
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ
ਪਿੰਡਾਂ ’ਚ ਮੀਂਹ ਦਾ ਪਾਣੀ ਸਾਂਭਣ ਲਈ ਅੰਮ੍ਰਿਤ ਸਰੋਵਰ ਬਣਾਉਣ ਦੇ ਪ੍ਰਾਜੈਕਟ ਛੇਤੀ ਨੇਪਰੇ ਚਾੜ੍ਹਨ ਦੇ ਹੁਕਮ
ਸ਼ਹਿਰੀ ਤੇ ਪੇਂਡੂ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਅਨਮੋਲ ਗਗਨ ਮਾਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਪੰਜਾਬ ਦੇ ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੜ ਹਲਕੇ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪਿੰਡਾਂ ਵਿੱਚ ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਲਈ ਅੰਮ੍ਰਿਤ ਸਰੋਵਰ ਬਣਾਉਣ ਦੇ ਪ੍ਰਾਜੈਕਟ ਜਲਦੀ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਰੜ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਵਿਕਾਸ ਕੰਮਾਂ ’ਤੇ ਖ਼ਰਚ ਕੀਤਾ ਜਾਵੇ।
ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਖਰੜ ਸ਼ਹਿਰ ਦੀ ਕਾਇਆਕਲਪ ਕਰਨ ਲਈ ਵੱਡੇ ਪੱਧਰ ’ਤੇ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਖਰੜ, ਕੁਰਾਲੀ ਅਤੇ ਨਵਾਂ ਗਰਾਓਂ ਨਗਰ ਕੌਂਸਲਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਹੈਲਥ ਕੇਅਰ ਸੈਂਟਰ ਖਰੜ ਅਤੇ ਸੰਤੇ ਮਾਜਰਾ ਵਿੱਚ ਸਿਹਤ ਸਹੂਲਤਾਂ ਬਾਬਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਨਤਕ ਪਖਾਨੇ, ਸੜਕਾਂ ਦੇ ਕੰਮ, ਸਟਰੋਮ ਵਾਟਰ, ਸੀਵਰੇਜ ਸਬੰਧੀ ਮੁਰੰਮਤ ਕਾਰਜ ਤੈਅ ਸਮੇਂ ਵਿੱਚ ਮੁਕੰਮਲ ਕੀਤੇ ਜਾਣ।
ਅਨਮੋਲ ਗਗਨ ਮਾਨ ਨੇ ਵੱਖ-ਵੱਖ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵਾਟਰ ਵਰਕਸ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਵਰੇਜ ਪ੍ਰਾਜੈਕਟ ਜਲਦ ਪੂਰੇ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਮਰਪਨ ਭਾਵਨਾ ਅਤੇ ਮਿਸ਼ਨ ਵਾਂਗ ਕੰਮ ਕਰਨ ਤਾਂ ਜੋ ਲੋਕਾਂ ਦੀ ਜ਼ਿੰਦਗੀ ਵਿੱਚ ਤਬਦੀਲੀ ਆ ਸਕੇ। ਮੰਤਰੀ ਨੇ ਖਰੜ ਹਲਕੇ ਵਿੱਚ ਬਣਨ ਵਾਲੇ ਸਕੂਲ ਆਫ਼ ਐਮੀਨੈਂਸ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ (ਮੰਤਰੀ) ਵੱਲੋਂ ਜਾਰੀ ਨਿਰਦੇਸ਼ਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ ਅਤੇ ਮੁਹਾਲੀ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵਿੱਚ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏਡੀਸੀ (ਦਿਹਾਤੀ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐਸਡੀਐਮ ਰਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।