
ਸਿੱਖਿਆ ਬੋਰਡ ਵੱਲੋਂ ਬਾਇਓਲਾਜੀ ਵਿਸ਼ੇ ਦੀ ਪ੍ਰੀਖਿਆ ਸਬੰਧੀ ਸ਼ਡਿਊਲ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਤੌਰ ਵਾਧੂ ਵਿਸ਼ਾ ਬਾਇਓਲਾਜੀ ਦੀ ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸ ਭਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ ਮਹਿਰੋਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਪ੍ਰੀਖਿਆਰਥੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਸਿਰਫ਼ ਬਾਇਓਲਾਜੀ ਵਿਸ਼ੇ ਦੀ ਪ੍ਰੀਖਿਆ ਵਾਧੂ ਵਿਸ਼ੇ ਵਜੋਂ ਦੇਣੀ ਚਾਹੁੰਦਾ ਹੈ ਤਾਂ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਏ ਪ੍ਰੀਖਿਆ ਫਾਰਮ ਆਨਲਾਈਨ ਭਰਨ ਉਪਰੰਤ 16 ਅਕਤੂਬਰ ਤੱਕ ਇੱਥੋਂ ਦੇ ਫੇਜ਼-8 ਸਥਿਤ ਸਕੂਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਥਿਤ ਸਿੰਗਲ-ਵਿੰਡੋ ਤੇ ਜਮ੍ਹਾਂ ਕਰਵਾ ਸਕਦਾ ਹੈ। ਇਸ ਪ੍ਰੀਖਿਆ ਲਈ 3000 ਰੁਪਏ ਪ੍ਰੀਖਿਆ ਫ਼ੀਸ ਨਿਰਧਾਰਿਤ ਕੀਤੀ ਗਈ ਹੈ।
ਕੰਟਰੋਲਰ (ਪ੍ਰੀਖਿਆਵਾਂ) ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਬਾਇਓਲਾਜੀ ਵਿਸ਼ੇ ਦੀ ਲਿਖਤੀ ਪਰੀਖਿਆ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਸਵਾ 1 ਵਜੇ ਤੱਕ ਅਤੇ ਪ੍ਰਯੋਗੀ ਪ੍ਰੀਖਿਆ ਉਸੇ ਦਿਨ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈ ਜਾਵੇਗੀ। ਇਸ ਸਬੰਧੀ ਦਾ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਪ੍ਰੀਖਿਆ ਕੇਂਦਰ ਸਥਾਪਿਤ ਕੀਤਾ ਗਿਆ ਹੈ। ਬਾਇਓਲਾਜੀ ਵਿਸ਼ੇ ਦੀ ਇਸ ਪ੍ਰੀਖਿਆ ਸਬੰਧੀ ਮੁਕੰਮਲ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਉਪਲਬਧ ਕਰਵਾਈ ਗਈ ਹੈ।