Nabaz-e-punjab.com

ਲੋਕ ਸਭਾ ਚੋਣਾਂ: ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ ਲੜਕੀਆਂ ਵਿੱਚ ਭਾਰੀ ਉਤਸ਼ਾਹ

ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਨਵੀਂ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ ਲੜਕੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਨ੍ਹਾਂ ਨੌਜਵਾਨਾਂ ਨੇ ਆਪਣੇ ਘਰਾਂ ਨੇੜਲੇ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਬੜੇ ਚਾਵਾਂ ਨਾਲ ਆਪਣੀ ਵੋਟ ਪਾਈ। ਪਹਿਲੀ ਵਾਰ ਵੋਟ ਪਾਉਣ ’ਤੇ ਇਨ੍ਹਾਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ।
ਮੁਹਾਲੀ ਵਿੱਚ ਭੂਮਿਕਾ ਕਥੂਰੀਆ, ਰਕਸ਼ਾ ਪ੍ਰਕਾਸ਼, ਦੀਪਾਲੀ ਕੈਂਥ, ਅਨਾਮੀਆ ਸ਼ਰਮਾ, ਗਿਤੀਕਾ ਸ਼ਰਮਾ, ਐਸ਼ਵਰੀਆ ਅਗਰਵਾਲ ਅਤੇ ਅਰਸ਼ੀਆ ਪੁਰੀਆ ਨੇ ਪਹਿਲੀ ਵਾਰ ਆਪਣੀ ਵੋਟ ਪਾਈ। ਉਨ੍ਹਾਂ ਦੱਸਿਆ ਕਿ ਵੋਟ ਪਾ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਇਸ ਤੋਂ ਪਹਿਲਾਂ ਉਹ ਆਪਣੇ ਮਾਪਿਆਂ ਨਾਲ ਪੋਲਿੰਗ ਬੂਥਾਂ ’ਤੇ ਆਉਂਦੀਆਂ ਤਾਂ ਜ਼ਰੂਰ ਸਨ ਪ੍ਰੰਤੂ 18 ਸਾਲ ਤੋਂ ਘੱਟ ਉਮਰ ਹੋਣ ਕੇ ਉਨ੍ਹਾਂ ਦੀਆਂ ਵੋਟਾਂ ਨਹੀਂ ਬਣੀਆਂ ਸਨ। ਲੇਕਿਨ ਐਤਕੀਂ ਪਹਿਲੀ ਵਾਰ ਭਾਰਤ ਵਿੱਚ ਲੋਕਤੰਤਰ ਦੀ ਬਹਾਲੀ ਅਤੇ ਸਵੱਛ ਪ੍ਰਸ਼ਾਸਨ ਦੇਣ ਵਾਲੀ ਸਰਕਾਰ ਚੁਣੇ ਜਾਣ ਲਈ ਉਨ੍ਹਾਂ ਨੇ ਆਪਣੀ ਵੋਟ ਪਾਈ ਹੈ। ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਵੀ ਅਹਿਸਾਸ ਹੋਇਆ ਹੈ।
ਉਧਰ, ਪਹਿਲੀ ਵਾਰ ਵੋਟ ਪਾਉਣ ਵਾਲੇ ਅਮਨਦੀਪ ਸਿੰਘ, ਅਮਰਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਾਨ ਅਤੇ ਉਸ ਦੇ ਭਰਾ ਨੇ ਕਿਹਾ ਕਿ ਸਰਕਾਰ ਜਿਹੜੀ ਵੀ ਮਰਜ਼ੀ ਪਾਰਟੀ ਦੀ ਬਣੇ ਪ੍ਰੰਤੂ ਨਵੀਂ ਸਰਕਾਰ ਵੱਲੋਂ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਦੇਸ਼ ’ਚੋਂ ਬੇਰੁਜ਼ਗਾਰ ਨੂੰ ਠੱਲ੍ਹ ਪੈ ਸਕੇ। ਇਨ੍ਹਾਂ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਲੇਕਿਨ ਪਿਛਲੇ ਦੋ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਉਪਰਾਲਾ ਨਹੀਂ ਕੀਤਾ ਅਤੇ ਨਹੀਂ ਉਨ੍ਹਾਂ ਨੂੰ ਹੁਣ ਤੱਕ ਬੇਰੁਜ਼ਗਾਰੀ ਭੱਤਾ ਹੀ ਮਿਲਿਆ ਹੈ ਅਤੇ ਨਾ ਹੀ ਸਮਾਰਟ ਫੋਨ ਵੀ ਮਿਲੇ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪ੍ਰਾਈਵੇਟ ਕਾਲਜ ਜਾਂ ਯੂਨੀਵਰਸਿਟੀ ਖੋਲ੍ਹਣ ਦੀ ਇਜ਼ਾਜਤ ਦੇਣ ਤੋਂ ਪਹਿਲਾਂ ਪ੍ਰਬੰਧਕਾਂ ਕੋਲੋਂ ਲਿਖਤੀ ਰੂਪ ਵਿੱਚ ਐਗਰੀਮੈਂਟ ਕੀਤਾ ਜਾਵੇ, ਡਿਗਰੀ ਹਾਸਲ ਕਰਨ ਤੋਂ ਬਾਅਦ ਸਬੰਧਤ ਨੌਜਵਾਨ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…