nabaz-e-punjab.com

ਕੈਬਨਿਟ ਮੰਤਰੀ ਰਾਣਾ ਗੁਰਜੀਤ ਵੱਲੋਂ ਬਿਜਲੀ ਦਰਾਂ ਵਿੱਚ ਵਾਧੇ ਤੋਂ ਇਨਕਾਰ

ਇਸ ਬਾਬਤ ਮੀਡੀਆ ਰਿਪੋਰਟਾਂ ਨੂੰ ਗੁਮਰਾਹਕੁੰਨ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਅਪਰੈਲ:
ਪੰਜਾਬ ਦੇ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਤੋਂ ਇਨਕਾਰ ਕਰਦੇ ਹੋਏ ਇਸ ਸਬੰਧੀ ਮੀਡੀਆ ਰਿਪੋਰਟਾਂ ਨੂੰ ਖਾਰਿਜ ਕਰਦਿਆਂ ਗੁਮਰਾਹਕੁੰਨ ਦਸਿਆ। ਅੱਜ ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸੂਬੇ ਵਿਚ ਕਿਫਾਇਤੀ ਬਿਜਲੀ ਮੁਹੱਈਆ ਕਰਵਾਉਣ ਦੇ ਕੀਤੇ ਚੋਣਾਵੀ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਸ ਸਬੰਧੀ ਮੀਡੀਆ ਵਿਚ ਉਨ੍ਹਾਂ ਦੀਆਂ ਟਿਪਣੀਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਵਰ ਰੈਗੂਲੇਟਰ ਬਾਬਤ ਉਨ੍ਹਾਂ ਦੀਆਂ ਟਿਪਣੀਆਂ ਬਿਜਲੀ ਦੀ ਕੀਮਤ ਸਬੰਧੀ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਸੰਦਰਭ ਵਿਚ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਨੇ ਕਿਸੇ ਵੀ ਸਮੇਂ ਬਿਜਲੀ ਦਰਾਂ ਵਿਚ ਵਾਧੇ ਦਾ ਸੁਝਾਅ ਨਹੀਂ ਦਿਤਾ। ਉਨ੍ਹਾਂ ਹੋਰ ਕਿਹਾ ਕਿ, ‘‘ ਪਾਵਰ ਰੈਗੂਲੇਟਰ ਦਾ ਕੰਮ ਵੱਖੋ ਵੱਖ ਹਿਸਿਆਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸਿਫਾਰਸ਼ਾਂ ਕਰਨਾ ਹੁੰਦਾ ਹੈ ਪਰ ਸਰਕਾਰ ਵਲੋਂ ਕੋਈ ਵੀ ਫੈਸਲਾ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਅਤੇ ਲੋਕਾਂ ਦੇ ਹਿੱਤਾਂ ਨੂੰ ਕੇਂਦਰ ਵਿਚ ਰੱਖ ਕੇ ਹੀ ਕੀਤਾ ਜਾਵੇਗਾ।’’ ਉਨ੍ਹਾਂ ਹੋਰ ਵੇਰਵਾ ਦਿੰਦਿਆਂ ਹੋਇਆਂ ਦਸਿਆ ਕਿ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸਾਫ ਤੌਰ ਉੱਤੇ ਕਿਹਾ ਸੀ ਕਿ, ‘‘ਅਸੀਂ ਕਾਂਗਰਸ ਦੇ ਮੈਨੀਫੈਸਟੋ ਵਿਚ ਕੀਤੇ ਵਾਅਦੇ ਅਨੁਸਾਰ ਘਰੇਲੂ ਅਤੇ ਵਪਾਰਕ ਉਪਭੋਗਤਾਵਾਂ ਨੂੰ ਕਿਫਾਇਤੀ ਦਰਾਂ ਉੱਤੇ ਬਿਜਲੀ ਮੁਹੱਈਆ ਕਰਵਾਉਣ ਲਈ ਕਦਮ ਪੁੱਟਾਂਗੇ।’’
ਮੰਤਰੀ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਸਾਫ ਕਿਹਾ ਗਿਆ ਹੈ ਕਿ ਕਾਂਗਰਸ ਦੀ ਸਰਕਾਰ ਵਲੋਂ ਸੂਬੇ ਦੇ ਅਰਥਚਾਰੇ ਨਾਲ ਜੁੜੇ ਵੱਖੋ-ਵੱਖ ਖੇਤਰਾਂ ਜਿਨ੍ਹਾਂ ਵਿਚ ਘਰੇਲੂ ਉਪਭੋਗਤਾ, ਵਪਾਰ ਅਤੇ ਉਦਯੋਗ ਵੀ ਸ਼ਾਮਲ ਹਨ, ਨੂੰ ਕਿਫਾਇਤੀ ਦਰਾਂ ਉੱਤੇ 24ਗ7 ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਮੈਨੀਫੈਸਟੋ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਦਯੋਗ ਜਗਤ ਲਈ ਬਿਜਲੀ ਦੀਆਂ ਦਰਾਂ 5 ਸਾਲ ਲਈ ਸਥਿਰ ਕੀਤੀਆਂ ਜਾਣਗੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦਿਆਂ ਤੋਂ ਕਿਸੇ ਵੀ ਕੀਮਤ ਉੱਤੇ ਪਿਛੇ ਨਹੀਂ ਹਟਿਆ ਜਾਵੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦਸਿਆ ਕਿ ਸਰਕਾਰ ਵਲੋਂ ਇਸ ਸਮੇਂ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਉਣ ਦੀ ਉਦਯੋਗ ਜਗਤ ਦੀ ਮੰਗ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ, ‘ਅਸੀਂ ਉਦਯੋਗਾਂ ਅਤੇ ਸੂਬੇ ਦੇ ਹੋਰ ਖੇਤਰਾਂ ਨੂੰ ਕਿਫਾਇਤੀ ਬਿਜਲੀ ਦੇਣ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨਾ ਜਾਰੀ ਰੱਖਣ ਲਈ ਵਚਨਬੱਧ ਹਾਂ।’ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਦੇ ਇਕ ਹਿੱਸੇ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾਣਾ ਮੰਦਭਾਗਾ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…