Nabaz-e-punjab.com

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ ਸਨੇਟਾ ਵਿੱਚ ਗਲੀਆਂ-ਨਾਲੀਆਂ ਦੇ ਕੰਮ ਦਾ ਉਦਘਾਟਨ

ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ਲਈ ਆਪਣੇ ਅਖ਼ਤਿਆਰੀ ਫੰਡ ’ਚੋਂ ਦਿੱਤਾ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਮੁਹਾਲੀ ਹਲਕੇ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖ-ਪਾਤ ਤੋਂ ਕਰਵਾਏ ਜਾ ਰਹੇ ਹਨ ਅਤੇ ਹਰ ਵਰਗ ਦੀਆਂ ਜ਼ਰੂਰਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਸਨੇਟਾ ਵਿੱਚ ਗਲੀਆਂ-ਨਾਲੀਆਂ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਕੀਤਾ। ਜ਼ਿਕਰਯੋਗ ਹੈ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਸ੍ਰੀ ਸਿੱਧੂ ਵੱਲੋਂ ਪਹਿਲਾਂ ਦਿੱਤੀ ਗਈ 11 ਲੱਖ ਰੁਪਏ ਦੀ ਗਰਾਂਟ ’ਚੋਂ ਉਕਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਕਰਵਾਏ ਸਮਾਗਮ ਨੂੰ ਸ੍ਰੀ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹਲੂਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅੱਜ ਪਿੰਡ ਦੀਆਂ ਗਲੀਆਂ-ਨਾਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਗਲੀਆਂ-ਨਾਲੀਆਂ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਵਿਕਾਸ ਲਈ ਸੰਜੀਦਗੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਮੌਜੂਦਾ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਆਪਣੇ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਜਿਥੇ ਨੌਜਵਾਨਾਂ ਨੂੰ ‘ਘਰ-ਘਰ ਰੁਜ਼ਗਾਰ ਮੁਹਿੰਮ’ ਤਹਿਤ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਉੱਥੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਆਪਣੇ ਅਖ਼ਤਿਆਰੀ ਫੰਡ ’ਚੋਂ ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਰਪੰਚ ਭਗਤ ਰਾਮ, ਅਹਿਲਕਾਰ, ਸਤਪਾਲ, ਬੰਤ ਸਿੰਘ, ਅੰਗਰੇਜ਼ ਸਿੰਘ, ਸਿੰਪੂ, ਸੁਰਿੰਦਰ ਕੌਰ, ਕ੍ਰਿਸ਼ਨਾ ਦੇਵੀ, ਜਰਨੈਲ ਕੌਰ (ਸਾਰੇ ਪੰਚ), ਚੌਧਰੀ ਰਿਸ਼ੀਪਾਲ, ਚੌਧਰੀ ਹਰਨੇਕ ਸਿੰਘ ਨੇਕੀ ਅਤੇ ਮੁਸਲਿਮ ਕਮੇਟੀ ਦੇ ਪ੍ਰਧਾਨ ਰੌਸ਼ਨ ਅਲੀ, ਸਕੱਤਰ ਸਰਦਾਰਾ ਖਾਨ, ਖਜ਼ਾਨਚੀ ਅਹਿਲਕਾਰ, ਸਾਬਕਾ ਪੰਚ ਕਾਕਾ ਖਾਨ, ਘੱਟ ਗਿਣਤੀ ਸੈੱਲ ਕਾਂਗਰਸ ਦੇ ਚੇਅਰਮੈਨ ਅਨਵਰ ਹੁਸੈਨ, ਹਬੀਬ ਖਾਨ, ਅਨਵਰ ਅਲੀ, ਵਜ਼ੀਰ ਖਾਨ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…