nabaz-e-punjab.com

ਕੈਪਟਨ ਅਮਰਿੰਦਰ ਵੱਲੋਂ ਡੀਜੀਪੀ ਨੂੰ ਜਲੰਧਰ ’ਚ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਦੀ ਤੁਰੰਤ ਭਾਲ ਕਰਨ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਡੀ.ਜੀ.ਪੀ ਨੂੰ ਜਲੰਧਰ ਵਿੱਚ ਨਵੇਂ ਸੁੰਦਰ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਤੁਰੰਤ ਤਹਿ ਤੱਕ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸੁੰਦਰ ਗੁਟਕਾ ਸਾਹਿਬ ਦੇ ਪੰਨੇ ਫਾੜ ਕੇ ਸੁੱਟਣ ਵਾਲੀਆਂ ਦੀ ਫੌਰੀ ਤੌਰ ’ਤੇ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖਤ ਅਤੇ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਆੜ ਹੇਠ ਸੂਬੇ ਦੇ ਧਰਮ ਨਿਰਪੱਖ ਮਾਹੌਲ ਨੂੰ ਖਰਾਬ ਕਰਨ ਅਤੇ ਉਸ ਵਿੱਚ ਖਲਲ ਪਾਉਣ ਵਾਲਿਆਂ ਵਿਰੁੱਧ ਹਰ ਹਿੱਲਾ ਵਰਤਿਆ ਜਾਵੇ। ਇਹ ਘਟਨਾ ਅੱਜ ਸਵੇਰੇ 11 ਵਜੇ ਦੇ ਕਰੀਬ ਵਾਪਰੀ ਜਿਸ ਵਿੱਚ ਮੋਟਰ ਸਾਇਕਲ ਸਵਾਰ ਦੋ ਨੌਜਵਾਨਾਂ ਜਿਨ੍ਹਾਂ ਨੇ ਸ਼ੇਵ ਕੀਤੀ ਹੋਈ ਸੀ ਨੇ ਜਲੰਧਰ ਨੇੜੇ ਇੱਕ ਨਹਿਰ ਵਿੱਚ ਗੁਟਕਾ ਸਾਹਿਬ ਦੇ ਪੰਨੇ ਫਾੜ ਕੇ ਸੁਟ ਦਿੱਤੇ।
ਸੂਬਾ ਸਰਕਾਰ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਮਾਹੌਲ ਨੂੰ ਹਰ ਹਿੱਲੇ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਜਲੰਧਰ ਦੇ ਡੀ.ਸੀ.ਪੀ ਦੀ ਤਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮੇਂ ਸਿਰ ਢੁਕਵੇਂ ਕਦਮ ਚੁੱਕਦਿਆਂ ਸ਼ਾਂਤਮਈ ਮਾਹੌਲ ਨੂੰ ਬਰਕਰਾਰ ਰੱਖਿਆ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ਅਤੇ ਨੇੜੇ ਗੁਰਦੁਆਰੇ ਵਿੱਚ ਹੋਏ ਇਕੱਠ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਾਇਆ। ਇਸ ਤੋਂ ਬਾਅਦ ਵੱਖ-ਵੱਖ ਗਰੁੱਪਾਂ ਨੇ ਸ਼ਾਂਤੀ ਬਣਾਈ ਰੱਖਣ ਲਈ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸਾਂਝਾ ਅਖੰਡ ਪਾਠ ਸ਼ੁਰੂ ਕਰਾਵਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਸੁਰੱਖਿਆ ਅਮਲੇ ਨੂੰ ਸਾਰੇ ਵਸੀਲੇ ਵਰਤਦਿਆਂ ਦੋਸ਼ੀਆਂ ਦੀ ਭਾਲ ਕਰਨ ਦੇ ਨਾਲ-ਨਾਲ ਧਾਰਮਿਕ ਜਥੇਬੰਦੀਆਂ ਨਾਲ ਵੀ ਲਗਾਤਾਰ ਰਾਬਤਾ ਬਣਾ ਕੇ ਰੱਖਣ ਲਈ ਆਖਿਆ ਤਾਂ ਜੋ ਧਾਰਮਿਕ ਇੱਕਸੁਰਤਾ ਬਰਕਰਾਰ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬੇਅਦਬੀ ਦੇ ਕੇਸਾਂ ਦੀ ਜਾਂਚ ਲਈ ਕਾਇਮ ਕੀਤੇ ਕਮਿਸ਼ਨ ਦੀ ਰਿਪੋਰਟ ਆਉਣ ’ਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਪੂਰੀ ਸਖਤੀ ਵਰਤਣ ਨਾਲ ਇਨ੍ਹਾਂ ਕੇਸਾਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਨਵੀਂ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਦੇ ਹੁਣ ਤੱਕ ਸਿਰਫ 13 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 12 ਨੂੰ ਹੱਲ ਕਰ ਲਿਆ। ਦੋਸ਼ੀਆ ਦੀ ਪਛਾਣ ਕਰਕੇ ਕੇਸ ਦਰਜ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …