Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਆਗਾਜ਼ ਦੂਜੇ ਪੜਾਅ ਵਿੱਚ ਪੰਜਾਬ ਭਰ ਵਿੱਚ 22 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਵੀ ਮਿਲੇ 877 ਟੈਬਲਟ ਸਿੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਸਮਰੱਥਾਵਾਨ ਬਣਾਉਣਗੇ ਸਮਾਰਟ ਫੋਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ: ਕਰੋਨਾ ਮਹਾਮਾਰੀ ਦੌਰਾਨ ਸਰਕਾਰੀ ਸਕੂਲਾਂ ਵਿੱਚ ਬਿਨਾਂ ਕਿਸੇ ਦਿੱਕਤ ਤੋਂ ਆਨਲਾਈਨ ਪੜ੍ਹਾਈ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਵਰਚੂਅਲ ਤੌਰ ’ਤੇ ਆਗਾਜ਼ ਕੀਤਾ। ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਕਲਾਸ ਦੇ 80 ਹਜ਼ਾਰ ਹੋਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਮਾਗਮ ਦੇ ਨਾਲ-ਨਾਲ ਪੰਜਾਬ ਭਰ ਵਿੱਚ 845 ਸਕੂਲਾਂ ਵਿੱਚ ਵੱਖ-ਵੱਖ ਹੋਰਨਾਂ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪਤਵੰਤਿਆਂ ਦੀ ਸ਼ਮੂਲੀਅਤ ਵਿੱਚ ਸਮਾਰਟ ਫੋਨ ਵੰਡੇ ਗਏ। ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ (ਮੁਹਾਲੀ) ਵਿਖੇ ਦੂਜੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਕੁੱਲ 1 ਲੱਖ 75 ਹਜ਼ਾਰ 443 ਸਮਾਰਟ ਫੋਨਾਂ ’ਚੋਂ ਬਾਕੀ ਰਹਿੰਦੇ 45 ਹਜ਼ਾਰ 443 ਫੋਨ ਦਸੰਬਰ ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੇ ਜਾਣਗੇ। ਇਸ ਨਾਲ ਸਕੂਲਾਂ ਵਿੱਚ ਡਿਜੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਕੋਵਿਡ ਦੇ ਮੱਦੇਨਜ਼ਰ ਆਨਲਾਈਨ ਸਿੱਖਿਆ ਦੀ ਚੁਣੌਤੀ ਨਾਲ ਨਿਪਟਣ ਲਈ ਇਨ੍ਹਾਂ ਫੋਨਾਂ ਦੀ ਵੰਡ ਤੁਰੰਤ ਕਰਨ ਦੇ ਯਤਨ ਕੀਤੇ ਪਰ ਇੰਡਸਟਰੀ ਬੰਦ ਹੋਣ ਕਰਕੇ ਪ੍ਰਕਿਰਿਆ ਵਿੱਚ ਕੁਝ ਦੇਰੀ ਹੋਈ। ਪਹਿਲੇ ਪੜਾਅ ਵਿੱਚ 50,000 ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਾਪਤ ਹੋਏ ਸਨ। ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ 87.84 ਕਰੋੜ ਰੁਪਏ ਖਰਚ ਕੇ 88059 ਲੜਕੇ ਅਤੇ 87284 ਲੜਕੀਆਂ ਨੂੰ ਡਿਜੀਟਲ ਪੱਖੋਂ ਸ਼ਕਤੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ 22 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਇਕ ਕਰੋੜ ਰੁਪਏ ਦੀ ਲਾਗਤ ਨਾਲ 877 ਟੈਬਲਟ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ 2.99 ਕਰੋੜ ਰੁਪਏ ਖ਼ਰਚ ਕੇ 373 ਪ੍ਰਾਇਮਰੀ ਸਕੂਲਾਂ ਨੂੰ 2625 ਟੈਬਲਟ ਪ੍ਰਦਾਨ ਕੀਤੇ ਗਏ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਲਈ ਅਧਿਆਪਕਾਂ ਦੀਆਂ 8393 ਅਸਾਮੀਆਂ ਸਿਰਜੀਆਂ ਗਈਆਂ ਹਨ ਅਤੇ ਇਨ੍ਹਾਂ ਨੂੰ ਛੇਤੀ ਹੀ ਭਰਿਆ ਜਾਵੇਗਾ। ਆਪਣੇ ਸੰਬੋਧਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਪੰਜਾਬ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਤਾਂ ਉਸ ਵੇਲੇ ਇਹ ਗੱਲ ਕੋਈ ਨਹੀਂ ਸੀ ਜਾਣਦਾ ਕਿ ਕਰੋਨਾ ਮਹਾਮਾਰੀ ਸਮੇਂ ਇਨ੍ਹਾਂ ਫੋਨਾਂ ਦੀ ਵਿਦਿਆਰਥੀਆਂ ਲਈ ਇਸ ਕਦਰ ਅਹਿਮੀਅਤ ਵਧ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਨੌਜਵਾਨ ਆਧੁਨਿਕ ਟੈਕਨਾਲੋਜੀ ਦੀ ਮੁਹਾਰਤ ਹਾਸਲ ਕਰਨ ਤਾਂ ਕਿ ਡਿਜੀਟਲ ਸਿੱਖਿਆ ਨੂੰ ਪ੍ਰਭਾਵੀ ਢੰਗ ਨਾਲ ਪ੍ਰਫੁੱਲਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਅਤੇ ਟੈਬਲਟ ਮਹਾਮਾਰੀ ਦੇ ਅੌਖੇ ਸਮਿਆਂ ਦੌਰਾਨ ਸਿੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਸਮਰੱਥਾਵਾਨ ਬਣਾਉਣਗੇ। ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਬੱਚਿਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਜਾਣਗੇ। ਉਨ੍ਹਾਂ ਕਿਹਾ ਕਿ 7842 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਜਿੱਥੇ ਕੰਪਿਊਟਰ, ਟੈਬਲਟ ਆਦਿ ਨਾਲ ਲੈਸ ਆਧੁਨਿਕ ਬੁਨਿਆਦੀ ਢਾਂਚਾ ਮੌਜੂਦਾ ਹੈ ਅਤੇ 1400 ਹੋਰ ਸਰਕਾਰੀ ਸਕੂਲਾਂ ਨੂੰ ਵੀ ਇਸ ਸਾਲ ਦੇ ਅੰਤ ਤੱਕ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਨੇ ਸੂਬਾ ਭਰ ਵਿੱਚ 16589 ਕਲਾਸ-ਰੂਮ ਵੀ ਸਮਾਰਟ ਕਲਾਸ-ਰੂਮ ਵਿੱਚ ਤਬਦੀਲ ਕੀਤੇ ਹਨ ਅਤੇ ਬਾਕੀਆਂ ਨੂੰ ਅਗਲੇ ਛੇ ਮਹੀਨਿਆਂ ਵਿੱਚ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਈ-ਸਮੱਗਰੀ ਤਿਆਰ ਕਰਨ ਲਈ ਅਧਿਆਪਕਾਂ ਨੂੰ ਵਧਾਈ ਦਿੱਤੀ ਜਿਸ ਨੂੰ ਹੁਣ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਲਈ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਆਲਮੀ ਪੱਧਰ ’ਤੇ ਸਿੱਖਿਆ ਖੇਤਰ ਵਿੱਚ ਤੇਜ਼ੀ ਨਾਲ ਆ ਰਹੀਆਂ ਤਬਦੀਲੀਆਂ ਦੇ ਮੁਤਾਬਕ ਗਤੀ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ ਹੁਣ ਵਿਸ਼ਵ ਭਰ ਵਿੱਚ ਵਸਦੇ ਹੋਣ ਕਰਕੇ ਵਿਦਿਆਰਥੀਆਂ ਲਈ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਸਿੱਖਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਤਾਂ ਕਿ ਉਹ ਦੁਨੀਆਂ ਵਿੱਚ ਨੌਕਰੀ ਕਰਨ ਦੇ ਯੋਗ ਹੋ ਸਕਣ। ਸਮਾਗਮ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਮੁਹੰਮਦ ਤਈਅਬ, ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਤੇ ਐਸਐਸਪੀ ਸਤਿੰਦਰ ਸਿੰਘ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਅਤੇ ਡੀਪੀਆਈ (ਐਲੀਮੈਂਟਰੀ) ਲਲਿਤ ਕਿਸ਼ੋਰ ਘਈ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ