nabaz-e-punjab.com

ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਮੁਕੰਮਲ ਨਸ਼ਾ ਮੁਕਤੀ ਲਈ ਪਿੰਡ ਨਗਾਰੀ ਨੂੰ ਲਿਆ ਗੋਦ

ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਸਿੱਧੂ

ਪਿੰਡ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਧੰਦਿਆਂ ਦੀ ਸਿਖਲਾਈ ਦੇ ਕੇ ਬਣਾਇਆ ਜਾਵੇਗਾ ਰੁਜ਼ਗਾਰ ਦੇ ਕਾਬਲ

ਡੀਸੀ ਸ੍ਰੀਮਤੀ ਸਪਰਾ ਅਤੇ ਐਸਐਸਪੀ ਚਾਹਲ ਵੱਲੋਂ ਵੀ ਅਪਣਾਇਆ ਜਾਵੇਗਾ ਇੱਕ-ਇੱਕ ਪਿੰਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦਾ ਹੇਠਲੇ ਪੱਧਰ ’ਤੇ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਭਰ ’ਚ ਪਹਿਲਕਦਮੀ ਕਰਦਿਆਂ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਡੈਪੋ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹਾਲੀ ਹਲਕੇ ਦੇ ਪਿੰਡ ਨਗਾਰੀ ਨੂੰ ਮੁਕੰਮਲ ਰੂਪ ਵਿੱਚ ਨਸ਼ਾ ਮੁਕਤ ਬਣਾਉਣ ਲਈ ਗੋਦ ਲਿਆ ਹੈ। ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਪਿੰਡ ਨਗਾਰੀ ਵਿੱਚ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਪਿੰਡ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਹੋਰਨਾਂ ਵਿਅਕਤੀਆਂ ਨੂੰ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਦੀ ਮੁਫ਼ਤ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾਵੇਗਾ। ਇਸ ਸਬੰਧੀ ਲੋੜਵੰਦਾਂ ਨੂੰ ਘੱਟ ਵਿਆਜ ’ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪਿੰਡ ਦੀਆਂ ਅੌਰਤਾਂ ਨੂੰ ਵੀ ਆਤਮ ਨਿਰਭਰ ਬਣਾਉਣ ਲਈ ਕਦਮ ਚੁੱਕੇ ਜਾਣਗੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਪਿੰਡ ਨਗਾਰੀ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਇੱਕ ਮਾਡਲ ਵਜੋਂ ਅਪਣਾਇਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨਸ਼ੇ ਦੇ ਆਦੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਦਿਆਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਜਾਂ ਮੁਹਾਲੀ ਪ੍ਰਸ਼ਾਸਨ ਅਤੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨਾਲ ਤਾਲਮੇਲ ਕਰਨ, ਤਾਂ ਜੋ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਸਕੇ। ਉਨ੍ਹਾਂ ਹਲਕੇ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਉਨ੍ਹਾਂ ਨੂੰ ਉਸਾਰੂ ਕੰਮਾਂ ਵਿੱਚ ਲਗਾਉਣ। ਉਨ੍ਹਾਂ ਦੱਸਿਆ ਕਿ ਮੁਹਾਲੀ ਨੂੰ ਤੰਬਾਕੂ ਮੁਕਤ ਵੀ ਕਾਂਗਰਸ ਸਰਕਾਰ ਨੇ ਕੀਤਾ ਸੀ।
ਇਸੇ ਦੌਰਾਨ ਪਿੰਡ ਨਗਾਰੀ ਦੇ ਵਸਨੀਕ ਐਡਵੋਕੇਟ ਰਣਜੋਤ ਸਿੰਘ ਸੰਧੂ ਅਤੇ ਨਛੱਤਰ ਸਿੰਘ ਨਗਾਰੀ, ਪੰਡਿਤ ਭੁਪਿੰਦਰ ਨਗਾਰੀ ਨੇ ਉਨ੍ਹਾਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪਹਿਲਕਦਮੀ ਕਰਨ ਅਤੇ ਪਿੰਡ ਨੂੰ ਗੋਦ ਲੈਣ ਲਈ ਕੈਬਨਿਟ ਮੰਤਰੀ ਸ੍ਰੀ ਸਿੱਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਅਜਿਹੀਆਂ ਨਿਵੇਕਲੀਆਂ ਪਹਿਲਕਦਮੀਆਂ ਕਰਨਗੇ ਤਾਂ ਸਹੀ ਮਾਇਨੇ ਵਿੱਚ ਚੰਗੇ ਨਤੀਜੇ ਆਉਣਗੇ।
ਉਧਰ, ਨਸ਼ਿਆਂ ਦੇ ਖ਼ਾਤਮੇ ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਹੋਰਨਾਂ ਰਾਜਸੀ ਆਗੂਆਂ ਲਈ ਵੀ ਰੋਲ ਮਾਡਲ ਬਨਣਗੇ। ਉਨ੍ਹਾਂ ਕਿਹਾ ਕਿ ਮੰਤਰੀ ਨੇ ਨਗਾਰੀ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਗੋਦ ਲੈ ਕੇ ਨਿਵੇਕਲੀ ਸ਼ੁਰੂਆਤ ਕੀਤੀ ਹੈ। ਜਿਸ ਦੇ ਆਉਣ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਉਹ ਖ਼ੁਦ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਵੀ ਇੱਕ-ਇੱਕ ਪਿੰਡ ਨੂੰ ਅਪਣਾਉਣਗੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਲਹਿਰ ਨੂੰ ਪਿੰਡ ਪਿੰਡ ਪਹੁੰਚਾਇਆ ਜਾਵੇਗਾ। ਉਨ੍ਹਾਂ ਸਮੂਹ ਐਸਡੀਐਮ, ਡੀਐਸਪੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇੱਕ ਇੱਕ ਪਿੰਡ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਮੁਹਾਲੀ ਨੂੰ ਪੰਜਾਬ ਦਾ ਪਹਿਲਾ ਸ਼ਹਿਰ ਐਲਾਨਣ ਲਈ ਸਹਿਯੋਗ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…