
ਡੀਸੀ ਦਫ਼ਤਰ ਦੇ ਬਾਹਰ ਕੈਬਨਿਟ ਸਬ ਕਮੇਟੀ ਤੇ ਸਿੱਖਿਆ ਮੰਤਰੀ ਦੀ ਅਰਥੀ ਫੂਕੀ
ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ, ਬਾਜ ਸਿੰਘ ਖਹਿਰਾ, ਐਨਕੇ ਕਲਸੀ, ਐਨਡੀ ਤਿਵਾੜੀ, ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਅੱਜ ਡੀਸੀ ਦਫ਼ਤਰ ਦੇ ਬਾਹਰ ਰੈਲੀ ਕੀਤੀ ਅਤੇ ਪੰਜਾਬ ਦਾ ਪਿੱਟ ਸਿਆਪਾ ਕਰਦਿਆਂ ਕੈਬਨਿਟ ਸਬ ਕਮੇਟੀ ਅਤੇ ਸਿੱਖਿਆ ਮੰਤਰੀ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਰੈਲੀਆਂ ਅਤੇ ਧਰਨੇ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸਨ।
ਆਗੂਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 3 ਸਾਲ ਵਿੱਚ ਮੁਲਾਜ਼ਮਾਂ ਨਾਲ ਇੱਕ ਵੀ ਪੈਨਲ ਮੀਟਿੰਗ ਕਰਨ ਦੀ ਲੋੜ ਨਹੀਂ ਸਮਝੀ। ਜਦੋਂਕਿ ਕੈਬਨਿਟ ਸਬ ਕਮੇਟੀ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਹੁਣ ਤੱਕ ਕਿਸੇ ਮਸਲੇ ਦਾ ਹੱਲ ਨਹੀਂ ਕੀਤਾ ਸਗੋਂ ਲਾਰੇ ਲਗਾ ਕੇ ਡੰਗ ਸਾਰਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਤਨਖ਼ਾਹ-ਕਮਿਸ਼ਨ ਦਾ ਬਕਾਇਆ 1 ਜਨਵਰੀ 2016 ਤੋਂ 30 ਜੂਨ 2021 ਤੱਕ 66 ਮਹੀਨੇ ਦਾ ਬਕਾਇਆ ਇੱਕੋ ਕਿਸ਼ਤ ਵਿੱਚ ਜਾਰੀ ਕੀਤਾ ਜਾਵੇ। ਕੰਟਰੈਕਟ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਰੈਗੂਲਰ ਹੋਣ ਤੱਕ ਸਾਰੇ ਕੱਚੇ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
ਪ੍ਰੋਬੇਸ਼ਨ ਪੀਰੀਅਡ ਦੀ ਪੂਰੀ ਤਨਖ਼ਾਹ ਭੱਤੇ ਸਮੇਤ ਦਿੱਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਕੇਂਦਰੀ ਪੈਟਰਨ ਦੀ ਥਾਂ ਪੰਜਾਬ ਦੇ ਸਕੇਲ ਦਿੱਤੇ ਜਾਣ, 13 ਫੀਸਦੀ ਬਕਾਇਆ ਮਹਿੰਗਾਈ ਭੱਤਾ ਦਿੱਤਾ ਜਾਵੇ। ਉਨ੍ਹਾਂ ਖ਼ਜ਼ਾਨਿਆਂ ’ਤੇ ਮੂੰਹ ਲਗਾਈ ਜ਼ਬਾਨੀ ਰੋਕ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੁਣ ਤੱਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਦਿੱਤੀ ਗਈ। ਜਿਸ ਕਾਰਨ ਮੁਲਾਜ਼ਮ ਮਕਾਨਾਂ ਦੀ ਕਿਸ਼ਤਾਂ ਅਤੇ ਬੱਚਿਆਂ ਦੀਆਂ ਫ਼ੀਸਾਂ ਤੱਕ ਨਹੀਂ ਭਰ ਸਕੇ।
ਇਸ ਮੌਕੇ ਕੌਂਸਲਰ ਸੁੱਚਾ ਸਿੰਘ ਕਲੌੜ, ਕਰਤਾਰਪਾਲ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ ਰਬਾਬੀ, ਸੁਰੇਸ਼ ਬਿੱਟੂ, ਸੁਲੱਖਣ ਸਿੰਘ ਸਿਸਵਾਂ, ਗੁਰੇਕ ਸਿੰਘ, ਕਮਲ ਕੁਮਾਰ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਖ਼ਾਲਸਾ, ਪ੍ਰੇਮ ਚੰਦ, ਅਜਮੇਰ ਸਿੰਘ ਲੌਂਗੀਆਂ ਸਮੇਤ ਵੱਡੀ ਗਿਣਤੀ ਵਿੱਚ ਸਾਂਝੇ ਫਰੰਟ ਦੇ ਆਗੂ ਹਾਜ਼ਰ ਸਨ।