ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਸ਼ ਕੁਮਾਰ ਨੂੰ ਹੋਲੇ-ਮਹੱਲੇ ਦੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਪੰਜਾਬ ਆਉਣ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਪਟਨਾ, 22 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਵਿੱਚ ਆਪਣੇ ਹਮਰੁਤਬਾ ਨਿਤਿਸ਼ ਕੁਮਾਰ ਨੂੰ ਸਾਲ 2018 ਵਿੱਚ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਮਨਾਏ ਜਾਂਦੇ ਹੋਲਾ-ਮਹੱਲੇ ਦੇ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਜੋ ਇੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹੋਏ ਹਨ, ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਇਹ ਸੱਦਾ ਦਿੱਤਾ।
ਸਰਕਾਰੀ ਬੁਲਾਰੇ ਨੇ ਇਸ ਸੰਖੇਪ ਮੀਟਿੰਗ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ’ਤੇ ਚੇਅਰ ਸਥਾਪਤ ਕੀਤੀ ਗਈ ਹੈ, ਤੋਂ ਇਕ ਟੀਮ ਖੋਜ ਕਾਰਜਾਂ ਲਈ ਦਸਮ ਪਿਤਾ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਪਹੁੰਚ ਰਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਵਾਸਤੇ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਨਿਤਿਸ਼ ਕੁਮਾਰ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੰਗਤ ਲਈ ਕੀਤੇ ਬੰਦੋਬਸਤ ਦੇਖੇ ਹਨ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣੰੂ ਕਰਵਾਇਆ। ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਦਸੰਬਰ ਨੂੰ ਹੋ ਰਹੇ ਵਿਸ਼ਾਲ ਸਮਾਗਮ ਤੋਂ ਪਹਿਲਾਂ ਵਿਸ਼ੇਸ਼ ਪ੍ਰੋਗਰਾਮਾਂ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮ੍ਰਿਤਸਰ ਅਤੇ ਬਠਿੰਡਾ ਤੋਂ ਪਟਨਾ ਸਾਹਿਬ ਲਈ ਤਿੰਨ ਵਿਸ਼ੇਸ਼ ਰੇਲ ਗੱਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਇਨ੍ਹਾਂ ਰੇਲ ਗੱਡੀਆਂ ਨੂੰ ਅੱਜ ਸਵੇਰੇ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ ਜੋ 26 ਦਸੰਬਰ ਨੂੰ ਪੰਜਾਬ ਨੂੰ ਵਾਪਸ ਆਉਣਗੀਆਂ। ਕੈਪਟਨ ਅਮਰਿੰਦਰ ਸਿੰਘ ਅਤੇ ਨਿਤਿਸ਼ ਕੁਮਾਰ ਦੀ ਇਸ ਸਾਲ ਵਿੱਚ ਇਹ ਦੂਜੀ ਮੀਟਿੰਗ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਇਸ ਸਾਲ ਜਨਵਰੀ ਵਿੱਚ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ ਤਾਂ ਉਸ ਵੇਲੇ ਬਿਹਾਰ ਦੇ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ’ਤੇ ਉਨ੍ਹਾਂ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…