Share on Facebook Share on Twitter Share on Google+ Share on Pinterest Share on Linkedin ਪਾਕਿਸਤਾਨ ਤੇ ਗੁੰਡਾ ਅਨਸਰਾਂ ਨੂੰ ਤਾੜਨਾ, ‘ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ’: ਕੈਪਟਨ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ ਮੁੱਖ ਮੰਤਰੀ ਨੇ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਅਤੇ ਆਖਰੀ ਦਮ ਤੱਕ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਰਹੇਗੀ। ਇਸ ਸਬੰਧੀ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਦਾ ਗਠਨ ਕੀਤਾ ਗਿਆ ਹੈ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ ਅਤੇ ਐਸਟੀਐਫ਼ ਨੇ ਹੁਣ ਤੱਕ 32 ਹਜ਼ਾਰ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਵੱਡੀ ਮਾਤਰਾਂ ਵਿੱਚ ਨਸ਼ੀਲੇ ਪਦਾਰਥਾ ਅਤੇ ਡਰੱਗ ਮਨੀ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਸ਼ੁਰੂ ਹੋਏ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੇ ਉਦਘਾਟਨੀ ਸਮਾਰੋਹ ਦੌਰਾਨ ਕੀਤਾ। ਸੂਬੇ ਵਿੱਚ ਨਸ਼ਿਆਂ ਤੇ ਕੈਂਸਰ ਦੀਆਂ ਸਮੱਸਿਆਵਾਂ ’ਤੇ ਨਿਵੇਸ਼ਕਾਰਾਂ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਨਾਲ ਸਿੱਝਣ ਲਈ ਵੱਡੇ ਕਦਮ ਚੁੱਕੇ ਹਨ ਅਤੇ ਹਜ਼ਾਰਾਂ ਤਸਕਰਾਂ ਤੇ ਸਮਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੇਸ਼ੱਕ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸਾ ਹੋਣ ਕਰਕੇ ਇਹ ਸਮੱਸਿਆ ਮਿਟੇਗੀ ਨਹੀਂ ਪਰ ਉਨ੍ਹਾਂ ਨੇ ਵਾਅਦਾ ਕੀਤਾ ਕਿ ਵਿਧਾਨ ਸਭਾ ਚੋਣਾਂ ਸਮੇਂ ਤੋਂ ਲੈ ਕੇ ਹੁਣ ਇਸ ਨੂੰ ਕਾਬੂ ਹੇਠ ਕੀਤਾ ਗਿਆ। ਕੈਂਸਰ ਬਾਰੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਬਾਕੀ ਸੂਬਿਆਂ ਨਾਲੋਂ ਪੰਜਾਬ ਵਿੱਚ ਕੈਂਸਰ ਪੀੜਤਾਂ ਦੀ ਗਿਣਤੀ ਘੱਟ ਹੈ। ਉਨ੍ਹਾਂ ਕਿਹਾ ਕਿ ਬੀਕਾਨੇਰ ਨੂੰ ਜਾਂਦੀ ਕੈਂਸਰ ਟਰੇਨ ਕਰਕੇ ਪੰਜਾਬ ਦੇ ਕੈਂਸਰ ਕੇਸ ਵਿਆਪਕ ਰੂਪ ਵਿੱਚ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰਾਜਸਥਾਨ ਜਾਂ ਹੋਰ ਸੂਬਿਆਂ ਵਿੱਚ ਨਾ ਜਾਣਾ ਪਵੇ। ਨਿਵੇਸ਼ ਅਤੇ ਵਿਕਾਸ ਲਈ ਉਦਯੋਗ ਨੂੰ ਸੁਰੱਖਿਅਤ ’ਤੇ ਸਥਿਰ ਮਾਹੌਲ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਲਹਿਜ਼ੇ ਵਿੱਚ ਤਾੜਨਾ ਕੀਤੀ ਕਿ ਉਹ ਤੁਰੰਤ ਸੁਧਰ ਜਾਣ ਜਾਂ ਫਿਰ ਨਤੀਜੇ ਭੁਗਤਨ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੁੰਡਾ ਅਨਸਰਾਂ ਤੇ ਗੈਂਗਸਟਰਾਂ ਦੀਆਂ ਸਮਾਜ ਵਿਰੋਧੀ ਕਾਰਵਾਈਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲੀਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹੋਈਆਂ ਹਨ ਕਿ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਖ਼ਤਰੇ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ। ਪਾਕਿਸਤਾਨ ਵੱਲੋਂ ਪੰਜਾਬ ਵਿੱਚ ਗੜਬੜ ਪੈਦਾ ਕਰਨ ਦੀਆਂ ਹਾਲ ਹੀ ਵਿੱਚ ਕੀਤੀਆਂ ਕੋਸ਼ਿਸ਼ਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਨੇ ਇਨ੍ਹਾਂ ਮਨਸੂਬਿਆਂ ਨੂੰ ਕੁਚਲ ਕੇ ਰੱਖ ਦਿੱਤਾ। ਆਈਐਸਆਈ ਦੀ ਸ਼ਹਿ ਨਾਲ ਸੂਬੇ ਵਿੱਚ ਵੱਖ-ਵੱਖ ਗਰੁੱਪਾਂ ਦੀ ਘੁਸਪੈਠ ਦੀਆਂ ਪਾਕਿਸਤਾਨ ਫੌਜ ਦੀਆਂ ਕੋਸ਼ਿਸ਼ਾਂ ਨੂੰ ਵੀ ਪੁਲੀਸ ਨੇ ਮੂੰਹ ਤੋੜਵਾਂ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਆਪਣੀਆਂ ਸਮੱਸਿਆਵਾਂ ਹਨ ਪਰ ਇਨ੍ਹਾਂ ਸਮੱਸਿਆਵਾਂ ਨੂੰ ਮੈਂ ਆਪਣੀਆਂ ਸਮੱਸਿਆਵਾਂ ਨਹੀਂ ਬਣਨ ਦੇਵਾਂਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਪੁਲੀਸ ਨੇ 28 ਅਤਿਵਾਦੀ ਗਰੋਹਾਂ ਦਾ ਪਰਦਾਫਾਸ਼ ਕੀਤਾ ਅਤੇ ਆਈਐਸਆਈ ਦੀ ਸ਼ਹਿ ਪ੍ਰਾਪਤ 100 ਤੋਂ ਵੱਧ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਮਰਾਨ ਖਾਨ ਸ਼ਾਂਤੀ ਚਾਹੁੰਦੇ ਹਨ ਪਰ ਸ੍ਰੀ ਖਾਨ ਵੱਲੋਂ ਸ਼ਾਂਤੀ ਲਈ ਚੁੱਕੇ ਜਾਣ ਵਾਲੇ ਕਿਸੇ ਵੀ ਕਦਮ ਵਿੱਚ ਪਾਕਿਸਤਾਨੀ ਫੌਜ ਰੋੜੇ ਅਟਕਾ ਦਿੰਦੀ ਹੈ ਕਿਉਂ ਫੌਜ ਆਪਣੀ ਚੌਧਰ ਕਾਇਮ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜੇਕਰ ਉਨ੍ਹਾਂ ਨੇ ਆਪਣੇ ਤੌਰ-ਤਰੀਕੇ ਨਾ ਬਦਲੇ ਤਾਂ ਉਹ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਨੇ ਆਪਣੇ ਲੋਕਾਂ ਦਾ ਢਿੱਡ ਭਰਨਾ ਹੈ ਅਤੇ ਆਪਣੇ ਮੁਲਕ ਨੂੰ ਬਚਾਉਣਾ ਹੈ ਤਾਂ ਪਾਕਿਸਤਾਨ ਦੀ ਫੌਜ ਨੂੰ ਮਿਲਵਰਤਨ ਤੇ ਸਹਿਯੋਗ ਦਾ ਰਾਹ ਫੜਣਾ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋਂ ਅੌਰਤਾਂ ਉਦਯੋਗਾਂ ਵਿੱਚ ਨੌਕਰੀਆਂ ਖਾਸਕਰ ਰਾਤ ਦੇ ਸਮੇਂ ਦੀਆਂ ਸ਼ਿਫਟਾਂ ਦੌਰਾਨ ਵੀ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਕੋਈ ਵੀ ਅੌਰਤ ਨਾ ਸਿਰਫ਼ ਰਾਤ ਵੇਲੇ ਸੁਰੱਖਿਅਤ ਘਰ ਪਹੁੰਚਣ ਲਈ ਪੁਲੀਸ ਨੂੰ ਬੁਲਾ ਸਕਦੀ ਹੈ, ਸਗੋਂ ਜੇਕਰ ਉਹ ਦਿਨ ਵੇਲੇ ਵੀ ਕਿਸੇ ਤਰ੍ਹਾਂ ਦੀ ਅਸੁਰੱਖਿਆ ਜਾਂ ਖ਼ਤਰਾ ਮਹਿਸੂਸ ਕਰਦੀ ਹੈ ਤਾਂ ਉਹ ਦਿਨ ਵੇਲੇ ਵੀ ਪੁਲੀਸ ਦੀ ਸਹਾਇਤਾ ਲੈ ਸਕਦੀ ਹੈ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਸਮੇਤ ਸੀਨੀਅਰ ਆਈਏਐਸ ਵਿਨੀ ਮਹਾਜਨ, ਹੁਸਨ ਲਾਲ, ਡਿਪਟੀ ਕਮਿਸ਼ਨ ਗਿਰੀਸ਼ ਦਿਆਲਨ, ਆਈਜੀ ਜਤਿੰਦਰ ਸਿੰਘ ਅੌਲਖ, ਐਸਐਸਪੀ ਕੁਲਦੀਪ ਸਿੰਘ ਚਾਹਲ, ਉੱਘੇ ਸਨਅਤੀ ਘਰਾਣਿਆਂ ਦੇ ਮੁਖੀ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ