ਵਾਅਦਾਖ਼ਿਲਾਫ਼ੀ: ਸਿੱਖਿਆ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਰੈਲੀ ਕੀਤੀ। ਬੁਲਾਰਿਆਂ ਨੇ ਹੁਕਮਰਾਨਾਂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ‘ਆਪ’ ਸਰਕਾਰ ਨੂੰ ਰੱਜ ਕੇ ਕੋਸਿਆ। ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ। ਜਿਸ ਵਿੱਚ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਬੋਰਡ ਮੈਨੇਜਮੈਂਟ ਵੱਲੋਂ ਨੋਟੀਫ਼ਿਕੇਸ਼ਨ ਨੂੰ ਅਡਾਪਟ ਕਰਦੇ ਹੋਏ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਪ੍ਰੋਫਾਰਮੇ ਵੀ ਭਰਵਾਏ ਗਏ ਸੀ।
ਕੱਚੇ ਕਰਮਚਾਰੀ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਤਕਾਲੀ ਚੇਅਰਮੈਨ ਯੋਗ ਰਾਜ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਪ੍ਰੰਤੂ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਉਕਤ ਕਮੇਟੀ ਅਜੇ ਤੱਕ ਕਿਸੇ ਨਤੀਜੇ ’ਤੇ ਨਹੀਂ ਪੁੱਜੀ। ਜਿਸ ਕਾਰਨ ਕੱਚੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੀੜਤ 525 ਕੱਚੇ ਮੁਲਾਜ਼ਮਾਂ ’ਚੋਂ ਜ਼ਿਆਦਾਤਰ ਮੁਲਾਜ਼ਮ ਓਵਰਏਜ ਹੁੰਦੇ ਜਾ ਰਹੇ ਹਨ। ਹਾਲਾਂਕਿ ਇਸ ਸਬੰਧੀ ਸਿੱਖਿਆ ਮੰਤਰੀ ਅਤੇ ਬੋਰਡ ਮੈਨੇਜਮੈਂਟ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਹੁਣ ਤੱਕ ਕਿਸੇ ਨੇ ਕੱਚੇ ਮੁਲਾਜ਼ਮਾਂ ਦੀ ਬਾਂਹ ਨਹੀਂ ਫੜੀ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੱਚੇ ਮੁਲਾਜ਼ਮਾਂ ਨੂੰ ਜਲਦੀ ਰੈਗੂਲਰ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਬੋਰਡ ਦੀਆਂ ਸਾਲਾਨਾ ਪ੍ਰੀਖਿਆ ਦੌਰਾਨ ਗੁਪਤ ਐਕਸ਼ਨ ਕੀਤੇ ਜਾਣਗੇ। ਪੈਦਾ ਹੋਏ ਹਾਲਾਤਾਂ ਲਈ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਹੋਵੇਗੀ।
ਇਸ ਮੌਕੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਸਿੱਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਪੰਜਾਬ ਬੋਰਡ ਕਾਰਪੋਰੇਸ਼ਨ ਮਹਾਸੰਘ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਬਲਵੰਤ ਸਿੰਘ, ਰਾਕੇਸ਼ ਰਾਣਾ, ਰੈਗੂਲਰ ਕਰਮਚਾਰੀ ਜਥੇਬੰਦੀ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਰਮਨਦੀਪ ਕੌਰ ਗਿੱਲ, ਰਾਜਪਾਲ ਕੌਰ, ਸੁਨੀਲ ਮਾਰਕੰਡਾ, ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …