Nabaz-e-punjab.com

ਗਮਾਡਾ ਵੱਲੋਂ ਅਣ-ਅਧਿਕਾਰਤ ਉਸਾਰੀਆਂ ਖ਼ਿਲਾਫ਼ ਮੁਹਿੰਮ ਤੇਜ਼

ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਆਈਟੀ ਸਿਟੀ ਮੁਹਾਲੀ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਅਣ-ਅਧਿਕਾਰਤ ਉਸਾਰੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਹਿੰਮ ਪਿਛਲੇ ਮਹੀਨੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਸੀ।
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੀਤੀ 19 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਅਣ-ਅਧਿਕਾਰਤ ਉਸਾਰੀਆਂ ਅਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਅਮਨ ਅਰੋੜਾ ਨੇ ਅਣ-ਅਧਿਕਾਰਤ ਉਸਾਰੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਗਮਾਡਾ ਅਧਿਕਾਰੀਆਂ ਨੂੰ ਮੁਹਾਲੀ ਵਿੱਚ ਵੱਧ ਰਹੀਆਂ ਨਾਜਾਇਜ਼ ਉਸਾਰੀਆਂ ਅਤੇ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਤੁਰੰਤ ਵਿਸ਼ੇਸ਼ ਮੁਹਿੰਮ ਵਿੱਢਣ ਦੇ ਹੁਕਮ ਦਿੱਤੇ ਸਨ।
ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗਮਾਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਲੜੀਵਾਰ ਮੁਹਿੰਮ ਚਲਾ ਕੇ ਵੱਖ-ਵੱਖ ਖੇਤਰਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਢਾਹੀਆਂ ਗਈਆਂ ਹਨ। ਗਮਾਡਾ ਨੇ ਪਿੰਡ ਝਾਮਪੁਰ ਵਿੱਚ ਦੁਕਾਨਾਂ ਅਤੇ ਮਕਾਨਾਂ ਦੀਆਂ ਨੀਂਹਾਂ ਜਾਂ ਪਲਿੰਥ ਪੱਧਰ ’ਤੇ ਘੱਟੋ-ਘੱਟ 50 ਢਾਂਚੇ ਅਤੇ ਕੁਝ ਸੁਪਰਸਟਰੱਕਚਰ ਨੂੰ ਹਟਾਉਣ ਤੋਂ ਇਲਾਵਾ ਸੈਕਟਰ-87 ਵਿੱਚ ਇੱਕ ਕਨਾਲ ਖੇਤਰ ਵਿੱਚ ਬਣੇ ਚਾਰ ਅਣ-ਅਧਿਕਾਰਤ ਆਰਜ਼ੀ ਢਾਂਚੇ ਢਾਹੇ ਗਏ ਹਨ। ਇਸ ਤੋਂ ਇਲਾਵਾ ਬਲੌਂਗੀ ਵਿੱਚ ਸੁਪਰਸਟਰਕੱਚਰ ਵਾਲੇ ਚਾਰ ਅਣ-ਅਧਿਕਾਰਤ ਉਸਾਰੀ ਅਧੀਨ ਮਕਾਨਾਂ ਨੂੰ ਢਾਹਿਆ ਗਿਆ ਹੈ। ਇਸ ਦੇ ਨਾਲ ਹੀ ਲਗਭਗ ਤਿੰਨ ਏਕੜ ਵਿੱਚ ਬਣੇ 12 ਗ਼ੈਰ-ਕਾਨੂੰਨੀ ਸੂਰ ਫਾਰਮਾਂ ਅਤੇ ਪੋਲਟਰੀ ਫਾਰਮਾਂ ਨੂੰ ਵੀ ਹਟਾਇਆ ਗਿਆ ਹੈ।
ਮੁਹਾਲੀ ਦੇ ਵਸਨੀਕਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਅਣ-ਅਧਿਕਾਰਤ ਉਸਾਰੀਆਂ ਨਾ ਕਰਨ ਦੀ ਅਪੀਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਰ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …