Share on Facebook Share on Twitter Share on Google+ Share on Pinterest Share on Linkedin ਆੜ੍ਹਤੀ ਐਸੋਸੀਏਸ਼ਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ‘ਫਖ਼ਰ-ਏ-ਕੌਮ’ ਦੇ ਖਿਤਾਬ ਨਾਲ ਸਨਮਾਨ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਨੇ ਅੱਜ ਮੁੱਖ ਮੰਤਰੀ ਨੂੰ ‘ਫਖ਼ਰ-ਏ-ਕੌਮ’ ਦੇ ਖਿਤਾਬ ਨਾਲ ਨਿਵਾਜਿਆ। ਅੱਜ ਇੱਥੇ ਕਿਸਾਨ ਭਵਨ ਵਿਖੇ ਆੜ੍ਹਤੀਆਂ ਦੇ ਜਥੇਬੰਦੀ ਵੱਲੋਂ ਕਰਵਾਏ ਵਿਸ਼ਾਲ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੂੰ ‘ਫਖ਼ਰ-ਏ-ਕੌਮ’ ਨਾਲ ਉਕਰੀ ਤਖ਼ਤੀ ਨਾਲ ਸਨਮਾਨਿਤ ਕੀਤਾ ਗਿਆ। ਆੜ੍ਹਤੀਆਂ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਜੀਦਾ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਸਰਕਾਰ ਵੱਲੋਂ ਕੁਰਕੀ ਖਤਮ ਕਰਨ ਅਤੇ 10.25 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਸਮੇਤ ਲਏ ਮਹੱਤਵਪੂਰਨ ਫੈਸਲਿਆਂ ਦਾ ਵੀ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਸਰਕਾਰ ਵੱਲੋਂ ਟਰੱਕ ਯੂਨੀਅਨ ਖਤਮ ਕਰਨ ਦੇ ਫੈਸਲੇ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਹ ਯੂਨੀਅਨਾਂ ਆੜ੍ਹਤੀਆਂ ਅਤੇ ਸਨਅਤਕਾਰਾਂ ਦੀ ਬਾਂਹ ਮਰੋੜਦੀਆਂ ਸਨ ਜਿਸ ਨਾਲ ਖਰੀਦ ਕਾਰਜ ਅਤੇ ਸਨਅਤੀ ਵਸਤਾਂ ਦੀ ਢੋਆ-ਢੋਆਈ ’ਤੇ ਬਹੁਤ ਬੁਰਾ ਅਸਰ ਪੈਂਦਾ ਸੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਨੇ ਕਿਸਾਨਾਂ ਦੇ ਆੜ੍ਹਤੀਆਂ ਨਾਲ ਪੁਰਾਣੇ ਰਿਸ਼ਤੇ ਦੀ ਸ਼ਲਾਘਾ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਇਹ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਜੋ ਸੰਕਟ ਵਿੱਚ ਗ੍ਰਸੇ ਕਿਸਾਨਾਂ ਦਾ ਵਿਸ਼ਵਾਸ ਜਿੱਤਣ ਵਿੱਚ ਸਫਲ ਹੋਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ, ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਸਾਰੇ ਭਾਈਵਾਲਾਂ ਨੂੰ ਆਪਣੀਆਂ ਸਮੱਸਿਆਵਾਂ ਦਾ ਸਨੇਹਪੂਰਨ ਹੱਲ ਕੱਢਣ ਲਈ ਬਰਾਬਰ ਦੇ ਮੌਕੇ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮੰਡੀ ਬੋਰਡ ਦੇ ਚੇਅਰਮੈਨ ਨੂੰ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀ ਸਾਂਝੀ ਮੀਟਿੰਗ ਕਰਕੇ ਦੋਵਾਂ ਧਿਰਾਂ ਦੇ ਬਕਾਏ ਮਾਮਲਿਆਂ ਨੂੰ ਨਿਪਟਾਉਣ ਲਈ ਆਖਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ਾਸਨਿਕ ਪਕੜ ਦਾ ਨਤੀਜਾ ਹੈ ਕਿ ਕਣਕ ਦੀ ਖਰੀਦ ਸਮੇਤ ਲਿਫਟਿੰਗ ਆਦਿ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀ। ਸ੍ਰੀ ਲਾਲ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੀ ਕਿਸਾਨੀ ਅਤੇ ਆਰਥਿਕਤਾ ਨੂੰ ਬਰਬਾਦ ਕਰਨ ਲਈ ਕੋਸਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਕਦੇ ਵੀ ਹਿਤੈਸ਼ੀ ਨਹੀਂ ਰਹੇ ਅਤੇ ਉਲਟਾ ਸੂਬੇ ਦੀ ਕਿਸਾਨੀ ਨੂੰ ਬਰਬਾਦ ਕਰਨ ’ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਖਤਮ ਹੋਏ ਬਜਟ ਸੈਸ਼ਨ ਦੌਰਾਨ ਆਪਣੀਆਂ ਵਿੱਤੀ ਨਾਕਾਮੀਆਂ ਨੂੰ ਲੁਕਾਉਣ ਲਈ ਅਕਾਲੀ-ਭਾਜਪਾ ਵਿਧਾਇਕਾਂ ਨੇ ਜਾਣ-ਬੁਝ ਕੇ ਵਾਈਟ ਪੇਪਰ ’ਤੇ ਚਰਚਾ ਰੋਕਣ ਲਈ ਲਗਾਤਾਰ ਰੌਲਾ-ਰੱਪਾ ਪਾਈ ਰੱਖਿਆ ਤਾਂ ਜੋ ਉਨ੍ਹਾਂ ਦਾ ਅਸਲ ਚਿਹਰਾ ਬੇਨਕਾਬ ਨਾ ਹੋ ਜਾਵੇ। ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿਚ ਫੈਡਰੇਸ਼ਨ ਦੇ ਪ੍ਰਧਾਨ ਰਹਿ ਚੁੱਕੇ ਅਤੇ ਹੁਣ ਵੀ ਸੰਸਥਾ ਦੀ ਰਹਿਨੁਮਾਈ ਕਰ ਰਹੇ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਨੇ 20 ਕਰੋੜ ਥੈਲੇ ਕਣਕ ਦੀ ਖਰੀਦ ਅਤੇ ਲਿਫਟਿੰਗ ਬਿਨਾਂ ਕਿਸੇ ਖੜੋਤ ਤੋਂ ਕਰਵਾਉਣ ਅਤੇ ਕਿਸਾਨਾਂ ਨੂੰ ਸਮੇਂ ਸਿਰ 14000 ਕਰੋੜ ਰੁਪਏ ਦੀਆਂ ਅਦਾਇਗੀਆਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਪ੍ਰਤੀ ਪੂਰੇ ਸੁਹਿਰਦ ਅਤੇ ਉਨ੍ਹਾਂ ਦੇ ਹੱਕਾਂ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਜਿਸ ਦਾ ਅੰਦਾਜ਼ਾ ਕੁਝ ਮਹੀਨੇ ਪਹਿਲਾਂ ਲੰਘੇ ਕਣਕ ਦੇ ਸੀਜ਼ਨ ਅਤੇ 2002-2007 ਦੌਰਾਨ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਵੱਲੋਂ ਲਗਾਤਾਰ ਸੁਚੱਜੇ ਢੰਗ ਨਾਲ ਹਾੜੀ ਅਤੇ ਸਾਉਣੀ ਦੀਆਂ ਫਸਲਾਂ ਦੀ ਚੁਕਾਈ ਅਤੇ ਅਦਾਇਗੀਆਂ ਤੋਂ ਸਹਿਜੇ ਹੀ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਮਹੀਨਿਆਂ ਦੌਰਾਨ ਲਏ ਗਏ ਲੋਕ ਪੱਖੀ ਫੈਸਲਿਆਂ ਨੇ ਆਮ ਲੋਕਾਂ, ਕਿਸਾਨਾਂ ਅਤੇ ਹਰ ਵਰਗ ਦਾ ਉਨ੍ਹਾਂ ਦੀਆਂ ਲੋਕ ਪੱਖੀ ਨੀਤੀਆਂ ਵਿਚ ਭਰੋਸਾ ਅਤੇ ਯਕੀਨ ਮੁੜ ਕਾਇਮ ਕਰ ਦਿੱਤਾ ਹੈ। ਸ੍ਰੀ ਸਿੰਗਲਾ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਮਿੱਥੀ 1.05 ਫੀਸਦੀ ਵਿਆਜ ਦਰ ਤੋਂ ਵੱਧ ਕਿਸੇ ਵੀ ਕਿਸਾਨ ਤੋਂ ਵਿਆਜ ਨਾ ਲੈਣ। ਇਸ ਦੌਰਾਨ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਵਿਜੇ ਕਾਲੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਕਣਕ ਦੇ ਸੀਜ਼ਨ ਨੂੰ ਯੋਜਨਾਬੱਧ ਅਤੇ ਰੁਕਾਵਟ ਰਹਿਤ ਢੰਗ ਨਾਲ ਨੇਪਰੇ ਚਾੜ੍ਹਣ ਲਈ ਫੈਡਰੇਸ਼ਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦੀ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬਾਵਜੂਦ ਪੰਜਾਬ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਅਤੇ 1500 ਕਰੋੜ ਰੁਪਏ ਇਸ ਕੰਮ ਲਈ ਰੱਖਣ ਲਈ ਬੇਹਦ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾ.) ਟੀ.ਐਸ. ਸ਼ੇਰਗਿਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਸਕੱਤਰ ਮੰਡੀ ਬੋਰਡ ਅਮਿਤ ਢਾਕਾ ਅਤੇ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਅੰਮ੍ਰਿਤ ਕੌਰ ਗਿੱਲ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ