nabaz-e-punjab.com

ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ’ਚ ਇੱਕ ਹੋਰ ਸਿੱਖ ਦੀ ਹੱਤਿਆ ਦਾ ਮੁੱਦਾ ਵਿਦੇਸ਼ ਮਾਮਲਿਆਂ ਦੀ ਮੰਤਰੀ ਕੋਲ ਉਠਾਇਆ

ਅਮਰੀਕਾ ਵਿੱਚਲੇ ਭਾਰਤੀ ਰਾਜਦੂਤ ਨਾਲ ਗੱਲਬਾਤ ਕੀਤੀ, ਸਾਰੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਪ੍ਰਗਟਾਵਾ
ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਮਈ:
ਕੇਂਦਰੀ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਹੈ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਸਾਰੇ ਭਾਰਤੀਆਂ ਦੀ ਸੁਰੱਖਿਆ ਅਤੇ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਮਰੀਕਾ ਵਿੱਚ ਸ਼ੱਕੀ ਨਫਰਤ ਦੇ ਮਾਮਲੇ ਵਿੱਚ ਹੋਈ ਇੱਕ ਹੋਰ ਸਿੱਖ ਦੀ ਹੱਤਿਆ ਬਾਰੇ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਗਟਾਈ ਗਈ ਚਿੰਤਾ ਦੇ ਸਬੰਧ ਵਿੱਚ ਸ੍ਰੀਮਤੀ ਸਵਰਾਜ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ’ਤੇ ਵਾਸ਼ਿੰਗਟਨ ਵਿੱਖੇ ਭਾਰਤੀ ਰਾਜਦੂਤ ਨਵਤੇਜ ਐਸ. ਸਰਨਾ ਨਾਲ ਗੱਲਬਾਤ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਵਲੋਂ ਹੱਤਿਆ ਬਾਰੇ ਕੀਤੇ ਗਏ ਟਵੀਟ ’ਤੇ ਕੇਂਦਰੀ ਮੰਤਰੀ ਆਪਣੀ ਪ੍ਰਤੀਕਿਰਿਆ ਦੇ ਰਹੇ ਸਨ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਵਾਸਤੇ ਕੇਂਦਰੀ ਮੰਤਰੀ ਤੋਂ ਮਦਦ ਦੀ ਅਪੀਲ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਨੁਸਾਰ ਮੁੱਖ ਮੰਤਰੀ ਨੇ ਅਮਰੀਕਾ ਅਤੇ ਦੁਨੀਆਂ ਭਰ ਦੇ ਹੋਰਨਾਂ ਹਿੱਸਿਆਂ ਵਿੱਚ ਰਹਿ ਰਹੇ ਭਾਰਤੀਆਂ ਖਾਸਕਰ ਸਿੱਖਾਂ ਵਿਰੁੱਧ ਹਾਲ ਹੀ ਦੀਆਂ ਨਫਰਤ ਵਾਲੀਆਂ ਹਿੰਸਕ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਵਿਰੁੱਧ ਖਾਸ ਤੌਰ ’ਤੇ ਨਸਲੀ ਹਮਲੇ ਲਗਾਤਾਰ ਵੱਧ ਰਹੇ ਹਨ ਜਿਨ੍ਹਾਂ ਨੂੰ ਰੋਕੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਅਹਿਮ ਹੈ ਅਤੇ ਕੇਂਦਰ ਸਰਕਾਰ ਵਲੋਂ ਇਸ ਮੁੱਦੇ ਨਾਲ ਸਹੀ ਤਰੀਕੇ ਨਾਲ ਨਿਪਟੇ ਜਾਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਅਮਰੀਕਾ ਅਤੇ ਹੋਰ ਦੇਸ਼ਾਂ ਜਿਨ੍ਹਾਂ ਵਿੱਚ ਹਾਲ ਹੀ ਸਮੇਂ ਦੌਰਾਨ ਇਸ ਤਰ੍ਹਾਂ ਦੀਆਂ ਹੱਤਿਆਵਾਂ ਹੋਇਆਂ ਹਨ, ਦੀਆਂ ਸਰਕਾਰਾਂ ਨਾਲ ਕੇਂਦਰ ਸਰਕਾਰ ਕੋਲੋਂ ਉੱਚ ਪੱਧਰ ’ਤੇ ਇਹ ਮੁੱਦਾ ਉਠਾਉਣਾ ਦੀ ਮੰਗ ਕੀਤੀ ਹੈ।
ਅਮਰੀਕਾ ਵਿੱਚ ਸਿੱਖਾਂ ਦੀਆਂ ਹੱਤਿਆਵਾਂ ਦੀਆਂ ਬਹੁਤ ਸਾਰੀ ਘਟਨਾਵਾਂ ਵਾਪਰੀਆਂ ਹਨ ਅਤੇ ਉੱਥੇ ਵੱਧ ਰਹੀਆਂ ਕੱਟੜਪੁਣੇ ਵਾਲੀਆਂ ਹਾਲਤਾਂ ਕਾਰਨ ਸਿੱਖ ਹਾਸ਼ੀਏ ’ਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਦੀ ਮੰਗੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਸਰਕਾਰ ’ਤੇ ਹੋਰ ਦਬਾਅ ਪਾਉਣ ਲਈ ਸਰਗਰਮ ਪੈਂਤੜਾ ਅਪਨਾਉਣਾ ਚਾਹੀਦਾ ਹੈ ਤਾਂ ਜੋ ਅਮਰੀਕਾ ਸਰਕਾਰ ਨਸਲੀ ਤੱਤਾਂ ’ਤੇ ਕਾਰਵਾਈ ਕਰੇ ਅਤੇ ਸਿੱਖ ਭਾਈਚਾਰੇ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਵੇ। ਬਹੁਤ ਸਾਰੇ ਸਿੱਖ ਵਿਰੋਧੀ ਨਸਲੀ ਹਮਲਿਆਂ ਨੂੰ ਗਲਤੀ ਨਾਲ ਕੀਤੇ ਗਏ ਨਫਰਤ ਭਰੇ ਅਪਰਾਧ ਮੰਨਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਮਰੀਕਾ ਅਤੇ ਹੋਰਨਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖ ਭਾਈਚਾਰੇ ਦੇ ਵਿਸ਼ਵਾਸਾਂ ਅਤੇ ਧਾਰਮਿਕ ਪਹਿਚਾਣ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਹਿਲ ਕਦਮੀਆਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਦੇਸ਼ ਵਿੱਚ ਵੱਸ ਕੇ ਉੱਥੋਂ ਦੇ ਵਿਕਾਸ ਵਿੱਚ ਵੱਡੀ ਭੂਮੀਕਾ ਨਿਭਾਈ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…