nabaz-e-punjab.com

ਮੰਤਰੀ ਮੰਡਲ ਵੱਲੋਂ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਡੀਐਸਪੀ. ਨਿਯੁਕਤ ਕਰਨ ਲਈ ਹਰੀ ਝੰਡੀ

ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਬੱਚਿਆਂ ਲਈ ਸਰਕਾਰੀ ਨੌਕਰੀ ਨੂੰ ਪ੍ਰਵਾਨਗੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਅਗਸਤ:
ਪੰਜਾਬ ਮੰਤਰੀ ਮੰਡਲ ਨੇ ਨਾਮਵਰ ਕ੍ਰਿਕਟ ਖਿਡਾਰਨ ਅਤੇ ਅਰਜਨ ਐਵਾਰਡ ਜੇਤੂ ਹਰਮਨਪ੍ਰੀਤ ਕੌਰ ਨੂੰ ਪੁਲਿਸ ਵਿਭਾਗ ਵਿੱਚ ਡਿਪਟੀ ਸੁਪਰਡੰਟ ਆਫ ਪੁਲਿਸ (ਡੀ.ਐਸ.ਪੀ.) ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਹੀ ਮੰਤਰੀ ਮੰਡਲ ਨੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਦੋ ਬੱਚਿਆਂ ਨੂੰ ਸਰਕਾਰੀ ਨੌਕਰੀ ਦੇਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ ਜੋ ਕਿ ਇਸ ਸਾਲ ਮਈ ਮਹੀਨੇ ਵਿੱਚ ਅਸਲ ਕਬਜ਼ੇ ਵਾਲੀ ਰੇਖਾ ’ਤੇ ਘੁਸਪੈਠੀਆਂ ਨਾਲ ਲੜਦਾ ਹੋਇਆ ਸ਼ਹੀਦ ਹੋ ਗਿਆ ਸੀ। ਅੱਜ ਮੁੱਖ ਮੰਤਰੀ ਦਫਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਮੁੱਖ ਮੰਤਰੀ ਨੇ ਹਾਲ ਹੀ ਵਿੱਚ ਹੋਏ ਵਿਸ਼ਵ ਮਹਿਲਾ ਕ੍ਰਿਕਟ ਕੱਪ ਵਿੱਚ ਆਪਣੀ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਵਾਲੀ ਅੰਤਰ-ਰਾਸ਼ਟਰੀ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਦੀ ਅਸਾਮੀ ਪੇਸ਼ਕਸ਼ ਕੀਤੀ ਗਈ ਸੀ। ਹਰਮਨਪ੍ਰੀਤ ਕੌਰ ਨੇ ਇਸ ਪੇਸ਼ਕਸ਼ ਨੂੰ ਪ੍ਰਵਾਨ ਕਰ ਲਿਆ ਅਤੇ ਇਸ ਦੇ ਨਾਲ ਹੀ ਭਾਰਤੀ ਰੇਲਵੇ ਵਿੱਚ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਤਾਂ ਕਿ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਉਣ ਲਈ ਆਪਣੇ ਸੁਪਨੇ ਨੂੰ ਸਾਕਾਰ ਕਰ ਸਕੇ। ਹਰਮਨਪ੍ਰੀਤ ਦੀ ਨਿਯੁਕਤੀ ਸਿੱਧੀ ਭਰਤੀ ਦੀ ਅਸਾਮੀ ਦੇ ਵਿਰੁੱਧ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ਼ਹੀਦ ਨਾਇਬ ਸੂਬੇਦਾਰ ਦੀ ਵੱਡੀ ਪੁੱਤਰੀ ਸਿਮਰਨਦੀਪ ਕੌਰ ਨੂੰ ਨਾਇਬ ਤਹਿਸੀਲਦਾਰ ਅਤੇ ਪੁੱਤਰ ਸਾਹਿਲਦੀਪ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਏ.ਐਸ.ਆਈ. ਦੀ ਨੌਕਰੀ ਦੀ ਪੇਸ਼ਕਸ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਮਰ ਅਤੇ ਵਿਦਿਅਕ ਯੋਗਤਾ ਪੂਰੀ ਕਰ ਲੈਣ ਤੋਂ ਬਾਅਦ ਦੋਵੇਂ ਜਾਣੇ ਇਨ੍ਹਾਂ ਅਸਾਮੀਆਂ ਲਈ ਯੋਗ ਹੋ ਜਾਣਗੇ। ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਲੰਘੀ 7 ਮਈ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਆਪਣੀ ਫੇਰੀ ਦੌਰਾਨ ਦੁਖੀ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਦੋਵੇਂ ਬੱਚਿਆਂ ਨੂੰ ਇਹ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ।

Load More Related Articles
Load More By Nabaz-e-Punjab
Load More In Sports

Check Also

Archer Avneet Kaur wins Bronze Medal in World Cup

Archer Avneet Kaur wins Bronze Medal in World Cup Sports Minister Meet Hayer congratulates…