nabaz-e-punjab.com

ਜ਼ਿਮਨੀ ਚੋਣ: ਆਂਗਨਵਾੜੀ ਬੀਬੀਆਂ ਵੱਲੋਂ ਵੱਖ ਵੱਖ ਹਲਕਿਆਂ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਆਂਗਨਵਾੜੀ ਬੀਬੀਆਂ ਨੇ ਲਾਇਆ ਪੰਜਾਬ ਸਰਕਾਰ ਤੇ ਵਾਅਦਾਖ਼ਿਲਾਫ਼ੀ ਦਾ ਦੋਸ਼, ਕੈਪਟਨ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਿਆ

12 ਅਕਤੂਬਰ ਨੂੰ ਮੁਕੇਰੀਆਂ, 13 ਨੂੰ ਫਗਵਾੜਾ, 16 ਨੂੰ ਦਾਖਾ ਤੇ 19 ਨੂੰ ਜਲਾਲਾਬਾਦ ਵਿੱਚ ਕੀਤਾ ਜਾਵੇਗਾ ਭੰਡੀ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਦੇ ਚਾਰ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਦਾਖਾ, ਮੁਕੇਰੀਆਂ, ਫਗਵਾੜਾ ਅਤੇ ਜਲਾਲਾਬਾਦ ਵਿੱਚ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਵਾਅਦਾਖ਼ਿਲਾਫ਼ੀ ਵਿਰੁੱਧ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਲਾਮਬੰਦ ਕੀਤੀ ਜਾ ਰਹੀ ਹੈ। ਫੈਸਲੇ ਮੁਤਾਬਕ 16 ਅਕਤੂਬਰ ਨੂੰ ਮੁੱਲਾਂਪੁਰ ਦਾਖਾ, 12 ਅਕਤੂਬਰ ਨੂੰ ਮੁਕੇਰੀਆਂ, 13 ਅਕਤੂਬਰ ਨੂੰ ਫਗਵਾੜਾ ਅਤੇ 19 ਨੂੰ ਜਲਾਲਾਬਾਦ ਵਿੱਚ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਇਸ ਦੌਰਾਨ ਉਕਤ ਹਲਕਿਆਂ ਵਿੱਚ ਸੂਬਾ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾਵੇਗਾ।
ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਹੁਕਮਰਾਨਾਂ ਖ਼ਿਲਾਫ਼ ਵਿੱਢੇ ਜਾਣ ਵਾਲੇ ਤਾਜ਼ਾ ਸੰਘਰਸ਼ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਯੂਨੀਅਨ ਆਗੂਆਂ ਦੀਆਂ ਕਮੇਟੀਆਂ ਬਣਾ ਕੇ ਰੋਸ ਪ੍ਰਦਰਸ਼ਨਾਂ ਨੂੰ ਕਾਮਯਾਬ ਬਣਾਉਣ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੈਲੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਨਵਾੜੀ ਵਰਕਰ ਤੇ ਹੈਲਪਰ ਸਬੰਧਤ ਹਲਕਿਆਂ ਵਿੱਚ ਗੱਜਣਗੇ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਕ੍ਰਮਵਾਰ 1500 ਤੇ 750 ਰੁਪਏ ਦਾ ਵਾਧਾ ਕੀਤਾ ਗਿਆ ਸੀ ਪ੍ਰੰਤੂ ਰਾਜ ਸਰਕਾਰ ਨੇ 1500 ਦੀ ਥਾਂ 900 ਅਤੇ 750 ਦੀ ਥਾਂ 450 ਰੁਪਏ ਹੀ ਦਿੱਤੇ ਹਨ ਅਤੇ ਬਾਕੀ ਪੈਸੇ ਸਰਕਾਰ ਨੱਪੀ ਬੈਠੀ ਹੈ। ਉਨ੍ਹਾਂ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਹੁਕਮਰਾਨਾਂ ’ਤੇ ਆਪਣੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।
ਆਗੂਆਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਸਰਕਾਰ ਨੇ ਪੋਸ਼ਣ ਅਭਿਆਨ ਤਹਿਤ ਕੋਈ ਪੈਸਾ ਨਹੀਂ ਦਿੱਤਾ ਹੈ ਅਤੇ ਹੋਰ ਕਈ ਸਕੀਮਾਂ ਦੇ ਪੈਸੇ ਵੀ ਸਰਕਾਰ ਰਿਲੀਜ਼ ਨਹੀਂ ਕਰ ਰਹੀ ਹੈ। ਜਿਸ ਕਾਰਨ ਸੂਬੇ ਭਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਗੁੱਸੇ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਬੀਤੀ 1 ਜੁਲਾਈ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਵੱਖ-ਵੱਖ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ ਅਤੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੀ ਹਾਜ਼ਰ ਸਨ।
ਇਸ ਮੌਕੇ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਵੀਆਂ ਨੀਤੀਆਂ ਤੇ ਲੋੜੀਂਦਾ ਢਾਂਚਾ ਮੁਹੱਈਆ ਕਰਵਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ੍ਹਾਂ ਆਂਗਨਵਾੜੀ ਯੂਨੀਅਨ ਵੱਲੋਂ ਰੱਖੀਆਂ ਮੰਗਾਂ ਨੂੰ ਬੜੀ ਗ਼ੌਰ ਨਾਲ ਸੁਣਦਿਆਂ ਕਿਹਾ ਸੀ ਕਿ ਆਂਗਨਵਾੜੀ ਵਰਕਰਾਂ, ਹੈਲਪਰਾਂ ਦੇ ਨਾਲ ਨਾਲ ਕਰੈੱਚ ਵਰਕਰਾਂ ਦੀ ਤਨਖ਼ਾਹ ਸਮੇਂ ਸਿਰ ਨੇ ਨਿਯਮਤ ਢੰਗ ਨਾਲ ਅਦਾ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਾਖ਼ਲ ਹੋਏ 3-6 ਸਾਲ ਦੇ ਬੱਚਿਆਂ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਭੇਜਣ ਸਬੰਧੀ ਮੰਗ ਨੂੰ ਯਕੀਨੀ ਬਣਾਉਣ ਬਾਰੇ ਮੰਤਰੀ ਨੇ ਇਸ ਮੁੱਦੇ ਨੂੰ ਜਲਦੀ ਸਿੱਖਿਆ ਵਿਭਾਗ ਨਾਲ ਵਿਚਾਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…