ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਹਾਲੀ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਪਿੰਡ ਸਮਗੌਲੀ ਵਿੱਚ ਵੇਸਟ ਮੈਨੇਜਮੈਂਟ ਸਿਸਟਮ ਤੇ ਸੀਵੇਜ ਟਰੀਟਮੈਂਟ ਪਲਾਂਟ ਹੋਵੇਗਾ ਸਥਾਪਿਤ

ਮੁਹਾਲੀ ਵਿੱਚ ਨਵੀਂ ਆਈਟੀਆਈ ਤੇ ਮਾਰਕੀਟ ਕਮੇਟੀ ਅਤੇ ਪੁਲੀਸ ਲਾਈਨ ਦਾ ਵੀ ਕੀਤਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਭਲਾਈ ਅਤੇ ਵਿਕਾਸ ਉਪਰਾਲਿਆਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਯਾਦਗਾਰੀ ਸਰਕਾਰੀ ਕਾਲਜ ਵਿੱਚ 71ਵੇਂ ਗਣਤੰਤਰ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਹਾਜ਼ਰ ਸਨ ਜਿੱਥੇ ਸ਼ਾਨਦਾਰ ਪਰੇਡ ਅਤੇ ਸੱਭਿਆਚਾਰਕ ਵੰਨਗੀਆਂ ਨੇ ਖੂਬ ਰੰਗ ਬੰਨ੍ਹਿਆ। ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਇੰਟੇਗ੍ਰੇਟਿਡ ਵੇਸਟ ਮੈਨੇਜਮੈਂਟ ਸਿਸਟਮ’ ਦਾ ਐਲਾਨ ਕਰਦਿਆਂ ਕਿਹਾ ਕਿ ਰਹਿੰਦ-ਖੂੰਹਦ ਅਤੇ ਸੀਵਰੇਜ ਦਾ ਪ੍ਰਬੰਧਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ ਇਸ ਦਾ ਕਬਜ਼ਾ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਸੌਂਪ ਦਿੱਤਾ ਹੈ। ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਵਾਂ ਸੀਵੇਜ ਟਰੀਟਮੈਂਟ ਪਲਾਂਟ ਖਰੜ ਵਿਖੇ ਸਥਾਪਤ ਕੀਤਾ ਜਾਵੇਗਾ ਜੋ ਉਨ੍ਹਾਂ ਦੀ ਸਰਕਾਰ ਦਾ ਸਾਫ-ਸੁਥਰਾ ਪੰਜਾਬ ਬਣਾਉਣ ਦੀ ਲੜੀ ਦਾ ਹਿੱਸਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰੇ-ਭਰੇ ਪੰਜਾਬ ਲਈ ਲੋੜੀਂਦਾ ਬੁਨਿਆਦੀ ਢਾਂਚਾ ਸਿਰਜਣ ਵਾਸਤੇ ਸਥਿਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ।
ਮੁੱਖ ਮੰਤਰੀ ਨੇ ਖਰੜ ਬਲਾਕ ਦੇ ਪਿੰਡ ਤ੍ਰਿਪੜੀ ਵਿੱਚ ਨਵੀਂ ਉਦਯੋਗਿਕ ਸਿਖਲਾਈ ਸੰਸਥਾ (ਆਈਟੀਆਈ) ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਕਿ ਹੁਨਰ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਈਟੀਆਈ ਖੋਲ੍ਹਣ ਲਈ ਪਿੰਡ ਦੀ ਪੰਚਾਇਤ ਵੱਲੋਂ ਜ਼ਮੀਨ ਤੋਹਫੇ ਵਜੋਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਜਿਸ ਨਾਲ ਸੂਬਾ ਹੋਰ ਤਰੱਕੀ ਕਰੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਮੁਹਾਲੀ ਵਿਖੇ ਨਵੀਂ ਮਾਰਕੀਟ ਕਮੇਟੀ ਸਥਾਪਤੀ ਕੀਤੀ ਜਾਵੇਗੀ ਜਿਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦੇ ਮੰਡੀਕਰਨ ਅਤੇ ਨਿਰਵਿਘਨ ਖਰੀਦ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਂ ਮਾਰਕੀਟ ਕਮੇਟੀ ਮੰਡੀਆਂ ਦੇ ਕੰਮਕਾਜ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਸ਼ੁੱਧ ਬੀਜ ਅਤੇ ਹੋਰ ਸਮੱਗਰੀ ਦੇਣ ਵਿੱਚ ਸਹਾਇਤਾ ਕਰੇਗੀ। ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹੇ ਵਿੱਚ ਪੁਲੀਸ ਲਾਈਨ ਦੇ ਨਿਰਮਾਣ ਦਾ ਵੀ ਐਲਾਨ ਕੀਤਾ ਤਾਂ ਕਿ ਪੁਲੀਸ ਫੋਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ ਟੀ ਅੈਸ ਸ਼ੇਰਗਿੱਲ, ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ, ਲੋਕ ਸੰਪਰਕ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ, ਆਈਜੀ ਪ੍ਰਮੋਦ ਬਾਨ, ਐਸਐਸਪੀ ਕੁਲਦੀਪ ਸਿੰਘ ਚਾਹਲ, ਮੇਅਰ ਕੁਲਵੰਤ ਸਿੰਘ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸਪੀ ਹਰਵਿੰਦਰ ਸਿੰਘ ਵਿਰਕ, ਐਸਡੀਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨ (ਜਨਰਲ) ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨ (ਸ਼ਿਕਾਇਤਾਂ) ਸ੍ਰੀਮਤੀ ਪੂਜਾ ਸਿਆਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…