Nabaz-e-punjab.com

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਈ

ਕਿਸਾਨ ਯੂਨੀਅਨਾਂ ਨੂੰ ਬਿਜਲੀ ਚੋਰੀ ਰੋਕਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਹਿਯੋਗ ਦੇਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 16 ਸਤੰਬਰ:
ਪੰਜਾਬ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਪਾਸੋਂ ਬਿਜਲੀ ਚੋਰੀ ਰੋਕਣ ਅਤੇ ਤੇਜ਼ੀ ਨਾਲ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।
ਅੱਜ ਇੱਥੇ ਪੰਜਾਬ ਭਵਨ ਵਿਖੇ ਕਿਸਾਨ ਸੰਘਰਸ਼ ਕਮੇਟੀ (ਪੰਨੂ ਗਰੁੱਪ) ਦੇ ਵਫਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਿਜਲੀ ਚੋਰੀ ਦੇ ਖਤਰਨਾਕ ਰੁਝਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਇਸ ਨੂੰ ਰੋਕਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਪਾਵਰਕਾਮ ਨੂੰ ਆਰਥਿਕ ਪੱਖੋਂ ਯੋਗ ਬਣਾਇਆ ਜਾ ਸਕੇ। ਸਰਹੱਦੀ ਇਲਾਕਿਆਂ ਵਿੱਚ ਖਾਸ ਕਰਕੇ ਸਥਿਤੀ ਬਹੁਤ ਭਿਆਨਕ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਬਿਜਲੀ ਚੋਰੀ ਦੀ ਘਟਨਾ ਨੂੰ ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਕੋਲ ਲਿਜਾਣ ਲਈ ਆਖਿਆ।
ਮੁੱਖ ਮੰਤਰੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹੈ ਅਤੇ ਕਿਸਾਨਾਂ ਦੀ ਭਲਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਲਈ ਵਚਨਬੱਧ ਹੈ। ਘਰੇਲੂ ਖਪਤਕਾਰਾਂ ਦੇ 31 ਮਾਰਚ, 2016 ਤੱਕ ਬਿਜਲੀ ਬਿਲਾਂ ਦੀ 137.56 ਕਰੋੜ ਰੁਪਏ ਦੀ ਬਕਾਇਆ ਰਕਮ ਦੇ ਮਸਲੇ ’ਤੇ ਮੁੱਖ ਮੰਤਰੀ ਨੇ ਆਖਿਆ ਕਿ ਇਹ ਮਾਮਲਾ ਪਹਿਲਾਂ ਹੀ ਸਰਕਾਰ ਦੇ ਵਿਚਾਰ ਅਧੀਨ ਹੈ। ਉਨਾਂ ਨੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਮਾਮਲਾ ਵਿਸਥਾਰ ਵਿੱਚ ਘੋਖਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਇਹ ਦੱਸਿਆ ਗਿਆ ਕਿ ਪਾਵਰਕਾਮ ਨੇ ਅਜੇ ਤੱਕ ਘਰੇਲੂ ਖਪਤਕਾਰਾਂ ’ਤੇ ਆਧਾਰਤ ਵੱਖ-ਵੱਖ ਸ਼੍ਰੇਣੀਆਂ ਦੇ ਇਹ ਬਕਾਇਆ ਬਿਲ ਇਕੱਤਰ ਨਹੀਂ ਕੀਤੇ ਅਤੇ ਨਾ ਹੀ ਬਿਲ ਅਦਾ ਨਾ ਕਰਨ ਦੀ ਸੂਰਤ ਵਿੱਚ ਉਨਾਂ ਦੇ ਕੁਨੈਕਸ਼ਨ ਕੱਟੇ ਹਨ। ਇਨਾਂ ਸ਼੍ਰੇਣੀਆਂ ਵਿੱਚ ਅਨੁਸੂਚਿਤ ਜਾਤੀਆਂ, ਗੈਰ ਅਨੁਸੂਚਿਤ ਜਾਤੀਆਂ, ਗਰੀਬੀ ਰੇਖਾ ਤੋਂ ਹੇਠਲੇ ਵਰਗਾਂ ਅਤੇ ਪੱਛੜੀਆਂ ਸ਼੍ਰੇਣੀਆਂ ਸ਼ਾਮਲ ਹਨ।
ਵੱਖ-ਵੱਖ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਬਾਰੇ ਯੂਨੀਅਨ ਵੱਲੋਂ ਕੀਤੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੋੜੀਂਦਾ ਏਜੰਡਾ ਲਿਆਉਣ ਦੇ ਆਦੇਸ਼ ਦਿੱਤੇ। ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਸੱਤ ਵਿਅਕਤੀਆਂ ਨੂੰ ਹੁਣ ਤੱਕ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ ਅਤੇ ਬਾਕੀ ਤਿੰਨਾਂ ਨੂੰ ਵੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ।
ਵਧੀਕ ਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਮਾਲ, ਰਾਹਤ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਨੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ/ਖੇਤ ਕਾਮਿਆਂ ਨੂੰ ਮੁਆਵਜ਼ਾ ਦੇਣ ਦੀ ਰਕਮ ਵਿੱਚ ਪ੍ਰਤੀ ਪੀੜਤ ਪਰਿਵਾਰ ਦੋ ਲੱਖ ਰੁਪਏ ਤੋਂ ਵਧਾ ਕੇ ਤਿੰਨ ਲੱਖ ਰੁਪਏ ਕਰ ਦਿੱਤੀ ਹੈ। ਹੁਣ ਤੱਕ ਅੰਮਿ੍ਰਤਸਰ ਜ਼ਿਲੇ ਦੇ 13 ਪੀੜਤ ਪਰਿਵਾਰਾਂ ਅਤੇ ਤਰਨ ਤਾਰਨ ਜ਼ਿਲੇ ਦੇ 31 ਅਜਿਹੇ ਪਰਿਵਾਰਾਂ ਨੂੰ ਸੋਧੀ ਹੋਈ ਨੀਤੀ ਤਹਿਤ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਕਰਜ਼ਾ ਰਾਹਤ ਸਕੀਮ ਤਹਿਤ 5.79 ਲੱਖ ਯੋਗ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 4678 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ।
ਪ੍ਰਦਰਸ਼ਨਕਾਰੀਆਂ ਵਿਰੁੱਧ ਪਿਛਲੇ ਸਮੇਂ ਦਰਜ ਹੋਏ ਅਪਰਾਧਿਕ ਮਾਮਲਿਆਂ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਅੱਠ ਐਫ.ਆਈ.ਆਰਜ਼. ਪੰਜਾਬ ਪੁਲੀਸ ਵੱਲੋਂ ਦਰਜ ਕੀਤੀਆਂ ਗਈਆਂ ਹਨ ਅਤੇ ਨੌਂ ਐਫ.ਆਈ.ਆਰਜ਼ ਰੇਲਵੇ ਪ੍ਰੋਟੈਕਸ਼ਨ ਫੋਰਸ ਨੇ ਦਰਜ ਕੀਤੀਆਂ ਹਨ। ਪੰਜਾਬ ਪੁਲੀਸ ਵੱਲੋਂ ਦਰਜ ਸਾਰੇ ਅੱਠ ਮਾਮਲਿਆਂ ਨੂੰ ਰੱਦ ਕਰਨ ਦੀਆਂ ਰਿਪੋਰਟਾਂ ਅਦਾਲਤ ਵਿੱਚ ਸੌਂਪੀਆਂ ਜਾ ਚੁੱਕੀਆਂ ਹਨ। ਇਨਾਂ ਵਿੱਚੋਂ ਇਕ ਰਿਪੋਰਟ ਨੂੰ ਅਦਾਲਤ ਨੇ ਅਗਲੇਰੀ ਜਾਂਚ ਲਈ ਵਾਪਸ ਕਰ ਦਿੱਤਾ ਹੈ ਜਦਕਿ ਸੂਬਾ ਸਰਕਾਰ ਵੱਲੋਂ ਆਰ.ਪੀ.ਐਫ. ਦੇ ਨੌਂ ਕੇਸਾਂ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਰਸਾਈਆਂ ਅਪਰਾਧਿਕ ਸ਼ਿਕਾਇਤਾਂ/ਕੇਸਾਂ ਨੂੰ ਘੋਖਣ ਲਈ ਆਈ.ਜੀ.ਪੀ. ਕ੍ਰਾਈਮ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਪੜਤਾਲ ਕਾਰਵਾਈ ਅਧੀਨ ਹੈ।
ਗੰਨਾ ਮਿਲਾਂ ਦੀ ਪਿੜਾਈ ਦੀ ਮੌਜੂਦਾ ਸਮਰੱਥਾ ਵਧਾਉਣ ਦੀ ਮੰਗ ’ਤੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਨੇ ਦੱਸਿਆ ਕਿ ਗੁਰਦਾਸਪੁਰ ਸਹਿਕਾਰੀ ਖੰਡ ਮਿਲ ਦੀ ਸਮਰੱਥਾ 5000 ਟਨ ਗੰਨਾ ਇਕ ਦਿਨ ਵਿੱਚ ਪੀੜਣ ਲਈ ਵਧਾਉਣ ਦੇ ਮੁੱਦੇ ’ਤੇ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਇਸ ਉਦੇਸ਼ ਲਈ ਗਠਿਤ ਕੈਬਨਿਟ ਸਬ-ਕਮੇਟੀ ਨੇ ਸਾਰੀਆਂ ਸਹਿਕਾਰੀ ਖੰਡ ਮਿਲਾਂ ਨੂੰ ਅਪਗ੍ਰੇਡ ਕਰ ਕੇ ਸ਼ੂਗਰ ਕੰਪਲੈਕਸਾਂ ਵਿੱਚ ਤਬਦੀਲ ਕਰਨ ਲਈ ਆਪਣੀ ਰਿਪੋਰਟ ਨੂੰ ਅੰਤਮ ਰੂਪ ਦੇ ਦਿੱਤਾ ਹੈ ਜਿਸ ਨਾਲ ਮਿਲਾਂ ਨੂੰ ਲੰਮੇ ਸਮੇਂ ਲਈ ਹੰਡਣਸਾਰ ਬਣਾਇਆ ਜਾ ਸਕੇਗਾ। ਵਿਚਾਰ-ਚਰਚਾ ’ਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਫਦ ਦੇ ਮੈਂਬਰਾਂ ਨੂੰ ਇਸ ਸਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਕਿਉਂਜੋ ਇਸ ਸਾਲ ਇਤਫਾਕਵੱਸ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹੈ ਅਤੇ ਗੁਰੂ ਸਾਹਿਬ ਜੀ ਨੇ ਕੁਦਰਤੀ ਵਸੀਲਿਆਂ ਹਵਾ, ਪਾਣੀ ਤੇ ਧਰਤੀ ਦੀ ਸੰਭਾਲ ਲਈ ਲੋਕਾਈ ਨੂੰ ਸੰਦੇਸ਼ ਦਿੱਤਾ। ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਸਵਾਜੀਤ ਖੰਨਾ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਸ਼ਾਮਲ ਸਨ। ਵਫਦ ਦੀ ਅਗਵਾਈ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਨੇ ਕੀਤੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…