nabaz-e-punjab.com

ਕਿਸਾਨਾਂ ਦੀ ਹਾਲਤ ’ਤੇ ਸਿਆਸੀ ਰੋਟੀਆਂ ਸੇਕ ਰਿਹਾ ਸੁਖਪਾਲ ਖਹਿਰਾ: ਕੈਪਟਨ ਅਮਰਿੰਦਰ ਸਿੰਘ

ਆਪ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੁੜਨ ਲਈ ਕੇਜਰੀਵਾਲ ਵਾਲੀ ਸਿਆਸਤ ਸਹਾਈ ਨਹੀਂ ਹੋਵੇਗੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਮਾਨਸਾ ਵਿੱਚ ਨਰਮੇ ਦੇ ਕਿਸਾਨਾਂ ਦੀ ਹਾਲਤ ’ਤੇ ਸਿਆਸੀ ਰੋਟੀਆਂ ਸੇਕਣ ਲਈ ਫਿਟਕਾਰ ਪਾਈ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸੁਖਪਾਲ ਸਿੰਘ ਖਹਿਰਾ ’ਤੇ ਵਰ੍ਹਦਿਆਂ ਆਖਿਆ ਕਿ ਆਪ ਨੇਤਾ ਖਿੱਤੇ ਵਿੱਚ ਨਰਮੇ ਦੀ ਫਸਲ ’ਤੇ ਚਿੱਟੀ ਮੱਖੀ ਦੇ ਹਮਲੇ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਖਹਿਰਾ ਵੱਲੋਂ ਕਿਸਾਨਾਂ ਨੂੰ ਨਕਲੀ ਤੇ ਘਟੀਆ ਮਿਆਰ ਦੇ ਕੀਟਨਾਸ਼ਕ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਦਫ਼ਤਰ ਅਤੇ ਕੈਬਨਿਟ ਮੰਤਰੀ ਦੀ ਸਾਂਝੇਦਾਰੀ ਹੋਣ ਦੇ ਲਾਏ ਦੋਸ਼ਾਂ ’ਤੇ ਸਖ਼ਤ ਪ੍ਰਤੀਕ੍ਰਮ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦਾ ਨੇਤਾ ਜ਼ਮੀਨੀ ਸਥਿਤੀ ਨਾਲ ਜੁੜਿਆ ਹੋਇਆ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਾ ਕੇ ਇਸ ਵਿਸ਼ੇ ’ਤੇ ਸਬਕ ਲੈਣਾ ਚਾਹੀਦਾ ਹੈ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਅਧਿਆਪਕਾਂ ਪਾਸੋਂ ਸੂਬੇ ਵਿੱਚ ਚਿੱਟੀ ਮੱਖੀ ਦੇ ਅਸਰ ਬਾਰੇ ਹੇਠਲੇ ਪੱਧਰ ਦੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਵੀ ਕਰਨੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਵਜੋਂ ਖਹਿਰਾ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਘਟੀਆ ਸਿਆਸਤ ਕਰਨ ਦੀ ਬਜਾਏ ਉਸਾਰੂ ਵਿਰੋਧ ਕਰਨ ਦਾ ਫਰਜ਼ ਅਦਾ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਦਾ ਅਹੁਦਾ ਸ਼ਿਸ਼ਟਾਚਾਰ ਤੇ ਸੁਹਿਰਦਤਾ ਦੀ ਮੰਗ ਕਰਦਾ ਹੈ ਜਿਸ ਬਾਰੇ ਵਿਰੋਧੀ ਧਿਰ ਦੇ ਨੇਤਾ ਪੂਰੀ ਤਰ੍ਹਾਂ ਅਣਜਾਣ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦਰ ਕੇਜਰੀਵਾਲ ਦਾ ਕੰਮ ਕਰਨ ਦਾ ਢੰਗ ਜਿਸ ਦੀ ਨਕਲ ਹੁਣ ਖਹਿਰਾ ਵੀ ਕਰ ਰਹੇ ਹਨ, ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਤੇ ਦਿੱਲੀ ਵਿੱਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਰ-ਵਾਰ ਇਹ ਸਿੱਧ ਕੀਤਾ ਹੈ ਕਿ ਇਸ ਦੀ ਲੋਕਾਂ ਨਾਲ ਜੁੜੇ ਮਸਲਿਆਂ ਪ੍ਰਤੀ ਭੋਰਾ ਵੀ ਦਿਲਚਸਪੀ ਨਹੀਂ ਸਗੋਂ ਲੋਕਾਂ ਵਿੱਚ ਫੋਕੀ ਵਾਹ-ਵਾਹ ਖੱਟਣ ਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਸ਼ਾਇਦ ਇਹ ਭੁੱਲ ਗਏ ਹਨ ਕਿ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਟਕਰਾਅ ਅਤੇ ਕੋਰੇ ਝੂਠ ਦੀ ਸਿਆਸਤ ਪੰਜਾਬ ਵਿੱਚ ਮੂਧੇ ਮੰੂਹ ਡਿੱਗੀ ਹੈ ਅਤੇ ਉਹ ਲੋਕਾਂ ਨੂੰ ਧੋਖਾ ਦੇਣ ਵਿੱਚ ਸਫਲ ਨਹੀਂ ਹੋ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਤੇ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਮਜ਼ਬੂਤੀ ਦੇਣ ਲਈ ਉਸਾਰੂ ਤੇ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…