Teacher Protest

ਵਾਅਦਾਖ਼ਿਲਾਫ਼ੀ: ਇਨਸਾਫ਼ ਲਈ ਮੁੜ ਸਿੱਖਿਆ ਭਵਨ ਦੀ ਛੱਤ ’ਤੇ ਚੜ੍ਹੀਆਂ ਅੌਰਤਾਂ

ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ, ਧਰਨਾ ਪ੍ਰਦਰਸ਼ਨ 174ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਸਮੇਤ ਹੋਰਨਾਂ ਆਗੂਆਂ ਦੀ ਸਾਂਝੀ ਅਗਵਾਈ ਹੇਠ ਇਨਸਾਫ਼ ਪ੍ਰਾਪਤੀ ਲਈ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਹੈ। ਜਦੋਂਕਿ ਲੜੀਵਾਰ ਧਰਨਾ 174ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਅਧਿਆਪਕਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਨਿੱਤ ਦਿਨ ਗੁਪਤ ਐਕਸ਼ਨ ਕੀਤੇ ਜਾ ਰਹੇ ਹਨ।
ਉਧਰ, ਇਨਸਾਫ਼ ਪ੍ਰਾਪਤੀ ਲਈ ਅੱਜ ਪੁਲੀਸ ਨੂੰ ਝਕਾਨੀ ਦੇ ਕੇ ਜਥੇਬੰਦੀ ਦੀ ਸੂਬਾ ਕਨਵੀਨਰ ਹਰਪ੍ਰੀਤ ਕੌਰ ਜਲੰਧਰ ਅਤੇ ਕੰਵਲਜੀਤ ਕੌਰ ਬਠਿੰਡਾ ਸਿੱਖਿਆ ਭਵਨ ਦੀ ਛੇਵੀਂ ਮੰਜ਼ਲ ’ਤੇ ਚੜ ਗਈਆਂ ਅਤੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ ਦੇ ਕੇ ਸਿੱਖਿਆ ਭਵਨ ਦੀ ਛੱਤ ’ਤੇ ਚੜ੍ਹੇ 5 ਅਧਿਆਪਕਾਂ ਨੂੰ ਥੱਲੇ ਲਾਹ ਲਿਆ ਸੀ ਲੇਕਿਨ ਹੁਣ ਤੱਕ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਕੱਚੇ ਅਧਿਆਪਕਾਂ ਨੂੰ ਪੱਕਾ ਨਹੀਂ ਕੀਤਾ। ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਛੱਤ ’ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ ਹੈ ਅਤੇ ਐਤਕੀਂ ਅੌਰਤਾਂ ਨੇ ਮੋਰਚਾ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨ ਲੈਂਦੀ, ਉਹ ਥੱਲੇ ਨਹੀਂ ਆਉਣਗੇ।
ਉਧਰ, ਸਿੱਖਿਆ ਭਵਨ ਦੇ ਮੁੱਖ ਗੇਟ ’ਤੇ ਧਰਨਾ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਪੱਕੇ ਹੋਣ ਦਾ ਸਰਕਾਰੀ ਪੱਤਰ ਆਪਣੇ ਹੱਥਾਂ ਵਿੱਚ ਲੈ ਕੇ ਹੀ ਵਾਪਸ ਘਰਾਂ ਨੂੰ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਮਸਲਾ ਛੇਤੀ ਹੱਲ ਕਰਨ ਦੀ ਗੱਲ ਕਰਦੇ ਹਨ ਪ੍ਰੰਤੂ ਸਰਕਾਰ ਦੀ ਨੀਤੀਆਂ ਅਤੇ ਨੀਅਤ ਵਿੱਚ ਖੋਟ ਕਾਰਨ ਉਨ੍ਹਾਂ ਦਾ ਮਸਲਾ ਲਮਕਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਰੋਜ਼ਾਨਾ ਝੂਠ ਬੋਲ ਕੇ ਡੰਗ ਟਪਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…