ਵਾਅਦਾਖ਼ਿਲਾਫ਼ੀ: ਕੱਚੇ ਅਧਿਆਪਕਾਂ ਵੱਲੋਂ ਕਾਲੇ ਝੰਡੇ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ

ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 12ਵੇਂ ਦਿਨ ’ਚ ਦਾਖ਼ਲ, ਸਿੱਖਿਆ ਭਵਨ ਦੀ ਛੱਤ ’ਤੇ ਵੀ ਡਟੇ ਹੋਏ ਨੇ ਕੱਚੇ ਅਧਿਆਪਕ

ਈਟੀਟੀ, ਬੀਐੱਡ ਫਰੰਟ, ਤੇ ਨਹਿਰੀ ਪਟਵਾਰ ਯੂਨੀਅਨ ਵੱਲੋਂ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਐਤਵਾਰ ਨੂੰ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।
ਉਧਰ, ਕੱਚੇ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਸ਼ਹਿਰ ਦੀਆਂ ਸੜਕਾਂ ’ਤੇ ਕਾਲੇ ਝੰਡੇ ਲੈ ਕੇ ਪੈਦਲ ਰੋਸ ਮਾਰਚ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਰੋਸ ਮਾਰਚ ਦੀ ਅਗਵਾਈ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ ਅਤੇ ਗਗਨਦੀਪ ਕੌਰ ਅਬੋਹਰ ਨੇ ਕੀਤੀ। ਉਨ੍ਹਾਂ ਕਿਹਾ ਕਿ ਉਹ ਪਿਛਲੇ 18-20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ ਆ ਰਹੇ ਹਨ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਦਾਖ਼ਲਾ ਦਰ ਵਿੱਚ ਰਿਕਾਰਡ ਵਾਧਾ ਵੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਪ੍ਰੰਤੂ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇਗੀ ਪ੍ਰੰਤੂ ਹੁਣ ਮੁੱਖ ਮੰਤਰੀ ਆਪਣੇ ਵਾਅਦੇ ਤੋਂ ਮੁਨਕਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।

ਇਸੇ ਦੌਰਾਨ ਈਟਟੀ (ਜ਼ਿਲ੍ਹਾ ਪ੍ਰੀਸ਼ਦ) ਤੋਂ ਪਰਮਜੀਤ ਸਿੰਘ ਮਾਨ, ਬੀ ਐੱਡ ਫਰੰਟ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ, ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ, ਜਨਰਲ ਸਕੱਤਰ ਜਗਤਾਰ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਜੁਝਾਰ ਸਿੰਘ, ਨਵਦੀਪ ਬਰਾੜ, ਗੁਰਦੀਪ ਸਿੰਘ, ਧੀਰਜ ਕੁਮਾਰ, ਰਾਜਾ ਅੌਲਖ, ਬੱਬੂ ਫਰੀਦਕੋਟ, ਬਲਜੀਤ ਕੌਰ, ਗੁਰਪ੍ਰੀਤ ਕੌਰ, ਜਸਵੀਰ ਸਿੰਘ ਲੁਧਿਆਣਾ, ਬਲਜਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…