
ਨਸ਼ਿਆਂ ਖ਼ਿਲਾਫ਼ ਮੁਹਿੰਮ: ਐੱਸਐੱਸਪੀ ਦੀਪਕ ਪਾਰਿਕ ਖ਼ੁਦ ਸੜਕਾਂ ’ਤੇ ਉੱਤਰੇ
ਨਬਜ਼-ਏ-ਪੰਜਾਬ, ਮੁਹਾਲੀ, 3 ਅਪਰੈਲ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੁਹਾਲੀ ਪੁਲੀਸ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉੱਤੇ ਵਿਸ਼ੇਸ਼ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਜਾਂਚ ਕੀਤੀ ਗਈ। ਇਸ ਦੌਰਾਨ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਖ਼ੁਦ ਸੜਕਾਂ ’ਤੇ ਉੱਤਰੇ ਅਤੇ ਵੱਖ-ਵੱਖ ਥਾਵਾਂ ’ਤੇ ਲਗਾਏ ਪੁਲੀਸ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੀ ਉਹ ਖ਼ੁਦ ਨਜ਼ਰਸਾਨੀ ਕਰ ਰਹੇ ਹਨ। ਮੁਹਾਲੀ ਦੇ ਫੇਜ਼-1 ਸਥਿਤ ਫਰੈਂਕੋ ਹੋਟਲ ਨੇੜੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਐੱਸਐੱਸਪੀ ਨੇ ਖ਼ੁਦ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ। ਇਸ ਦੌਰਾਨ ਪੁਲੀਸ ਨੇ ਲਾਲ ਬੱਤੀ ਵਾਲੀ ਇੱਕ ਥਾਰ ਗੱਡੀ ਨੂੰ ਵੀ ਆਪਣੇ ਕਬਜ਼ੇ ਵਿੱਚ ਲਿਆ ਹੈ। ਗੱਡੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਸਮੇਤ ਸ਼ੀਸ਼ਿਆਂ ’ਤੇ ਲੱਗੀ ਬਲੈਕ ਫ਼ਿਲਮ ਵਾਲੇ ਵਾਹਨਾਂ ਦੇ ਵੀ ਚਲਾਨ ਕੀਤੇ ਗਏ।
ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਦੇ ਤਹਿਤ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਨਾਕੇ ਲਗਾਏ ਜਾ ਰਹੇ ਹਨ ਅਤੇ ਪੇਂਡੂ ਖੇਤਰ ਵਿੱਚ ਵੀ ਚੌਕਸੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਨਹੀਂ ਹੋ ਜਾਂਦਾ। ਉਨ੍ਹਾਂ ਆਮ ਨਾਗਰਿਕਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲੀਸ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ।