ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਈ-ਪੋਰਟਲ ਕੀਤਾ ਲਾਂਚ

ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਸਿੱਖਿਆ ਦਾ ਯੋਗਦਾਨ ਅਹਿਮ: ਡਾ. ਬਲਜੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ। ਡਾ. ਬੀ. ਆਰ. ਅੰਬੇਡਕਰ ਭਵਨ ਮੁਹਾਲੀ ਵਿਖੇ ਐਸਸੀ ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ।
ਉਨ੍ਹਾਂ ਨੇ ਡਾ. ਬੀਆਰ ਅੰਬੇਡਕਰ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਵਿੱਚ ਸਿੱਖਿਆ ਇਕ ਅਹਿਮ ਸਾਧਨ ਹੈ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਕਿਫ਼ਾਇਤੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੀ ਸੰਵਿਧਾਨ ਦੇ ਨਿਰਮਾਤਾ ਨੂੰ ਅਸਲ ਸ਼ਰਧਾਂਜਲੀ ਹੈ। ਉਨ੍ਹਾਂ ਦੱਸਿਆ ਕਿ ਡਾ. ਬੀਆਰ ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਂਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੇ ਆਪਣੇ ਯਤਨਾਂ ਬਾਰੇ ਵੀ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਰਾਸ਼ੀ ਛੇਤੀ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।
ਡਾ. ਬਲਜੀਤ ਕੌਰ ਨੇ ਟਰੇਨਰਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਹਰੇਕ ਯੋਗ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਅੰਬੇਡਕਰ ਭਵਨ ਦੇ ਪ੍ਰਬੰਧਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਮੇਸ਼ ਗੈਂਟਾ ਨੇ ਸਿਖਲਾਈ ਪ੍ਰੋਗਰਾਮ ਦਾ ਦੌਰਾ ਕਰਨ ਲਈ ਮੰਤਰੀ ਦਾ ਧੰਨਵਾਦ ਕੀਤਾ ਅਤੇ ਟਰੇਨਰਾਂ ਨੂੰ ਭਵਿੱਖੀ ਕਾਰਵਾਈ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਡਾਇਰੈਕਟਰ ਸਬ ਪਲਾਨ ਰਾਜ ਬਹਾਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਸਿਖਲਾਈ ਤੋਂ ਪਹਿਲਾਂ ਸਬ-ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …