Nabaz-e-punjab.com

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਦੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ

ਮੁਹਾਲੀ ਨਗਰ ਨਿਗਮ ਭਵਨ ਵਿੱਚ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੇ ਆਦੇਸ਼

ਮੀਟਿੰਗ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ, ਪਾਣੀ ਦੀ ਕਿੱਲਤ, ਆਵਾਰਾ ਪਸ਼ੂਆਂ ਦੀ ਸਮੱਸਿਆ ’ਤੇ ਵੀ ਹੋਈ ਖੁੱਲ੍ਹ ਕੇ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਨਗਰ ਨਿਗਮ ਭਵਨ ਵਿੱਚ ਨਿਗਮ ਅਧਿਕਾਰੀਆਂ ਅਤੇ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਕੌਂਸਲਰਾਂ ਨਾਲ ਸਾਂਝੀ ਮੀਟਿੰਗ ਕਰ ਕੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਬੰਧਤ ਵਿਕਾਸ ਕੰਮ ਨਿਰਧਾਰਿਤ ਸਮੇਂ ਵਿੱਚ ਨੇਪਰੇ ਚਾੜ੍ਹੇ ਜਾਣ। ਇਸ ਸਬੰਧੀ ਠੇਕੇਦਾਰ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਆਖਿਆ ਕਿ ਜੇਕਰ ਸੁਪਰਵੀਜ਼ਨ ਦੌਰਾਨ ਕਿਸੇ ਕੰਮ ਵਿੱਚ ਗੜਬੜੀ ਪਾਈ ਗਈ ਜਾਂ ਕਿਸੇ ਕੰਮ ਵਿੱਚ ਊਣਤਾਈਆਂ ਸਾਹਮਣੇ ਆਈਆਂ ਤਾਂ ਕਿਸੇ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਸ੍ਰੀ ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਮੁਹਾਲੀ ਨੂੰ ਦੇਸ਼ ਭਰ ਵਿੱਚ ਸਨਅਤੀ ਕ੍ਰਾਂਤੀ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਪਾਰਕਾਂ ਦੇ ਸੁੰਦਰੀਕਰਨ ਦਾ ਕੰਮ ਇੰਡਸਟਰੀ ਐਸੋਸੀਏਸ਼ਨ ਨੂੰ ਸੌਂਪਿਆ ਜਾਵੇ। ਇਸ ਮੰਤਵ ਲਈ ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੂੰ ਦੋ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕੂੜਾ ਕਰਕਟ ਅਤੇ ਗੰਦਗੀ ਦੇ ਢੇਰਾਂ ਉੱਤੇ ਤੁਰੰਤ ਦਵਾਈ ਦਾ ਛਿੜਕਾਅ ਕਰਨ ਦੇ ਵੀ ਹੁਕਮ ਦਿੱਤੇ ਤਾਂ ਜੋ ਸ਼ਹਿਰ ਵਿੱਚ ਬਿਮਾਰੀਆਂ ਫੈਲਣ ਨੂੰ ਰੋਕਿਆ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਮੰਗ ਆਮ ਦਿਨਾਂ ਨਾਲੋਂ ਵਧੇਰੇ ਵਧ ਜਾਂਦੀ ਹੈ। ਲਿਹਾਜ਼ਾ ਪਾਣੀ ਦੀ ਕਿੱਲਤ ਦੂਰ ਕਰਨ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਟਿਊਬਵੈੱਲਾਂ ਉੱਤੇ ਪਾਣੀ ਦੀਆਂ ਮੋਟਰਾਂ ਸਮੇਤ ਹੋਰ ਲੋੜੀਂਦੀ ਮਸ਼ੀਨਰੀ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਇੰਡਸਟਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਨੁਰਾਗ ਅਗਰਵਾਲ ਅਤੇ ਹੋਰਨਾਂ ਨੁਮਾਇੰਦਿਆਂ ਨੇ ਸਨਅਤੀ ਏਰੀਆ ਫੇਜ਼-8 ਵਿਚਲੇ ਪਾਰਕਾਂ, ਸੜਕਾਂ ਤੇ ਕੂੜਾ ਡੰਪ ਦੀ ਮਾੜੀ ਹਾਲਤ ਸਮੇਤ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੀਆਂ ਮੰਗਾਂ ਰੱਖੀਆਂ ਅਤੇ ਸੀਵਰੇਜ ਸਿਸਟਮ ਦੀ ਸਫ਼ਾਈ, ਪਾਣੀ ਦੀ ਕਿੱਲਤ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਉੱਤੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ।
ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਪਾਣੀ ਦੀ ਗੰਭੀਰ ਸਮੱਸਿਆ ਬਣ ਗਈ ਹੈ। ਸ਼ਹਿਰ ਦੇ ਕਈ ਟਿਊਬਵੈੱਲਾਂ ਦੀਆਂ ਮੋਟਰਾਂ ਸੜ ਚੁੱਕੀਆਂ ਹਨ। ਮੰਤਰੀ ਨੇ ਮੌਕੇ ’ਤੇ ਹੀ ਕਮਿਸ਼ਨਰ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਆਖਿਆ। ਕੌਂਸਲਰਾਂ ਨੇ ਮੰਗ ਕੀਤੀ ਕਿ ਬਰਸਾਤ ਤੋਂ ਪਹਿਲਾਂ ਰੋਡ ਗਲੀਆਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਸ਼ਹਿਰ ਦੀ ਸਮੱਸਿਆ ਸਬੰਧੀ ਨਗਰ ਨਿਗਮ ਵੱਲੋਂ ਇਕ ਟੋਲ-ਫਰੀ ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀ ਸਮੱਸਿਆਵਾਂ ਬਾਰੇ ਜਾਣਕਾਰੀ ਦੇ ਸਕਣ।
ਮੀਟਿੰਗ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕਮਿਸ਼ਨਰ ਭੁਪਿੰਦਰਪਾਲ ਸਿੰਘ, ਸੰਯੁਕਤ ਕਮਿਸ਼ਨਰ ਸ੍ਰੀਮਤੀ ਕਨੂੰ ਥਿੰਦ, ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਕਾਰਜਕਾਰੀ ਚੇਅਰਮੈਨ ਅਨੁਰਾਗ ਅਗਰਵਾਲ, ਪ੍ਰਧਾਨ ਵੋਗੇਸ਼ ਸਾਗਰ, ਸਕੱਤਰ ਰਾਜੀਵ ਗੁਪਤਾ, ਮੀਤ ਪ੍ਰਧਾਨ ਆਈਐਸ ਛਾਬੜਾ, ਸੰਯੁਕਤ ਸਕੱਤਰ ਵਿਜੈ ਚਾਵਲਾ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਨਰਪਿੰਦਰ ਸਿੰਘ ਰੰਗੀ, ਅਮਰੀਕ ਸਿੰਘ ਸੋਮਲ, ਰਾਜਿੰਦਰ ਰਾਣਾ, ਜਸਵੀਰ ਸਿੰਘ ਮਣਕੂ, ਨਛੱਤਰ ਸਿੰਘ, ਰਾਜ ਰਾਣੀ (ਸਾਰੇ ਕੌਂਸਲਰ) ਅਤੇ ਕੇਐਨਐਸ ਸੋਢੀ, ਗੁਰਸਾਹਿਬ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…