ਕੈਬਨਿਟ ਮੰਤਰੀ ਨੇ ਖਿਜ਼ਰਾਬਾਦ ਅਨਾਜ ਮੰਡੀ ਤੋਂ ਕੀਤੀ ਪੰਜਾਬ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਅਧਿਕਾਰੀਆਂ ਨੂੰ ਫਸਲ ਦੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਸਮੇਂ ਸਿਰ ਕਰਵਾਉਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮਾਜਰੀ ਬਲਾਕ ਦੇ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਣਕ ਦੇ ਸੀਜ਼ਨ ਦੌਰਾਨ ਫਸਲਾਂ ਦੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਸਬੰਧੀ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਕੀਤੀਆ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਹ ਵਿਸ਼ਵਾਸ ਦਿੱਤਾ ਗਿਆ ਕਿ ਉਨ੍ਹਾਂ ਦੀ ਧੀਆਂ, ਪੁੱਤਾ ਵਾਂਗ ਪਾਲੀ ਕਣਕ ਦਾ ਦਾਣਾ-ਦਾਣਾ ਖਰੀਦ ਕੇ ਉਸ ਦੀ ਅਦਾਇਗੀ ਮਿੱਥੇ ਸਮੇਂ ਵਿੱਚ ਕਿਸਾਨਾਂ ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਬਾਰਦਾਨੇ ਦੀ ਕਿਸੇ ਪ੍ਰਕਾਰ ਦੀ ਕਮੀ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਨਾਜ ਨੂੰ ਸੁਕਾ ਕੇ ਮੰਡੀਆਂ ਵਿੱਚ ਲਿਆਉਂਣ ਦੀ ਅਪੀਲ ਕੀਤੀ ਤਾਂ ਜੋ ਖਰੀਦ ਵਿੱਚ ਕਿਸੇ ਕਿਸਮ ਦੀ ਅੌਕੜ ਨਾ ਆਵੇ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਭਰ ਵਿੱਚ ਇਸ ਮੌਕੇ 1862 ਪੱਕੀਆਂ ਮੰਡੀਆਂ ਤੇ 450 ਆਰਜੀ ਮੰਡੀਆਂ ਰਾਹੀ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਰਬੀ ਸੀਜ਼ਨ 2022-23 ਦੌਰਾਨ ਖ਼ਰੀਦ ਕੀਤੀ ਜਾਣ ਵਾਲੀ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਭਾਰਤ ਸਰਕਾਰ ਵੱਲੋਂ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਸ ਸਾਲ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਸਮੂਹ ਖਰੀਦ ਏਜੰਸੀਆਂ ਵੱਲੋਂ 139055 ਟਨ ਕਣਕ ਖਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਐਸ.ਏ.ਐਸ ਨਗਰ ਵਿੱਚ ਖਰੀਦ ਲਈ 15 ਪੱਕੀਆਂ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ। ਮੰਡੀਆਂ ਵਿਚ ਸਮੂਹ ਖਰੀਦ ਏਜੰਸੀਆਂ ਵੱਲੋਂ ਪਾਲਿਸੀ ਅਨੁਸਾਰ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਫਸਲਾਂ ਦੀ ਖਰੀਦ ਅਤੇ ਅਦਾਇਗੀ ਸਮੇਂ ਤੇ ਕਰਵਾਈ ਜਾਵੇ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਰਬਪੱਖੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਅਤੇ ਫਸਲਾਂ ਦੀ ਅਦਾਇਗੀ ਲਈ ਮੰਡੀਆਂ ਵਿੱਚ ਖੱਜਲ ਖੁਆਰ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਣ ਵਾਲੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਮੰਡੀਆਂ ਵਿੱਚ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਪਹਿਲ ਦੇ ਅਧਾਰ ਤੇ ਹੱਲ ਕਰੇਗੀ।
ਸ੍ਰੀ ਕਟਾਰੂਚੱਕ ਨੇ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦੇ ਹੋਏ ਦੱਸਿਆ ਕਿ 1977 ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਹਰ ਵਰਗ, ਹਰ ਧਰਮ ਅਤੇ ਹਰ ਫਿਰਕੇ ਦੇ ਵਿਆਕਤੀਆਂ ਵੱਲੋਂ ਇੱਕਜੁੱਟ ਹੋ ਕਿ ਆਮ ਆਦਮੀ ਪਾਰਟੀ ਨੂੰ ਵੱਡਾ ਫੱਤਵਾ ਦੇ ਕੇ ਸੱਤਾ ਵਿੱਚ ਲਿਆਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਤੇ ਨਿਸਚੇ ਮੁਤਾਬਕ ਅਸੀ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਦੇਸ਼ ਦਾ ਮੋਹਰੀ ਸੂਬਾ ਬੁਣਾਉਂਣਾ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਸਾਡਾ ਧਿਆਨ ਹਾੜੀ ਦੇ ਸੀਜ਼ਨ ਤੇ ਹੈ ਅਤੇ ਅਸੀ ਵਾਅਦਾ ਕਰਦੇ ਹਾ ਕਿ ਅਸੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਂਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾ ਤਹਿਸੀਲ ਕੰਪਲੈਕਸ ਮਾਜ਼ਰੀ ਵਿਖੇ ਪਹੁੰਚਣ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀ ਹੈ ਅਤੇ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਦੀਆਂ ਹੱਦਾ ਤੇ ਵਿਸ਼ੇਸ ਨਾਕੇ ਲਗਾਏ ਗਏ ਹਨ ਤਾਂ ਜੋ ਗੁਆਢੀ ਰਾਜਾ ਤੋਂ ਕਣਕ ਦੇ ਟਰੱਕ ਸੂਬੇ ਵਿੱਚ ਦਾਖਲ ਨਾ ਹੋ ਸਕਣ ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਫਸਲ ਦੀ ਖਰੀਦ ਹੀ ਪੰਜਬ ਦੀਆਂ ਮੰਡੀਆਂ ਵਿੱਚ ਹੋਵੇਗੀ।
ਇਸ ਮੌਕੇ ਅਭਿਨਵ ਤ੍ਰਿਖਾ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪੰਜਾਬ, ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡਾ ਅੰਜੂਮਨ ਭਾਸਕਰ ਸੰਯੁਕਤ ਡਾਇਰੈਕਟਰ ਖ਼ਰੀਦ, ਸਟੋਰੇਜ, ਅਵਿਕੇਸ਼ ਗੁਪਤਾ ਐਸਡੀਐਮ ਖਰੜ, ਆਮ ਆਦਮੀ ਪਾਰਟੀ ਦੇ ਬੁਲਾਰੇ ਇਕਬਾਲ ਸਿੰਘ, ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਅਤੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …