ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗਡ਼੍ਹ 27, ਦਸੰਬਰ:
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਉਂਦੀਆਂ ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਬਹੁਮਤ ਹਾਸਿਲ ਕਰਕੇ ਪੰਜਾਬ ਚ ਅਗਲੀ ਸਰਕਾਰ ਬਣਾਉਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਭਾਜਪਾ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਸ਼੍ਰੋਮਣੀ ਅਕਾਲ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਦਿੱਲੀ ਚ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਤੇ ਤਰੱਕੀ ਲਈ ਇਕੱਠੇ ਆ ਕੇ ਖੁਸ਼ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ ਹਨ ਕਿ ਤਿੰਨੇ ਪਾਰਟੀਆਂ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲੀ ਦੇ ਮਾਰਗ ਤੇ ਲਿਆਉਣ ਲਈ ਇਕੱਠੇ ਚੋਣ ਲੜਨ ਤੇ ਰਾਜ਼ੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਚ ਭਾਜਪਾ ਦੀਆਂ ਸਰਕਾਰਾਂ ਨਾਲ ਡਬਲ ਇੰਜਣ ਰਾਹੀਂ ਪੰਜਾਬ ਇੱਕ ਵਾਰ ਫਿਰ ਤੋਂ ਤਰੱਕੀ ਅਤੇ ਵਿਕਾਸ ਦੇ ਮਾਰਗ ਤੇ ਪਰਤੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਵਰਗਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਮੈਨੀਫੈਸਟੋ ਤਿਆਰ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਸਬੰਧੀ ਤਾਲਮੇਲ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਜਿੱਤਣ ਦੀ ਕਾਬਲੀਅਤ ਦੇ ਆਧਾਰ ਤੇ ਹੋਵੇਗੀ, ਨਾ ਕਿ ਉਹ ਕਿਸ ਪਾਰਟੀ ਤੋਂ ਚੋਣ ਲੜਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਪਾਰਟੀ ਤੋਂ ਨਾਮਜ਼ਦਗੀ ਹਾਸਲ ਕਰਨ ਲਈ ਉਨ੍ਹਾਂ ਨੂੰ ਸੂਬੇ ਭਰ ਤੋਂ ਭਾਰੀ ਸਮਰਥਨ ਅਤੇ ਉਤਸ਼ਾਹ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਹੈ ਕਿ ਪੰਜਾਬ ਚ ਨਵੀਂ ਸਿਆਸਤ ਦੀ ਸ਼ੁਰੂਆਤ ਹੋਵੇਗੀ। ਅਸੀਂ ਸ਼ਾਨਦਾਰ ਚੋਣਾਂ ਦੀ ਜਿੱਤ ਦਾ ਰਿਕਾਰਡ ਕਾਇਮ ਕਰਾਂਗੇ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਅਤੇ ਕਿਸਾਨਾਂ ਸਣੇ ਪੰਜਾਬ ਦੇ ਸਾਰੇ ਵਰਗਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਹਿੱਤਾਂ ਦੀ ਕਿਸੇ ਵੀ ਕੀਮਤ ਤੇ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਪੰਜਾਬ ਦੀ ਤਰੱਕੀ ਦਾ ਇਕ ਅਭਿੰਨ ਅੰਗ ਹੈ ਅਤੇ ਇਸ ਖੇਤਰ ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ। ਪੰਜਾਬ ਚ ਰੋਜ਼ਗਾਰ ਪੈਦਾ ਕਰਨ ਲਈ ਨਵੇਂ ਸਰੋਤ ਸਥਾਪਿਤ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ਾਂ ਦਾ ਰੁਖ ਨਾ ਕਰਨਾ ਪਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…