ਨਸ਼ਾ ਤਸਕਰੀ: ਕੈਂਟਰ ਗੱਡੀ ਦਾ ਚਾਲਕ 5 ਕਿੱਲੋ 15 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ

ਮੱਧ ਪ੍ਰਦੇਸ਼ ਦੇ ਜ਼ੈਬਰਾ ਸ਼ਹਿਰ ’ਚੋਂ ਕਾਫ਼ੀ ਲੰਮੇ ਸਮੇਂ ਤੋਂ ਅਫ਼ੀਮ ਲੈ ਕੇ ਆਉਂਦਾ ਸੀ ਮੁਲਜ਼ਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਇਕ ਵਿਅਕਤੀ ਨੂੰ 5 ਕਿੱਲੋ 15 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਸ਼ਾ ਤਸਕਰ ਜਸਬੀਰ ਸਿੰਘ ਉਰਫ਼ ਜੱਸਾ ਨੂੰ 5 ਕਿੱਲੋ 15 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਮੁੱਲਾ ਫੈਸ਼ਨ ਵਿਅਕਤੀ ਕੈਂਟਰ ਗੱਡੀ ਵਿੱਚ ਅਫ਼ੀਮ ਦੀ ਵੱਡੀ ਖੇਪ ਲੈ ਕੇ ਆ ਰਿਹਾ ਹੈ। ਇਹ ਵਿਅਕਤੀ ੦ ਮੁਹਾਲੀ ਸਮੇਤ ਖਰੜ ਅਤੇ ਰੂਪਨਗਰ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਅਫ਼ੀਮ ਦੀ ਸਪਲਾਈ ਕਰਦਾ ਹੈ।
ਐਸਐਸਪੀ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਵੱਲੋਂ ਲਾਂਡਰਾਂ-ਖਰੜ ਸੜਕ ’ਤੇ ਸਥਿਤ ਖੂਨੀਮਾਜਰਾ ਟੀ-ਪੁਆਇੰਟ ਉੱਤੇ ਨਾਕਾਬੰਦੀ ਦੌਰਾਨ ਕੈਂਟਰ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ’ਚੋਂ ਪੰਜ ਕਿੱਲੋ 15 ਗਰਾਮ ਅਫ਼ੀਮ ਬਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬਡਾਲੀ (ਖਰੜ) ਵਜੋਂ ਹੋਈ ਹੈ। ਮੁਲਜ਼ਮ ਜੱਸਾ ਪਹਿਲਾਂ ਐਲਸੀਬੀ ਟਰਾਂਸਪੋਰਟ ਮੁਹਾਲੀ ਵਿਖੇ ਡਰਾਈਵਰੀ ਕਰਦਾ ਰਿਹਾ। ਜਿੱਥੇ ਉਸ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲਦੀ ਸੀ। ਫਿਰ ਉਹ ਕੈਂਟਰ ਖ਼ਰੀਦ ਕੇ ਖ਼ੁਦ ਚਲਾਉਣ ਲੱਗ ਪਿਆ। ਜਿਸ ਦੀ ਕੀਮਤ ਪੂਰੀ ਕਰਨ ਲਈ ਉਹ ਅਫ਼ੀਮ ਦਾ ਧੰਦਾ ਕਰਨ ਲੱਗਾ ਪਿਆ। ਪੁੱਛਗਿੱਛ ਵਿੱਚ ਮੁਲਜ਼ਮ ਨੇ ਦੱਸਿਆ ਕੇ ਉਹ ਮੱਧ ਪ੍ਰਦੇਸ ਦੇ ਜੈਬਰਾ ਸ਼ਹਿਰ ’ਚੋਂ ਕਾਫ਼ੀ ਲੰਮੇ ਸਮੇਂ ਤੋਂ ਅਫ਼ੀਮ ਲੈ ਕੇ ਆਉਂਦਾ ਰਿਹਾ ਹੈ। ਉੱਥੋਂ ਉਹ ਸਸਤੇ ਭਾਅ ’ਤੇ ਅਫ਼ੀਮ ਲਿਆ ਕੇ ਪੰਜਾਬ ਵਿੱਚ ਮਹਿੰਗੇ ਭਾਅ ਵੇਚ ਕੇ ਭਾਰੀ ਮੁਨਾਫ਼ਾ ਕਮਾਉਂਦਾ ਸੀ।
ਐਸਐਸਪੀ ਨੇ ਦੱਸਿਆ ਕਿ ਜਸਬੀਰ ਜੱਸਾ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਖਰੜ ਸਦਰ ਥਾਣੇ ਵਿੱਚ ਐਨਡੀਪੀਐਸ ਐਕਟ ਅਤੇ 188 ਆਈਪੀਸੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…