
ਰਿਸ਼ਵਤਖ਼ੋਰੀ ਮਾਮਲਾ: ਮੁਹਾਲੀ ਅਦਾਲਤ ਨੇ ਵਣ ਗਾਰਡ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
ਸ਼ਿਕਾਇਤਕਰਤਾ ਨੂੰ ਪਿੰਡ ਮਿਰਜ਼ਾਪੁਰ ਵਿੱਚ ਖੈਰ ਦੇ ਦਰਖਤ ਕੱਟਣ ਤੇ ਵੇਚਣ ਲਈ ਜਾਰੀ ਕੀਤਾ ਗਿਆ ਸੀ ਪਰਮਿਟ
ਮੁਲਜ਼ਮਾਂ ਨੇ ਸ਼ਿਕਾਇਤਕਰਤਾ ਕੋਲੋਂ ਪ੍ਰਤੀ ਦਰਖਤ 2 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਕੀਤੀ ਸੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਓਮੈਕਸ ਟਾਵਰ ਪਾਰਕਿੰਗ ਏਰੀਆ ’ਚੋਂ ਗ੍ਰਿਫ਼ਤਾਰ ਜੰਗਲਾਤ ਵਿਭਾਗ ਦੇ ਵਣ ਗਾਰਡ ਰਣਜੀਤ ਖਾਨ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਹ ਮੁਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਮਾਜਰੀ ਵਿਖੇ ਤਾਇਨਾਤ ਸੀ। ਬੀਤੇ ਦਿਨੀਂ ਵਿਜੀਲੈਂਸ ਦੇ ਸੀਨੀਅਰ ਇੰਸਪੈਕਟਰ ਇੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਸ ਨੂੰ ਆਪਣੇ ਸੀਨੀਅਰ ਬਲਾਕ ਅਫ਼ਸਰ ਬਲਦੇਵ ਸਿੰਘ ਦੀ ਤਰਫ਼ੋਂ ਸਾਢੇ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਅਦਾਲਤ ਵਿੱਚ ਪੁਲੀਸ ਰਿਮਾਂਡ ਸਬੰਧੀ ਦਾਇਰ ਅਰਜ਼ੀ ਵਿੱਚ ਕਿਹਾ ਕਿ ਮੁਲਜ਼ਮਾਂ ਕੋਲੋਂ ਪਤਾ ਕਰਨਾ ਹੈ ਕਿ ਰਿਸ਼ਵਤਖ਼ੋਰੀ ਦੇ ਇਸ ਗੋਰਖਧੰਦੇ ਵਿੱਚ ਹੋਰ ਕੌਣ ਕੌਣ ਅਧਿਕਾਰੀ ਸ਼ਾਮਲ ਹਨ ਅਤੇ ਰਿਸ਼ਵਤ ਦੀ ਇਹ ਰਾਸ਼ੀ ਕਿੰਨੇ ਅਫ਼ਸਰਾਂ ਅਤੇ ਕਰਮਚਾਰੀਆਂ ਵਿੱਚ ਵੰਡੀ ਜਾਣੀ ਸੀ। ਇਹ ਵੀ ਪਤਾ ਲਗਾਉਣਾ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਹੋਰ ਕਿੰਨੇ ਲੋਕਾਂ ਤੋਂ ਰਿਸ਼ਵਤ ਵਸੂਲੀ ਕੀਤੀ ਹੈ ਅਤੇ ਉਸ ਦੀ ਕਾਰ ’ਚੋਂ ਬਰਾਮਦ ਲੱਖਾਂ ਰੁਪਏ ਕਿੱਥੋਂ ਆਏ ਸੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਜੇਕਰ ਵਣ ਵਿਭਾਗ ਦੇ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦੀ ਸ਼ੱਕੀ ਭੂਮਿਕਾ ਸਾਹਮਣੇ ਆਈ ਤਾਂ ਉਨ੍ਹਾਂ ਨੂੰ ਵੀ ਪੱੁਛਗਿੱਛ ਲਈ ਵਿਜੀਲੈਂਸ ਥਾਣੇ ਵਿੱਚ ਤਲਬ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਰਜ਼ਾਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਬਲਦੇਵ ਸਿੰਘ ਨੇ ਸ਼ਿਕਾਇਤਕਰਤਾ ਭੁਪਾਲ ਕੁਮਾਰ ਵਾਸੀ ਖਰੜ ਤੋਂ ਲੱਕੜ ਨੂੰ ਸਰਕਾਰੀ ਕੁਹਾੜੇ ਨਾਲ ਨਿਸ਼ਾਨ ਲਗਾਉਣ ਲਈ 5,50,000 ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਸ਼ਿਕਾਇਤਕਰਤਾ ਕੋਲੋਂ ਬੀਤੀ 28 ਮਾਰਚ ਨੂੰ 5 ਲੱਖ ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਲਏ ਸਨ। ਹੁਣ ਰਿਸ਼ਵਤ ਦੀ ਮੰਗ ਬਿਨਾਂ ਨਿਸ਼ਾਨ ਵਾਲੇ ਕੁਝ ਦਰਖਤ ਕੱਟਣ ਅਤੇ ਖੁੱਲ੍ਹੇ ਬਾਜ਼ਾਰ ਵਿੱਚ ਲੱਕੜ ਦੀ ਢੋਆ-ਢੁਆਈ ਲਈ ਘੱਟ ਜੁਰਮਾਨਾ ਲਗਾਉਣ ਲਈ ਕੀਤੀ ਗਈ ਸੀ।
ਜੰਗਲਾਤ ਵਿਭਾਗ ਵੱਲੋਂ ਮਾਜਰੀ ਬਲਾਕ ਦੇ ਪਿੰਡ ਮਿਰਜ਼ਾਪੁਰ ਵਿੱਚ ਸ਼ਿਕਾਇਤਕਰਤਾ ਨੂੰ ਖੈਰ ਦੇ ਦਰਖਤ ਕੱਟਣ ਅਤੇ ਵੇਚਣ ਲਈ ਬਾਕਾਇਦਾ ਪਰਮਿਟ ਜਾਰੀ ਕੀਤਾ ਗਿਆ ਸੀ ਅਤੇ ਉਸ ਕੋਲ 31 ਮਾਰਚ ਤੱਕ ਸਾਈਟ ਤੋਂ ਦਰਖਤ ਹਟਾਉਣ ਦੀ ਆਗਿਆ ਹੈ। ਹੁਣ ਉਸ ਨੂੰ ਲੱਕੜ ਲਿਜਾਉਣ ਤੋਂ ਇਸ ਕਰਕੇ ਰੋਕ ਦਿੱਤਾ ਗਿਆ ਕਿ ਉਸ ਖ਼ਿਲਾਫ਼ ਬਿਨਾਂ ਨਿਸ਼ਾਨ ਵਾਲੇ ਗਲਤ ਦਰਖਤਾਂ ਨੂੰ ਕੱਟਣ ਵਿੱਚ ਬੇਨਿਯਮੀਆਂ ਸਬੰਧੀ ਸ਼ਿਕਾਇਤ ਹੈ। ਵਿਜੀਲੈਂਸ ਅਨੁਸਾਰ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 2 ਹਜ਼ਾਰ ਰੁਪਏ ਪ੍ਰਤੀ ਰੁੱਖ ਦੀ ਮੰਗ ਕੀਤੀ ਸੀ। ਜਦੋਂਕਿ ਪਹਿਲਾਂ ਹੀ ਉਸ ਕੋਲੋਂ 5 ਲੱਖ ਰੁਪਏ ਵਸੂਲੇ ਜਾ ਚੁੱਕੇ ਸਨ ਪਰ ਹੁਣ ਲੱਕੜ ਦੀ ਢੋਆ-ਢੋਆਈ, ਜੁਰਮਾਨਾ 3,54,000 ਰੁਪਏ ਤੋਂ ਘਟਾ ਕੇ 2,50,000 ਕਰਨ ਅਤੇ ਸ਼ਿਕਾਇਤਕਰਤਾ ਦੇ ਸਾਥੀ ਦੇ ਨਾਮ ’ਤੇ ਜੁਰਮਾਨਾ ਰਿਪੋਰਟ ਜਾਰੀ ਕਰਨ ਬਦਲੇ ਰਿਸ਼ਵਤ ਦੀ ਬਾਕੀ ਰਾਸ਼ੀ 3,20,000 ਰੁਪਏ ਦੀ ਮੰਗ ਕਰ ਰਹੇ ਸਨ।