
ਵਿਵਾਦਿਤ ਕਿਤਾਬ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਵਿਸ਼ਾਲ ਮਹਾਂ ਰੈਲੀ ਕਰਨ ਦਾ ਐਲਾਨ
ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨਾ 16ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਵਾਦਿਤ ਇਤਿਹਾਸ ਦੀ ਕਿਤਾਬ ਪੜਾਉਣ ਦਾ ਮਾਮਲਾ ਠੱਲ੍ਹਣ ਦਾ ਨਾਮ ਨਹੀਂ ਲੈ ਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਸਮੇਤ ਸਿੱਖ ਜਥੇਬੰਦੀਆਂ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦੇ ਕਾਰਕੁਨਾਂ ਵੱਲੋਂ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 16ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕਰਦਿਆਂ 28 ਫਰਵਰੀ ਨੂੰ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ। ਅੱਜ ਧਰਨੇ ਵਿੱਚ ਉੱਘੇ ਸਮਾਜ ਸੇਵਕ ਡਾ. ਪਿਆਰੇ ਲਾਲ ਗਰਗ ਨੇ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਆਪਣੇ ਵਿਚਾਰ ਇਤਿਹਾਸਕ ਗੁਰਬਾਣੀ ਤੱਥਾਂ ਸਮੇਤ ਪ੍ਰਗਟ ਕੀਤੇ।
ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਵਿਵਾਦਿਤ ਕਿਤਾਬ ਸਬੰਧੀ ਸਕੂਲ ਬੋਰਡ, ਪੰਜਾਬ ਸਰਕਾਰ ਅਤੇ ਮੁਹਾਲੀ ਪੁਲੀਸ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਹੁਣ ਤੱਕ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਕਤ ਕਿਤਾਬ ਵਿੱਚ ਗੁਰੂ ਸਾਹਿਬਾਨਾਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਹ ਕਿਤਾਬ ਧੜੱਲੇ ਨਾਲ ਮਾਰਕੀਟ ਵਿੱਚ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਲੇਖਕ ਅਤੇ ਪਬਲਿਸ਼ਰ ਵਿਰੁੱਧ ਅਪਰਾਧਿਕ ਪਰਚਾ ਦਰਜ ਕਰਨ ਦੀ ਬਜਾਏ ਖਾਨਾਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਤਿਹਾਸ ਦੀ ਇਸ ਵਿਵਾਦਿਤ ਕਿਤਾਬ ’ਚੋਂ ਇਤਰਾਜ਼ਯੋਗ ਤੱਥ ਹਟਾਏ ਜਾਣ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਢੁੱਕਵੀਆਂ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਐਲਾਨ ਕੀਤਾ ਕਿ ਸਿੱਖ ਜਥੇਬੰਦੀਆਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ 28 ਫਰਵਰੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਵਿਸ਼ਾਲ ਮਹਾਂ ਰੈਲੀ ਕੀਤੀ ਜਾਵੇਗੀ। ਸੁਖਮਿੰਦਰ ਸਿੰਘ, ਰਾਜਵੰਤ ਕੌਰ, ਮਨਦੀਪ ਕੌਰ ਪੰਨੂ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਜਗਪ੍ਰੀਤ ਸਿੰਘ ਲੋਕ ਅਧਿਕਾਰ ਲਹਿਰ ਨੇ ਵੀ ਆਪਣੇ ਸਾਥੀਆ ਸਮੇਤ ਸੰਘਰਸ਼ ਵਿੱਚ ਕੱੁਦਣ ਦਾ ਅਲਾਨ ਕੀਤਾ।

ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬੈਨੀਪਾਲ, ਬਲਬੀਰ ਸਿੰਘ, ਦਰਸ਼ਨ ਸਿੰਘ, ਸੇਵਾ ਸਿੰਘ, ਸੁਖਦੇਵ ਸਿੰਘ ਗੋਗੀ ਝੱਲੀਆਂ ਕਲਾ, ਕਸ਼ਮੀਰ ਸਿੰਘ ਮਾਜਰਾ, ਹਰਮਿੰਦਰ ਸਿੰਘ, ਰੇਸ਼ਮ ਸਿੰਘ ਕਾਹਲੋਂ ਪ੍ਰਧਾਨ ਨਰੇਗਾ ਵਰਕਰ ਫਰੰਟ, ਮਨਜੀਤ ਸਿੰਘ ਮੁਹਾਲੀ ਪ੍ਰਧਾਨ ਆਲ ਇੰਡੀਆ ਤ੍ਰਿਮੂਲ ਕਾਂਗਰਸ, ਦਵਿੰਦਰ ਸਿੰਘ, ਜੋਗਿੰਦਰ ਸਿੰਘ, ਸ਼ਿੰਦਰਪਾਲ ਸਿੰਘ ਮੁਹਾਲੀ ਤੋਂ ਨਸੀਬ ਸਿੰਘ ਸਾਗਣਾ ਜ਼ਿਲ੍ਹਾ ਪ੍ਰਧਾਨ ਲੋਕ ਇਨਸਾਫ਼ ਵੈਲਫੇਅਰ ਸੁਸਾਇਟੀ ਅੰਮ੍ਰਿਤਸਰ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਕੌਰ, ਯਾਦਵਿੰਦਰ ਸਿੰਘ ਮੁਹਾਲੀ, ਗਗਨ ਚੌਧਰੀ ਮੱਧ ਪ੍ਰਦੇਸ਼ ਨੇ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਗੁਰੂ ਨਾਨਕ ਲੇਵਾ ਸਿੱਖ, ਹਿੰਦੂ, ਮੁਸਲਿਮ ਭਾਈਚਾਰੇ ਨੂੰ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।