nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਖੁੱਲ੍ਹੇ ਬੋਰਵੈੱਲ ਤੁਰੰਤ ਬੰਦ ਕਰਵਾਏ ਜਾਣ: ਡੀਸੀ

ਸਿੱਖ ਸੰਸਥਾਵਾਂ ਵੱਲੋਂ ਫਤਿਹਵੀਰ ਸਿੰਘ ਦੀ ਸਲਾਮਤੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵੰਤਪੁਰਾ ਵਿੱਚ 120 ਫੁੱਟ ਡੂੰਘੇ ਬੋਰਵੈੱਲ ਵਿੱਚ ਢਾਈ ਸਾਲਾਂ ਦੇ ਮਾਸੂਮ ਫਤਿਹਵੀਰ ਸਿੰਘ ਦੀ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸੋਮਵਾਰ ਸ਼ਾਮ ਨੂੰ ਇਕ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਸਮੁੱਚੇ ਜ਼ਿਲ੍ਹੇ ਵਿੱਚ ਕੋਈ ਵੀ ਖੁੱਲ੍ਹਾ ਬੋਰਵੈੱਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜਗ੍ਹਾ ਕੋਈ ਖੁੱਲ੍ਹਾ ਬੋਰਵੈੱਲ ਮੌਜੂਦ ਹੈ ਤਾਂ ਉਸ ਨੂੰ ਤੁਰੰਤ ਭਰਿਆ ਜਾਵੇ ਅਤੇ ਇਸ ਸਬੰਧੀ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕੋਈ ਵੀ ਬੋਰਵੈੱਲ ਖੁੱਲ੍ਹਾ ਨਾ ਹੋਣ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ 24 ਘੰਟਿਆਂ ਦੇ ਅੰਦਰ ਅੰਦਰ ਵਿੱਚ ਰਿਪੋਰਟ ਦਿੱਤੀ ਜਾਵੇ।
ਸ੍ਰੀ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਖਰੜ, ਮੁਹਾਲੀ, ਡੇਰਾਬੱਸੀ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਨੂੰ ਸਖ਼ਤੀ ਨਾਲ ਆਖਿਆ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਕੋਈ ਖੁੱਲ੍ਹਾ ਬੋਰਵੈੱਲ ਬਾਰੇ ਇਤਲਾਹ ਦਿੱਤੀ ਹੈ ਅਤੇ ਉਸ ਨੂੰ ਭਰਿਆ ਨਹੀਂ ਗਿਆ ਹੈ ਤਾਂ ਉਸ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਨ ਨੰਬਰ 0172-2219503 ’ਤੇ ਸੂਚਨਾ ਦਿੱਤੀ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕੀ ਜਾ ਸਕੇ।
ਉਧਰ, ਕਲਗੀਧਰ ਸੇਵਕ ਜਥਾ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਅਤੇ ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਤੇ ਸਾਥੀਆਂ ਨੇ ਪਿੰਡ ਭਗਵੰਤਪੁਰਾ (ਸੰਗਰੂਰ) ਵਿੱਚ ਖੁੱਲ੍ਹੇ ਬੋਰਵੈੱਲ ਵਿੱਚ ਡਿੱਗੇ ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਸਲਾਮਤੀ ਲਈ ਵਾਹਿਗੁਰੂ ਦੇ ਚਰਨਾਂ ਦੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਹਾਦਸੇ ਦੇ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਮੁੱਖ ਮੰਤਰੀ ਨੇ ਮੌਕੇ ਦਾ ਜਾਇਜ਼ਾ ਲੈਣ ਦੀ ਕੋਸ਼ਿਸ਼ ਨਹੀਂ ਕੀਤੀ ਸਗੋਂ ਗਰਮੀ ਤੋਂ ਬਚਨ ਲਈ ਪਹਾੜਾਂ ਵਿੱਚ ਜਾ ਬੈਠੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਰਕਾਰਾਂ ਵੱਲੋਂ ਡਿਜ਼ੀਟਲ ਇੰਡੀਆ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਪ੍ਰੰਤੂ ਕੇਂਦਰ ਅਤੇ ਸੂਬਾ ਸਰਕਾਰ ਕੋਲ ਅਤਿ ਆਧੁਨਿਕ ਤਕਨੀਕਾਂ ਅਤੇ ਮਸ਼ੀਨਰੀ ਦੀ ਵੱਡੀ ਘਾਟ ਹੈ। ਜਿਸ ਕਾਰਨ ਪਿਛਲੇ ਪੰਜ ਦਿਨਾਂ ਤੋਂ ਸਰਕਾਰ ਇਕ ਮਾਸੂਮ ਬੱਚੇ ਨੂੰ ਬੋਰਵੈੱਲ ਦੇ ਖੱਡੇ ’ਚੋਂ ਬਾਹਰ ਨਹੀਂ ਕੱਢ ਸਕੀ ਹੈ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…