
ਬੱਬੀ ਬਾਦਲ ਨੇ ਅਕਾਲੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ
ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਪੋਲ ਖੋਲਣ ਲਈ ਭੰਡੀ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇੱਥੋਂ ਦੇ ਫੇਜ਼-11 ਵਿੱਚ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਦੀ ਲੇਟ ਲਤੀਫ਼ੀ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਪੂਰਾ ਕਰਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਘਰ ਘਰ ਰੁਜ਼ਗਾਰ ਸਕੀਮ ਤਹਿਤ ਹਰੇਕ ਘਰ ਵਿੱਚ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣਾ, ਨੌਜਵਾਨਾਂ ਨੂੰ ਲੈਪਟਾਪ ਅਤੇ ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਸਮੇਂ ਸਿਰ ਦੇਣ ਸਮੇਤ ਹੋਰ ਵਾਅਦੇ ਕੀਤੇ ਗਏ ਸਨ, ਪ੍ਰੰਤੂ ਸੱਤਾ ਪ੍ਰਾਪਤੀ ਤੋਂ ਬਾਅਦ ਕੈਪਟਨ ਸਰਕਾਰ ਨੇ ਇਨ੍ਹਾਂ ਚੋਣ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ।
ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਅਕਾਲੀ ਦਲ ਦੇ ਵਰਕਰਾਂ ਨੂੰ ਨਾਲ ਲੈ ਕੇ ਮੁਹਾਲੀ ਵਿੱਚ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਪਰਦਾਫਾਸ ਕਰਨ ਲਈ ਪਿੰਡ ਪੱਧਰ ’ਤੇ ਭੰਡੀ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ ਅਤੇ ਗਰਾਮ ਪੰਚਾਇਤ ਦੀਆਂ ਚੋਣਾਂ ਵਿੱਚ ਸੂਬਾ ਸਰਕਾਰ ਤੋਂ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਦੌਰਾਨ ਪੰਚਾਇਤੀ ਚੋਣਾਂ ਅਤੇ ਆਗਾਮੀ ਲੋਕ ਸਭਾ ਦੀਆਂ ਚੋਣਾਂ ਸਬੰਧੀ ਵਰਕਰਾਂ ਅਤੇ ਆਮ ਲੋਕਾਂ ਦੀ ਲਾਮਬੰਦ ਕੀਤੀ ਜਾਵੇਗੀ। ਇਸ ਮੌਕੇ ਜਸਵੀਰ ਸਿੰਘ ਸਰਪੰਚ, ਇਕਬਾਲ ਸਿੰਘ ਸਾਬਕਾ ਸਰਪੰਚ, ਯੂਥ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰਸ਼ੋਤਮ ਸ਼ਾਮਪੁਰ, ਰਛਪਾਲ ਸਿੰਘ ਸਾਬਕਾ ਸਰਪੰਚ, ਸੁਰਮੁੱਖ ਸਿੰਘ ਸਿਆਊ, ਕਮਲਜੀਤ ਸਿੰਘ ਪੱਤੋ, ਯੂਥ ਆਗੂ ਜਗਤਾਰ ਸਿੰਘ ਘੜੂੰਆਂ, ਗੁਰਦੇਵ ਸਿੰਘ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ ਜਗਤਪੁਰਾ ਸਮੇਤ ਹੋਰ ਵਰਕਰ ਹਾਜ਼ਰ ਸਨ।