nabaz-e-punjab.com

ਅੰਮ੍ਰਿਤਸਰ ਵਿੱਚ ਨਿਰੰਕਾਰੀ ਭਵਨ ’ਤੇ ਬੰਬ ਧਮਾਕਾ ਮੰਦਭਾਗੀ ਘਟਨਾ: ਸੰਤ ਸਮਾਜ

ਨਿਰੰਕਾਰੀ ਬੰਬ ਧਮਾਕੇ ’ਤੇ ਹੋਰ ਰਹੀ ਹੈ ਗੰਧਲੀ ਰਾਜਨੀਤੀ, ਪੰਜਾਬ ਵਾਸੀਆਂ ਮਾਹੌਲ ਖ਼ਰਾਬ ਕਰਨ ਵਾਲਿਆਂ ਤੋਂ ਸੁਚੇਤ ਰਹਿਣ

ਗੁਰਪੁਰਬ ਮਨਾਉਣ ਲਈ ਸਿੱਖ ਸੰਗਤਾਂ 25 ਨਵੰਬਰ ਨੂੰ ਵਹੀਰਾ ਘੱਤ ਕੇ ਬਰਗਾੜੀ ਪਹੁੰਚਣ: ਸੰਤ ਸਮਾਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰਖੇੜਾ, ਬਾਬਾ ਹਰੀ ਸਿੰਘ ਰੰਧਾਵਾ ਵਾਲੇ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਨੇ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ 25 ਨਵੰਬਰ ਨੂੰ ਬਰਗਾੜੀ ਵਿੱਚ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸਮਾਗਮਾਂ ਵਿੱਚ ਵੱਧ ਚੜ੍ਹ ਸ਼ਮੂਲੀਅਤ ਕਰਨ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਉਪਦੇਸ਼ ’ਤੇ ਗੰਭੀਰਤਾ ਨਾਲ ਮੰਥਨ ਕੀਤਾ ਜਾ ਸਕੇ। ਆਗੂਆਂ ਨੇ ਕਿਹਾ ਕਿ ਬਰਗਾੜੀ ਇਨਸਾਫ਼ ਮੋਰਚਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਨੌਜਵਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕਰਵਾਉਣ ਲਈ ਅਮਨ ਸ਼ਾਂਤੀ ਨਾਲ ਰੋਸ ਪ੍ਰਗਟਾਇਆ ਜਾ ਰਿਹਾ ਹੈ। ਸੰਤ ਸਮਾਜ ਅਤੇ ਇਨਸਾਫ਼ ਮੋਰਚਾ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ, ਹਿੰਦੂ, ਸਿੱਖ, ਮੁਸਲਮਾਨ ਏਕਤਾ ਦਾ ਮੁੱਦਈ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਮੰਗਣਾ ਸਿੱਖਾਂ ਦਾ ਮੌਲਿਕ ਅਧਿਕਾਰ ਹੈ।
ਬੀਤੇ ਦਿਨੀਂ ਅੰਮ੍ਰਿਤਸਰ ਨਿਰੰਕਾਰੀ ਭਵਨ ਵਿੱਚ ਹੋਏ ਬੰਬ ਧਮਾਕੇ ਨੂੰ ਮੰਦਭਾਗੀ ਘਟਨਾ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਪੰਜਾਬ ਦੇ ਸੁਖਾਵੇਂ ਹਾਲਾਤਾਂ ਨੂੰ ਵਿਗਾੜ ਕੇ ਮੁੜ ਕਾਲੇ ਦੌਰ ਵੱਲ ਧੱਕਣ ਅਤੇ ਸਿੱਖ ਨੌਜਵਾਨੀ ਦਾ ਘਾਣ ਕਰਨ ਦੀ ਤਾਕ ਵਿੱਚ ਹਨ। ਇਸ ਸਬੰਧੀ ਸਮੁੱਚੀ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ।
ਸੰਤ ਸਮਾਜ ਨੇ ਕਿਹਾ ਕਿ ਇਹ ਠੀਕ ਹੈ ਕਿ ਨਿਰੰਕਾਰੀ ਸਮਾਜ ਨਾਲ ਸਿੱਖ ਪੰਥ ਦਾ ਕਿਸੇ ਸਮੇਂ ਧਾਰਮਿਕ ਮਾਮਲੇ ’ਤੇ ਟਕਰਾਅ ਪੈਦਾ ਹੋਇਆ ਸੀ ਪ੍ਰੰਤੂ ਅਜੋਕੇ ਸਮੇਂ ਅਜਿਹੀ ਕੋਈ ਤਣਾਅ ਪੂਰਨ ਗੱਲ ਨਹੀਂ ਹੈ ਅਤੇ ਸੰਤ ਸਮਾਜ ਮਨੱੁਖਤਾ ਦੇ ਘਾਣ ਦਾ ਸਖ਼ਤ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸੰਘਰਸ਼ ਤੋਂ ਬਾਅਦ ਹੁਣ ਪੰਜਾਬ ਪੁਰਅਮਨ ਵੱਸ ਰਿਹਾ ਹੈ। ਨਿਰੰਕਾਰੀ ਬੰਬ ਕਾਂਡ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਸਿੱਖਾਂ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਆਪਣੀ ਖੁਸੀ ਹੋਈ ਸਿਆਸੀ ਜ਼ਮੀਨ ਨੂੰ ਤਰਾਸ਼ਣਾ ਚਾਹੁੰਦੇ ਹਨ। ਜਿਸ ਦੀ ਸਮੁੱਚਾ ਸੰਤ ਸਮਾਜ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਭਾਈ ਅਮਭੋਲ ਸਿੰਘ ਦੀਵਾਨਾ ਨੇ ਕਿਹਾ ਕਿ ਹਾਲਾਂਕਿ ਸਰਕਾਰ ਵੱਲੋਂ ਕਿਸੇ ਕਿਸਮ ਦਾ ਬਿਆਨ ਜਾਰੀ ਨਹੀਂ ਹੋਇਆ ਹੈ, ਪ੍ਰੰਤੂ ਪਹਿਲਾਂ ਹੀ ਕੁਝ ਸਿਆਸੀ ਆਗੂਆਂ ਨੇ ਸਿੱਖ ਪ੍ਰਚਾਰਕਾਂ ਅਤੇ ਆਗੂਆਂ ’ਤੇ ਗੰਭੀਰ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਜੋ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਜਿਸ ਨਾਲ ਸਮੁੱਚੇ ਵਿਸਵ ਵਿੱਚ ਬੈਠੇ ਸਿੱਖਾਂ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ ਹੈ। ਸਿੱਖ ਕੌਮ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਸੰਤ ਸਮਾਜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਨਿਰੰਕਾਰੀ ਬੰਬ ਧਮਾਕਾ ਅਤੇ ਮੌੜ ਮੰਡੀ ਬੰਬ ਧਮਾਕੇ ਦਾ ਸੱਚ ਸਾਹਮਣੇ ਲਿਆਂਦਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…