Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਗੋਲੀ ਕਾਂਡ ਲਈ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਚ ਕਮਿਸ਼ਨ ਆਪਣੀ ਰਿਪੋਰਟ ਵਿੱਚ ਸਿੱਧ ਕਰੇਗਾ ਸਾਬਕਾ ਮੁੱਖ ਮੰਤਰੀ ਦੀ ਕਥਿਤ ਸ਼ਮੂਲੀਅਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਨਮਾਨ ਵਿੱਚ ਨਵੀਂ ਦਿੱਲੀ ਵਿੱਚ ਹੋਇਆ ਵਿਸ਼ਾਲ ਸਨਮਾਨ ਸਮਾਰੋਹ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 8 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2015 ਵਿੱਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਹੋਈ ਪੁਲੀਸ ਗੋਲੀਬਾਰੀ ਲਈ ਸਿੱਧੇ ਤੌਰ ’ਤੇ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਿਹਾ ਕਮਿਸ਼ਨ ਆਪਣੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਦੀ ਸ਼ਮੂਲੀਅਤ ਜ਼ਾਹਰ ਕਰੇਗਾ। ਕੈਪਟਨ ਨੇ ਕਿਹਾ ਕਿ ਇਕ ਐਸ.ਪੀ. ਕਿਵੇਂ ਗੋਲੀ ਚਲਾਉਣ ਦਾ ਹੁਕਮ ਦੇ ਸਕਦਾ ਹੈ, ਉਸ ਨੂੰ ਸਪੱਸ਼ਟ ਤੌਰ ’ਤੇ ਅਜਿਹਾ ਕਰਨ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਕਹਿੰਦੇ ਆਏ ਹਨ ਕਿ ਇਸ ਪੁਲੀਸ ਗੋਲੀਬਾਰੀ ਪਿੱਛੇ ਬਾਦਲ ਦਾ ਹੱਥ ਹੈ ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਸਮਾਰੋਹ ਦੌਰਾਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਵਿੱਚ ਵੱਖ-ਵੱਖ ਉਘੀਆਂ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਪਿਛਲੀ ਬਾਦਲ ਸਰਕਾਰ ਵਿੱਚ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਬੇਅਦਬੀ ਦੇ 183 ਮਾਮਲੇ ਸਾਹਮਣੇ ਆਏ ਸਨ ਜਿਨ੍ਹਾਂ ਵਿੱਚੋਂ ਅਜੇ ਤੱਕ 121 ਕੇਸ ਅਣਸੁਲਝੇ ਹਨ ਜਦਕਿ ਦੂਜੇ ਪਾਸੇ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 13 ਘਟਨਾਵਾਂ ਵਾਪਰੀਆਂ ਜਿਨ੍ਹਾਂ ਵਿੱਚ ਹੁਣ ਤੱਕ 12 ਮਾਮਲੇ ਸੁਲਝਾਏ ਜਾ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਹਮੇਸ਼ਾ ਹੀ ਸਿਆਸਤ ਨੂੰ ਧਰਮ ਨਾਲ ਜੋੜ ਕੇ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। ਉਨ੍ਹਾਂ ਨੇ ਪਿਛਲੀ ਸਰਕਾਰ ’ਤੇ ਸੂਬੇ ਵਿੱਚ ਆਰਥਿਕਤਾ ਤਬਾਹ ਕਰਨ ਅਤੇ ਫਿਰਕੂ ਅਸ਼ਾਂਤੀ ਪੈਦਾ ਕਰਨ ਲਈ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਦੌਰਾਨ ਦਰਜੇ ਕੀਤੇ ਝੂਠੇ ਪਰਚੇ ਵੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਕਾਇਮ ਕੀਤੇ ਕਮਿਸ਼ਨ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਬੇਕਸੂਰ ਲੋਕਾਂ ਖ਼ਿਲਾਫ਼ ਇਕ ਲੱਖ ਤੋਂ ਵੱਧ ਕੇਸ ਦਰਜ ਕੀਤੇ ਅਤੇ ਅਜਨਾਲਾ ਦੇ ਇਕੱਲੇ ਨੌਜਵਾਨ ਵਿਰੁੱਧ ਹੀ ਲਗਪਗ 28 ਕੇਸ ਦਰਜ ਕੀਤੇ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਅਕਾਲੀ ਸਰਕਾਰ ਦੀਆਂ ਮਾੜੇ ਕਾਰਨਾਮਿਆਂ ਖਿਲਾਫ਼ ਬਹੁਤ ਜ਼ਿਆਦਾ ਰੋਹ ਸੀ ਜਿਸ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਇਸ ਪਾਰਟੀ ਦੀ ਝੋਲੀ ਵਿੱਚ ਸ਼ਰਮਨਾਕ ਹਾਰ ਪਾਈ। ਕੈਪਟਨ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਵਿੱਚ ਸਫਲਤਾ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ਕਦਮ ਨੇ ਸੂਬੇ ਨੂੰ ਮੁੜ ਪੱਟੜੀ ’ਤੇ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿੱਚ ਸ਼ਾਮਲ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਬੇਰੁਜ਼ਗਾਰੀ ਨੂੰ ਵੱਡੀ ਸਮੱਸਿਆ ਦੱਸਦਿਆਂ ਆਖਿਆ ਕਿ ਸੂਬੇ ਵਿੱਚ 90 ਲੱਖ ਨੌਜਵਾਨ ਬੇਰੁਜ਼ਗਾਰ ਜਾਂ ਮਾਮੂਲੀ ਤਨਖਾਹ ’ਤੇ ਕੰਮ ਕਰਨ ਵਾਲੇ ਹਨ ਅਤੇ ਉਨ੍ਹਾਂ ਦੀ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਇਸ ਸਮਾਰੋਹ ਵਿੱਚ ਸ਼ਾਮਲ ਹਾਜ਼ਰੀਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਆ ਰਿਹਾ ਹੈ ਜੋ ਆਉਂਦੇ ਦਿਨਾਂ ਅਤੇ ਹਫਤਿਆਂ ਵਿੱਚ ਰਫ਼ਤਾਰ ਫੜੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸੂਬੇ ਦੀ ਕੀਤੀ ਮਾੜੀ ਸਥਿਤੀ ਨੂੰ ਉਨ੍ਹਾਂ ਦੀ ਸਰਕਾਰ ਸੁਧਾਰੇਗੀ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਅਤੇ ਇਸ ਸਮਾਰੋਹ ਵਿੱਚ ਦਿੱਲੀ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ, ਉੱਘੇ ਸਨਅਤਕਾਰ, ਕਾਨੂੰਨਦਾਨ ਅਤੇ ਹੋਰ ਸ਼ਖਸੀਅਤਾਂ ਸ਼ਾਮਲ ਸਨ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਅਕਾਲੀ ਲੀਡਰ ਮਨਜੀਤ ਸਿੰਘ ਕਲਕੱਤਾ ਹਾਜ਼ਰ ਸਨ। ਸ੍ਰੀ ਸਰਨਾ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਿੱਖੀ ਦੀ ਆਨ ਅਤੇ ਸ਼ਾਨ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਨੇ ਰਾਜ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਦਕਿ ਬੇਅਦਬੀ ਦੀਆਂ ਘਟਨਾਵਾਂ ਤਾਂ ਬਹੁਤ ਹੀ ਮੰਦਭਾਗੀਆਂ ਸਨ। ਕੈਪਟਨ ਨੂੰ ਪੰਜਾਬ ਦੇ ਹਰ ਵਰਗਾ ਦਾ ਸਰਬ ਪ੍ਰਵਾਨਤ ਆਗੂ ਕਰਾਰ ਦਿੰਦਿਆਂ ਉਨ੍ਹਾਂ ਆਖਿਆ ਕਿ ਸਿੱਖੀ ਦੀ ਆਨ ਅਤੇ ਸ਼ਾਨ ਦੀ ਰਾਖੀ ਦੀ ਉਨ੍ਹਾਂ ਦੀ ਖਾਨਦਾਨੀ ਰਵਾਇਤ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਫਿਲਾਸਫ਼ਰਾਂ, ਬੁੱਧੀਜੀਵੀਆਂ ਦੀ ਉੱਚ ਪੱਧਰੀ ਕਮੇਟੀ ਬਣਾਉਣ ਦੀ ਅਪੀਲ ਵੀ ਕੀਤੀ। ਕਰਤਾਰਪੁਰ ਦੇ ਲਾਂਘੇ ਨੂੰ ਖੁੱਲ੍ਹਵਾਉਣ ਦੀ ਸ੍ਰੀ ਸਰਨਾ ਦੀ ਅਪੀਲ ’ਤੇ ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਕਰਤਾਰਪੁਰ ਦੇ ਲਾਂਘੇ ਨੂੰ ਖੁਲ੍ਹਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉੱਘੇ ਵਕੀਲ ਸ੍ਰੀ ਕੇ.ਟੀ.ਐਸ. ਤੁਲਸੀ ਨੇ ਪੰਜਾਬ ਵਿੱਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਦੇਣ ਲਈ ਸਮੂਹ ਪੰਜਾਬੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਣਕ ਦੀ ਨਿਰਵਿਘਨ ਨੂੰ ਯਕੀਨੀ ਬਣਾਉਣ ਲਈ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਦ੍ਰਿੜ ਸੰਕਲਪ ਸਦਕਾ ਹੀ ਨਸ਼ਾ ਅਤੇ ਟ੍ਰਾਂਸਪੋਰਟ ਮਾਫ਼ੀਆ ਦੇ ਪੈਰ ਉਖੜਨੇ ਸ਼ੁਰੂ ਹੋ ਗਏ ਹਨ। ਸ਼੍ਰੀਮਤੀ ਸ਼ੀਲਾ ਦੀਕਸ਼ਿਤ ਨੇ ਕੈਪਟਨ ਅਮਰਿੰਦਰ ਸਿੰਘ ਦੇ ਲੰਬੇ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦਿਆਂ ਆਖਿਆ ਕਿ ਦੇਸ਼ ਅਤੇ ਕਾਂਗਰਸ ਨੂੰ ਅਜਿਹੀਆਂ ਸ਼ਖਸੀਅਤਾਂ ਦੀ ਲੋੜ ਹੈ। ਸ਼੍ਰੀਮਤੀ ਪਰਨੀਤ ਕੌਰ ਨੇ ਆਪਣੇ ਸੰਖੇਪ ਸੰਬੋਧਨ ਵਿੱਚ ਆਖਿਆ ਕਿ ਲੋਕਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨਾਲ ਸਹਿਯੋਗ ਦੀ ਭਾਵਨਾ ਨਾਲ ਕੰਮ ਕਰਕੇ, ਰਾਜ ਨੂੰ ਦਰਪੇਸ਼ ਮੁਸ਼ਕਲਾਂ ਜਿਵੇਂ ਕਿ ਨਸ਼ਿਆਂ ਦੇ ਸ਼ਰਾਪ ਅਤੇ ਕਿਸਾਨ ਖੁਦਕਸ਼ੀਆਂ ’ਤੇ ਕਾਬੂ ਪਾਉਣ ਵਿੱਚ ਮੱਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਮਨਜੀਤ ਸਿੰਘ ਕਲਕੱਤਾ ਨੇ ਅਕਾਲੀਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਵਿੱਚ ਹਿੰਸਾ ਲਈ ਉਕਸਾਉਣ ਦੇ ਫਰੰਟ ਵਜੋਂ ਵਰਤਣ ’ਤੇ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਅਕਾਲੀਆਂ ਦੇ ਧਰਨਿਆਂ ਵਿੱਚ ਸ਼ਾਮਲ ਹੋਣ ਦੇ ਕਦਮ ਨੂੰ ਮੰਦਭਾਗਾ ਦੱਸਦਿਆਂ ਆਖਿਆ ਕਿ ਇਹ ਦਰਸਾਉਂਦਾ ਹੈ ਕਿ ਅਕਾਲੀ ਆਪਣੇ ਸਿਆਸੀ ਹਿੱਤਾਂ ਲਈ ਧਾਰਮਿਕ ਸੰਸਥਾ ਦੀ ਵਰਤੋਂ ਕਰਨ ਦੇ ਯਤਨ ਕਰ ਰਹੇ ਹਨ। ਖਾਲਸਾ ਕਾਲਜ ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਲਕੱਤਾ ਨੇ ਉਨ੍ਹਾਂ ਨੂੰ ਚੀਫ ਖਾਲਸਾ ਦੀਵਾਨ ਦੀ ਰਾਖੀ ਕਰਨ ਦੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ