
ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ ‘ਸਰਕਾਰ’
ਪਰਾਲੀ ਦੇ ਪ੍ਰਬੰਧ ਵਿੱਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਸਰਕਾਰ: ਕੁਲਜੀਤ ਬੇਦੀ
ਨਬਜ਼-ਏ-ਪੰਜਾਬ, ਮੁਹਾਲੀ, 8 ਨਵੰਬਰ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿੱਚ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ ਦੱਸਦਿਆਂ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨਾਂ ਦੀ ਗੱਲ ਆਉਂਦੀ ਹੈ ਤਾਂ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਸਰਕਾਰ ਬੇਵੱਸ ਨਜ਼ਰ ਆ ਰਹੀ ਹੈ। ਅੱਜ ਇੱਥੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਪ੍ਰਬੰਧ ਦੀਆਂ ਹਦਾਇਤਾਂ ਤੇ ਸੁਝਾਅ ਤਾਂ ਬਹੁਤ ਦਿੰਦੀ ਹੈ ਪਰ ਪਰਾਲੀ ਪ੍ਰਬੰਧ ਲਈ ਖਰਚੇ ਨੂੰ ਬਰਦਾਸ਼ਤ ਕਰਨ ਲਈ ਕੇਂਦਰ ਬਿਲਕੁਲ ਰਾਜ਼ੀ ਨਹੀਂ ਹੈ। ਜਿਸ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ।
ਡਿਪਟੀ ਮੇਅਰ ਨੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਗਰਦਾਨਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਕਰਨ ਭਾਜਪਾ ਨੂੰ ਖੇਤੀ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ, ਸਰਕਾਰ ਹੁਣ ਕਿਸਾਨਾਂ ਤੋਂ ਵੈਰ ਕੱਢ ਰਹੀ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਪੇਟ ਭਰਿਆ। ਅੱਜ ਜਦੋਂ ਕਿਸਾਨ ਨੂੰ ਰਾਹਤ ਦੀ ਲੋੜ ਹੈ ਤਾਂ ਸਮੇਂ ਦੀਆਂ ਸਰਕਾਰਾਂ ਨੇ ਪੱਲਾ ਝਾੜ ਲਿਆ ਹੈ। ਜਿਸ ਕਾਰਨ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਪ੍ਰੰਤੂ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕਰਕੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ।
ਬੇਦੀ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਵਿੱਚ ਵੱਡੀਆਂ ਸਨਅਤਾਂ ਵੱਲੋਂ ਫੈਲਾਏ ਜਾਂਦੇ ਪ੍ਰਦੂਸ਼ਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸਗੋਂ ਕਿਸਾਨਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੁਦ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਦੀ ਆਪ ਸਰਕਾਰ ਨੂੰ ਕਿਸਾਨਾਂ ਦਾ ਦਰਦ ਸਮਝਣਾ ਚਾਹੀਦਾ ਹੈ ਅਤੇ ਪਰਾਲੀ ਮਾਮਲੇ ਵਿੱਚ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।