
200 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕੈਂਟਰ ਚਾਲਕ ਗ੍ਰਿਫ਼ਤਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ 200 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਚੰਡੀਗੜ੍ਹ ਵਿੱਚ ਵਿਕਣਯੋਗ ਸ਼ਰਾਬ ਦੀ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਮਗਲਿੰਗ ਕਰਦੇ ਹਨ। ਇਸ ਸਬੰਧੀ ਸਹਾਇਕ ਥਾਣੇਦਾਰ ਜੀਤ ਚੰਦ ਦੀ ਅਗਵਾਈ ਵਾਲੀ ਟੀਮ ਨੇ ਐਕਸਾਇਜ ਇੰਸਪੈਕਟਰ ਵਿਕਾਸ ਗੁਪਤਾ ਨੂੰ ਨਾਲ ਲੈ ਕੇ ਮੁਹਾਲੀ ਏਅਰਪੋਰਟ ਚੌਂਕ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਕੈਂਟਰ ਗੱਡੀ ਦੀ ਚੈਕਿੰਗ ਦੌਰਾਨ ਗੱਡੀ ’ਚੋਂ 999 ਪਾਵਰ ਸਟਾਰ ਫਾਈਨ ਵਿਸਕੀ ਦੀਆਂ 200 ਪੇਟੀਆਂ (ਜੋ ਸਿਰਫ਼ ਚੰਡੀਗੜ੍ਹ ਵਿੱਚ ਵਿਕਰੀਯੋਗ ਸੀ) ਬਰਾਮਦ ਕੀਤੀਆਂ ਗਈਆਂ।
ਡੀਐਸਪੀ ਬੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੈਂਟਰ ਚਾਲਕ ਮਨਪ੍ਰੀਤ ਸਿੰਘ ਵਾਸੀ ਪਿੰਡ ਕੜਿਆਲ, ਤਹਿਸੀਲ ਧਰਮਕੋਟ (ਮੋਗਾ) ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐਕਸਾਇਜ ਐਕਟ ਦੀ ਧਾਰਾ 61-01-14,78 (2) ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੈਂਟਰ ਚਾਲਕ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।