Share on Facebook Share on Twitter Share on Google+ Share on Pinterest Share on Linkedin ਕੈਪਟਨ ਵਿਰੁੱਧ ਕੇਸ ਖਤਮ ਕਰਨ ਦਾ ਮਾਮਲਾ: ਪੰਜਾਬ ਵਿਧਾਨ ਸਭਾ ਦੀ ਸਕੱਤਰ ਨੇ ਕੈਪਟਨ ਦੀ ਖਲਾਸੀ ਕਰਨ ’ਤੇ ਸਾਨੂੰ ਕੋਈ ਇਤਰਾਜ਼ ਨਹੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮਹੇਸ਼ ਖੰਨਾ ਮੁਹਾਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ , ਅਗਲੀ ਸੁਣਵਾਈ 7 ਜਨਵਰੀ ਨੂੰ ਨਿਊਜ਼ ਡੈਸਕ ਮੁਹਾਲੀ, 9 ਦਸੰਬਰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ 32 ਏਕੜ ਜ਼ਮੀਨ ਘੁਟਾਲੇ ਦੇ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਂਸਲ ਬੇਰੀ ਦੀ ਅਦਾਲਤ ਵਿੱਚ ਹੋਈ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮੇਤ ਇੱਕ ਹੋਰ ਮੁਲਜ਼ਮ ਮਹੇਸ਼ ਖੰਨਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਕੈਪਟਨ ਨੇ ਆਪਣੇ ਵਕੀਲ ਰਮਦੀਪ ਪ੍ਰਤਾਪ ਸਿੰਘ ਅਤੇ ਐਚ.ਐਸ. ਪੰਨੂ ਰਾਹੀਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ। ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ। ਉਧਰ, ਇਸ ਮਾਮਲੇ ਵਿੱਚ ਨਾਮਜ਼ਦ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਕੱਤਰ ਨਛੱਤਰ ਸਿੰਘ ਮਾਵੀ, ਸਾਬਕਾ ਸੰਯੁਕਤ ਸਕੱਤਰ ਤਾਰਾ ਸਿੰਘ, ਬ੍ਰਿਗੇਡੀਅਰ (ਸੇਵਾਮੁਕਤ) ਗੁਰਚਰਨ ਸਿੰਘ ਖਾਰਾ, ਬਲਜੀਤ ਸਿੰਘ, ਰਜਿੰਦਰ ਸ਼ਰਮਾ, ਸੁਭਾਸ਼ ਚੰਦ ਸ਼ਰਮਾ ਤੇ ਰੋਹਿਤ ਸ਼ਰਮਾ, ਅਸ਼ਵਨੀ ਕਾਲੇ ਸ਼ਾਹ, ਕ੍ਰਿਸ਼ਨ ਕੁਮਾਰ, ਦਲਜੀਤ ਸਿੰਘ, ਪਰਮਿੰਦਰ ਸਿੰਘ ਤੁੰਗ, ਰਾਜੀਵ ਭਗਤ ਅਤੇ ਵਿੱਕੀ ਸ਼ਰਮਾ ਅਦਾਲਤ ਵਿੱਚ ਪੇਸ਼ ਹੋਏ। ਕੈਪਟਨ ਸਮੇਤ ਉਕਤ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਪੰਜਾਬ ਵਿਜੀਲੈਂਸ ਥਾਣਾ ਫੇਜ਼-8 ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ ਅਤੇ ਸਾਬਕਾ ਮੰਤਰੀ ਕੇਵਲ ਕ੍ਰਿਸ਼ਨ ਦੀ ਮੌਤ ਹੋ ਚੁੱਕੀ ਹੈ। ਇਸੇ ਦੌਰਾਨ ਅੱਜ ਕੇਸ ਦੀ ਸੁਣਵਾਈ ਮੌਕੇ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਮੁਹਾਲੀ ਅਦਾਲਤ ਵਿੱਚ ਆਪਣੇ ਬਿਆਨ ਕਲਮਬੰਦ ਕਰਵਾਏ। ਮਹਿਲਾ ਅਧਿਕਾਰੀ ਦਾ ਕਹਿਣਾ ਸੀ ਕਿ ਜੇਕਰ ਅਦਾਲਤ ਕੈਪਟਨ ਤੇ ਹੋਰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਰੱਦ ਕਰਦੀ ਹੈ ਤਾਂ ਪੰਜਾਬ ਵਿਧਾਨ ਸਭਾ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਵਕੀਲਾਂ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਪੰਜਾਬ ਵਿਜੀਲੈਂਸ ਬਿਊਰੋਂ ਇਸ ਕੇਸ ਦੀ ਨਵੇਂ ਸਿਰਿਓਂ ਕੀਤੀ ਪੜਤਾਲ ਵਿੱਚ ਕੈਪਟਨ ਸਣੇ ਹੋਰ ਮੁਲਜ਼ਮਾਂ ਦੇ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬੀਤੀ 7 ਅਕਤੂਬਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਦਰਜ ਕੇਸ ਨੂੰ ਖ਼ਤਮ ਕਰਨ ਲਈ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਕੇਸ ਦੀ ਸੁਣਵਾਈ 7 ਜਨਵਰੀ 2017 ਤੱਕ ਅੱਗੇ ਟਾਲ ਦਿੱਤੀ ਹੈ। ਉਧਰ, ਮੁਲਜ਼ਮ ਮਹੇਸ਼ ਖੰਨਾ ਦੇ ਵਕੀਲ ਅਦਾਲਤ ਵਿੱਚ ਮੈਡੀਕਲ ਛੁੱਟੀ ਦੇਣ ਦੀ ਅਰਜ਼ੀ ਦਿੱਤੀ। ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅੱਜ ਮਹੇਸ਼ ਖੰਨਾ ਪੇਸ਼ੀ ਭੁਗਤਨ ਲਈ ਮੁਹਾਲੀ ਆ ਰਿਹਾ ਸੀ ਲੇਕਿਨ ਰਸਤੇ ਵਿੱਚ ਅਚਾਨਕ ਉਸ ਨੂੰ ਉਲਟੀਆਂ ਲੱਗਣ ਕਾਰਨ ਉਸ ਦੀ ਤਬੀਅਤ ਕਾਫੀ ਖਰਾਬ ਹੋ ਗਈ। ਜਿਸ ਕਾਰਨ ਮੁਲਜ਼ਮ ਕੇਸ ਦੀ ਸੁਣਵਾਈ ਮੌਕੇ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਿਆ। ਅਦਾਲਤ ਨੇ ਮੁਲਜ਼ਮ ਦੀ ਅਰਜ਼ੀ ਪ੍ਰਵਾਨ ਕਰ ਲਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ