
ਕਿਸਾਨਾਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਅੱਗੇ ਆਉਣ ਵਾਲੀਬੁੱਡ ਅਦਾਕਾਰ ਤੇ ਗਾਇਕ: ਐਮੀ ਵਿਰਕ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਐਤਵਾਰ ਨੂੰ 84ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਸੈਕਟਰ-76 ਤੋਂ 80 ਵੈਲਫੇਅਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਸੈਕਟਰ ਵਾਸੀਆਂ ਦਾ ਇਕ ਜਥਾ ਭੁੱਖ-ਹੜਤਾਲ ’ਤੇ ਬੈਠਾ।
ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਵੀ ਸੋਹਾਣਾ ਧਰਨੇ ਵਿੱਚ ਪਹੁੰਚ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀ ਉਸ ਦੇ ਖ਼ਿਲਾਫ਼ ਪੁਰਾਣੀ ਮੂਵੀ ਨੂੰ ਲੈ ਕੇ ਗਲਤ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੂਵੀ 2019 ’ਚ ਬਣੀ ਸੀ। ਉਦੋਂ ਇਹ ਹਾਲਾਤ ਨਹੀਂ ਸਨ। ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਵਿਰਕ ਨੇ ਵਾਲੀਬੁੱਡ ਦੇ ਬਾਕੀ ਸਾਰੇ ਅਦਾਕਾਰਾਂ ਅਤੇ ਗਾਇਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਅੱਗੇ ਆਉਣ ਤਾਂ ਜੋ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਨ ਲਈ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ।
ਉਨ੍ਹਾਂ ਨੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲੇ ਅੰਨਦਾਤਾ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ, ਬਲਕਿ ਖੇਤੀ ਕਾਨੂੰਨਾਂ ਦਾ ਸਾਰੇ ਵਰਗਾਂ ’ਤੇ ਮਾੜਾ ਤੇ ਮਾਰੂ ਅਸਰ ਪਵੇਗਾ। ਲਿਹਾਜ਼ਾ ਦੇਸ਼ ਦੇ ਹਰ ਨਾਗਰਿਕ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨ ਮੋਰਚੇ ਵਿੱਚ ਅੌਰਤਾਂ ਅਤੇ ਨੌਜਵਾਨਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਕਿਸਾਨ ਆਗੂ ਪਰਵਿੰਦਰ ਸਿੰਘ ਸੋਹਾਣਾ, ਪ੍ਰੋ. ਮਨਜੀਤ ਸਿੰਘ, ਮਿੰਦਰ ਸਿੰਘ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ, ਯੂਥ ਆਗੂ ਅਮਨ ਪੂਨੀਆ ਪਹਿਲਵਾਨ, ਮੇਜਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਗਾਇਕ ਐਮੀ ਵਿਰਕ ਨੂੰ ਸਿਰੋਪਾਓ ਅਤੇ ਸ਼ਾਨਦਾਰ ਲੋਈ ਦੇ ਕੇ ਸਨਮਾਨਿਤ ਕੀਤਾ।