ਬਾਹਰ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਕਾਰਕੁਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…