nabaz-e-punjab.com

ਰਿਸ਼ਵਤਖ਼ੋਰੀ ਦਾ ਮਾਮਲਾ: ਚੌਂਕੀ ਇੰਚਾਰਜ ਦੇ ਪ੍ਰਾਈਵੇਟ ਕੰਪਿਊਟਰ ਅਪਰੇਟਰ ਨੂੰ ਜੇਲ੍ਹ ਭੇਜਿਆ

ਚੌਂਕੀ ਇੰਚਾਰਜ ਏਐਸਆਈ ਕੇਵਲ ਸਿੰਘ ਹਾਲੇ ਵੀ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੰਨੀ ਇਨਕਲੇਵ ਪੁਲੀਸ ਚੌਂਕੀ ’ਚੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀਂ ਗ੍ਰਿਫ਼ਤਾਰ ਚੌਂਕੀ ਇੰਚਾਰਜ ਦੇ ਪ੍ਰਾਈਵੇਟ ਕੰਪਿਊਟਰ ਅਪਰੇਟਰ ਸਰਬਜੀਤ ਸਿੰਘ ਉਰਫ਼ ਲੱਕੀ ਨੂੰ ਪਹਿਲਾਂ ਦਿੱਤਾ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਅੱਜ ਅਦਾਲਤ ਵਿੱਚ ਪੇਸ਼ ਹੋਏ ਵਿਜੀਲੈਂਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਤੇਜਪਾਲ ਸਿੰਘ ਅਤੇ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੰਪਿਊਟਰ ਅਪਰੇਟਰ ਨੂੰ ਪਿਛਲੇ ਵੀਰਵਾਰ ਨੂੰ ਪੁਲੀਸ ਚੌਂਕੀ ’ਚੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂਕਿ ਚੌਂਕੀ ਇੰਚਾਰਜ ਏਐਸਆਈ ਕੇਵਲ ਸਿੰਘ ਨੂੰ ਵਿਜੀਲੈਂਸ ਦੀ ਭਿਣਕ ਪੈਣ ’ਤੇ ਉਹ ਮੌਕੇ ਤੋਂ ਫਰਾਰ ਹੋ ਗਿਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਨਰੇਸ਼ ਕੁਮਾਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਚੌਂਕੀ ਇੰਚਾਰਜ ਏਐਸਆਈ ਕੇਵਲ ਸਿੰਘ ਅਤੇ ਕੰਪਿਊਟਰ ਅਪਰੇਟਰ ਸਰਬਜੀਤ ਸਿੰਘ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਰਾਰ ਚੌਂਕੀ ਇੰਚਾਰਜ ਕੇਵਲ ਸਿੰਘ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਅਨੁਸਾਰ ਪੀੜਤ ਕੋਲੋਂ ਰਿਸ਼ਵਤ ਦੇ ਪੈਸੇ ਚੌਂਕੀ ਇੰਚਾਰਜ ਨੇ ਹੀ ਮੰਗੇ ਸਨ, ਪ੍ਰੰਤੂ ਛਾਪੇਮਾਰੀ ਦੌਰਾਨ ਵਿਜੀਲੈਂਸ ਵੱਲੋਂ ਕੰਪਿਊਟਰ ਅਪਰੇਟਰ ਸਰਬਜੀਤ ਸਿੰਘ ਕੋਲੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ।
ਮੁਲਜ਼ਮ ਸਰਬਜੀਤ ਸਿੰਘ ਨੂੰ ਚੌਂਕੀ ਇੰਚਾਰਜ ਵੱਲੋਂ ਆਪਣੇ ਪੱਧਰ ’ਤੇ ਪੁਲੀਸ ਚੌਂਕੀ ਵਿੱਚ ਕੰਪਿਊਟਰ ਅਪਰੇਟਰ ਰੱਖਿਆ ਹੋਇਆ ਸੀ। ਵਿਜੀਲੈਂਸ ਅਨੁਸਾਰ ਸ਼ਿਕਾਇਤ ਕਰਤਾ ਦੀ ਮਾਤਾ ਵੱਲੋਂ ਖਰੜ ਵਿੱਚ ਧਾਰਾ 420 ਦੇ ਤਹਿਤ ਕੁਝ ਬੰਦਿਆਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਦੀ ਜਾਂਚ ਚੌਂਕੀ ਇੰਚਾਰਜ ਕੇਵਲ ਸਿੰਘ ਵੱਲੋਂ ਕੀਤੀ ਜਾ ਰਹੀ ਸੀ ਪ੍ਰੰਤੂ ਉਹ ਮੁਲਜ਼ਮਾਂ ਦੇ ਖ਼ਿਲਾਫ਼ ਚਲਾਨ ਪੇਸ਼ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਸੀ ਅਤੇ ਚੌਂਕੀ ਇੰਚਾਰਜ ਨੇ ਮੁਲਜ਼ਮ ਖ਼ਿਲਾਫ਼ ਚਲਾਨ ਜਲਦੀ ਪੇਸ਼ ਕਰਨ ਬਦਲੇ ਸ਼ਿਕਾਇਤ ਕਰਤਾ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਗਈ ਸੀ। ਜਿਸ ਕਾਰਨ ਪੀੜਤ ਪਰਿਵਾਰ ਨੇ ਦੁਖੀ ਹੋ ਕੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਚੌਂਕੀ ਇੰਚਾਰਜ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…