ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਾਈਵੇਅ ਨਾ ਰੋਕਣ ਦੀ ਅਪੀਲ

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਦਿੱਤੀ ਨਤੀਜੇ ਭੁਗਤਣ ਦੀ ਚੇਤਾਵਨੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਦਸੰਬਰ:
ਲੋਕਾਂ ਦੀ ਭਲਾਈ ਦੀ ਆੜ ਵਿੱਚ ਸੜਕਾਂ ਰੋਕਣ ਲਈ ਅਕਾਲੀਆਂ ਨੂੰ ਲੰਮੇਂ ਹੱਥੀਂ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਹਾਈਵੇ ਨਾ ਰੋਕਣ ਦਾ ਸੰਕਲਪ ਲੈਣ ਅਤੇ ਵਿਰੋਧ ਪ੍ਰਦਰਸ਼ਨ ਦੇ ਹੋਰ ਢੰਗ-ਤਰੀਕੇ ਲੱਭਣ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀਆਂ ਵੱਲੋਂ ਰਾਜ ਵਿੱਚ ਸੜਕਾਂ ਜਾਮ ਕਰਨ ਨਾਲ ਲੋਕਾਂ ਨੂੰ ਪੇਸ਼ ਆਈਆਂ ਅਥਾਹ ਸਮੱਸਿਆਵਾਂ ਬਾਰੇ ਟਵਿਟਰ ’ਤੇ ਦਿੱਤੀ ਆਪਣੀ ਟਿੱਪਣੀ ਤੋਂ ਬਾਅਦ ਅੱਜ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਲਈ ਮੁਸ਼ਕਲਾਂ ਪੈਦਾ ਕਰਨ ਵਾਲਾ ਹਰ ਕਿਸਮ ਦਾ ਵਿਰੋਧ ‘ਲੋਕਤੰਤਰਿਕ’ ਨਹੀਂ ਕਿਹਾ ਜਾ ਸਕਦਾ ਅਤੇ ਕੌਮੀ ਮਾਰਗ ਰੋਕਣਾ ਕਾਨੂੰਨ ਤਹਿਤ ਜੁਰਮ ਹੈ। ਮੁੱਖ ਮੰਤਰੀ ਨੇ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਿਸੇ ਨੂੰ ਵੀ ਕਾਨੂੰਨ ਤੋੜਨ ਨਹੀਂ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਕਾਨੂੰਨ ਤੋੜਦਾ ਹੈ ਤਾਂ ਉਸ ਨੂੰ ਉਸਦਾ ਸਿੱਟਾ ਭੁਗਤਣਾ ਪਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿੱਚ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਨਾ ਹੀ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਦੇ ਧਰਨਿਆਂ ਦੇ ਨਤੀਜੇ ਵਜੋਂ ਲੱਖਾਂ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਨੇ ਇਕ ਨੋਟੰਕੀ ਤੋਂ ਵੱਧ ਹੋਰ ਕੁਝ ਵੀ ਨਹੀਂ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ ਹਨ ਜਿਨ੍ਹਾਂ ਨੂੰ ਥੋੜ ਚਿਰੇ ਨਿੱਜੀ ਲਾਭਾਂ ਤੋਂ ਅੱਗੇ ਕੁਝ ਵੀ ਨਹੀਂ ਦਿਸਦਾ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਧਰਨੇ ’ਤੇ ਬੈਠਣ ਕਾਰਨ ਫੌਜੀ ਕਾਫਿਲੇ ਆਪਣੀ ਜ਼ਰੂਰੀ ਸਪਲਾਈ ਨੂੰ ਅੱਗੇ ਆਪਣੇ ਫੌਜੀਆਂ ਤੱਕ ਨਹੀਂ ਪਹੁੰਚਾ ਸਕੇ ਜੋ ਕਿ ਸਰਹੱਦਾਂ ’ਤੇ ਦੇਸ਼ ਦੀ ਰੱਖਿਆ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਧਰਨੇ ਬਿਲਕੁਲ ਫਜ਼ੂਲ ਸਨ ਅਤੇ ਰਾਸ਼ਟਰੀ ਰਾਜ ਮਾਰਗ ਰਣਨੀਤਕ ਤੌਰ ’ਤੇ ਫੌਜ ਲਈ ਬਹੁਤ ਜ਼ਿਆਦਾ ਮਹੱਤਵਪੂਰਨ ਹੋਣ ਤੋਂ ਇਲਾਵਾ ਇਹ ਆਮ ਲੋਕਾਂ ਦੀ ਜੀਵਨ ਰੇਖਾ ਵੀ ਹਨ। ਇਸ ਕਰਕੇ ਇਨ੍ਹਾਂ ਪ੍ਰਮੁੱਖ ਸੜਕਾਂ ਨੂੰ ਰੋਕੇ ਜਾਣ ਨੂੰ ਕਿਸੇ ਵੀ ਸੂਰਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਧਰਨਿਆਂ ਦੌਰਾਨ ਰਾਹ ਰੋਕ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕੀਤਾ। ਇਸ ਦੇ ਨਾਲ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਪਰੇਸ਼ਾਨੀ ਝੱਲਣੀ ਪਈ ਜੋ ਕਿ ਵਿਸ਼ਵ ਦਾ ਸ਼ਰਧਾਲੂਆਂ ਦਾ ਪ੍ਰਮੁੱਖ ਸਥਾਨ ਹੈ ਜਦਕਿ ਇਸ ਦੇ ਉਲਟ ਅਕਾਲੀ ਸਿੱਖ ਧਰਮ ਦੇ ਆਪਣੇ ਆਪ ਨੂੰ ਰਖਵਾਲੇ ਦੱਸਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਮ.ਸੀ. ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਚੋਣ ਕਮਿਸ਼ਨ ਨੇ ਇਕ ਵਾਧੂ ਦਿਨ ਦਿੱਤਾ ਸੀ ਜਿਸ ਦਾ ਅਕਾਲੀਆਂ ਨੂੰ ਫਾਇਦਾ ਉਠਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਸ ਵਾਧੂ ਦਿਨ ਵੀ ਅਕਾਲੀਆਂ ਨੇ ਇਕ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਮਾਮਲੇ ’ਤੇ ਸੁਖਬੀਰ ਪੂਰੀ ਤਰ੍ਹਾਂ ਝੂਠ ਬੋਲਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਸੱਚ-ਮੁੱਚ ਹੀ ਉਨ੍ਹਾਂ ਦੀ ਜਾਇਜ਼ ਚਿੰਤਾ ਹੁੰਦੀ ਤਾਂ ਅਕਾਲੀਆਂ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਸੀ ਅਤੇ ਹਾਈਵੇਜ਼ ਨੂੰ ਰੋਕਣਾ ਤਾਂ ਸਾਰੀਆਂ ਗੱਲਾਂ ਖਤਮ ਹੋਣ ਤੋਂ ਬਾਅਦ ਅੰਤਿਮ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਇਹ ਆਪਣੀ ਨਿਰਾਸ਼ਾ ’ਚੋਂ ਉਪਜੀ ਕਾਰਵਾਈ ਸੀ ਕਿਉਂਕਿ ਉਨ੍ਹਾਂ ਨੇ ਆਪਣੀ ਹਾਰ ਨੂੰ ਪਹਿਲਾਂ ਹੀ ਭਾਂਪ ਲਿਆ ਸੀ ਜਿਸ ਦੀ ਇਬਾਰਤ ਪਹਿਲਾਂ ਹੀ ਸਪੱਸ਼ਟ ਤੌਰ ’ਤੇ ਲਿਖੀ ਜਾ ਚੁੱਕੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਤੋਂ ਬਾਅਦ ਸਿਆਸੀ ਤੌਰ ’ਤੇ ਆਪਣੇ ਆਪ ਨੂੰ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਅਸਫਲ ਹੋਏ ਹਨ। ਆਵਾਮ ਨੂੰ ਲਾਮਬੰਦ ਕਰਨ ਦੇ ਅਕਾਲੀਆਂ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹੋਏ ਅਤੇ ਇਨ੍ਹਾਂ ਨੂੰ ਝੂਠੇ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਹੁਣ ਨਿਰਾਸ਼ਾ ਵਿੱਚ ਹੇਠਲੇ ਪੰਧਰ ਦੀ ਸਿਆਸਤ ਕਰ ਰਹੇ ਹਨ ਅਤੇ ਉਨ੍ਹਾਂ ਨੇ ਆਪਣੀ ਖੁਸੀ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਇਸ ਤਰ੍ਹਾਂ ਦੀ ਤੁਛ ਸਿਆਸਤ ’ਤੇ ਨਜ਼ਰ ਰੱਖੀ ਹੋਈ ਹੈ।
ਉਹ ਆਮ ਆਦਮੀ ਪਾਰਟੀ ਵਾਂਗ ਵਿਹਵਾਰ ਕਰ ਰਹੇ ਹਨ ਅਤੇ ਉਹ ਇਸ ਗੱਲ ਨੂੰ ਮਹਿਸੂਸ ਨਹੀਂ ਕਰ ਰਹੇ ਕਿ ਉਨ੍ਹਾਂ ਦਾ ਹਸ਼ਰ ਵੀ ਅਰਵਿੰਦ ਕੇਜਰੀਵਾਲ ਵਾਲੀ ਪਾਰਟੀ ਵਰਗਾ ਹੋਵੇਗਾ ਜੋ ਕਿ ਆਪਣੀ ਸਿਆਸੀ ਖੇਡ ਦੇ ਹਿੱਸੇ ਵਜੋਂ ਸੜਕਾਂ ਮੱਲਦੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਅਕਾਲੀ ਪੂਰੀ ਤਰ੍ਹਾਂ ਹਾਸ਼ੀਏ ’ਤੇ ਚਲੇ ਗਏ ਹਨ ਅਤੇ ਨੇੜਲੇ ਭਵਿੱਖ ਵਿੱਚ ਉਨ੍ਹਾਂ ਦੀ ਪੁਨਰ ਸੁਰਜੀਤੀ ਦੀ ਕੋਈ ਆਸ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਦੇ ’ਤੇ ਲੋਕਾਂ ਦੇ ਹਿੱਤਾਂ ਨੂੰ ਨਾ ਰੱਖਣ ਵਾਲੀ ਸਿਆਸੀ ਪਾਰਟੀ ਕਦੀ ਵੀ ਜਿਉਂਦਾ ਨਹੀਂ ਰਹੀ ਸਕਦੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…