Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਹਰੇਕ ਫਰੰਟ ਤੇ ਫੇਲ੍ਹ, ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ: ਗੋਲਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ: ਪੰਜਾਬ ਦੇ ਲੋਕਾਂ ਨੂੰ ਸਵੱਛ ਪ੍ਰਸ਼ਾਸਨ ਅਤੇ ਸ਼ਾਸਨ ਅਤੇ ਸਮਾਰਟ ਫੋਨ ਦੇਣ ਦੇ ਨਾਲ ਨਾਲ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਵਰਗੇ ਵਾਅਦੇ ਕਰਕੇ ਸੱਤਾ ਵਿੱਚ ਆਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਵਿੱਚ ਲੋਕ ਸਰਕਾਰੀ ਵਧੀਕੀਆਂ ਤੋਂ ਡਾਢੇ ਤੰਗ ਪ੍ਰੇਸ਼ਾਨ ਹਨ। ਇਹ ਗੱਲ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਸਰਕਾਰ ਦੀ ਘਰ ਘਰ ਰੁਜ਼ਗਾਰ ਯੋਜਨਾ ਵੀ ਬੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਪਿੱਛੇ ਜਿਹੇ ਲੱਗੇ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਖੱਜਲ ਖੁਆਰੀ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ ਹੈ। ਸ੍ਰੀ ਗੋਲਡੀ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਬਿਜਲੀ ਦੇ ਰੇਟਾਂ ਵਧਾ ਕੇ ਆਮ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਸਰਕਾਰ ਤੋਂ ਪੰਜਾਬ ਦਾ ਹਰੇਕ ਵਰਗ ਦੁਖੀ ਹੈ ਅਤੇ ਇੱਥੋਂ ਤੱਕ ਕਾਂਗਰਸੀ ਵਿਧਾਇਕ ਵੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੁਲਾਜ਼ਮਾਂ ’ਤੇ 200 ਰੁਪਏ ਮਹੀਨਾ ਟੈਕਸ ਲਗਾਉਣ ਦੇ ਬਾਵਜੂਦ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਹੁਣ ਮੁਲਾਜ਼ਮਾਂ ਨੂੰ ਆਪਣੀਆਂ ਤਨਖ਼ਾਹਾਂ ਲੈਣ ਲਈ ਧਰਨੇ ਦੇਣੇ ਪੈ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਦੇ ਕਾਰਜਕਾਲ ਵਿੱਚ ਮੌਜੂਦਾ ਹਾਲਤ ਇਹ ਹੈ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਖੇਤਰਾਂ ਵਿੱਚ ਬਣਨ ਵਾਲੇ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣ ਦੀਆਂ ਫੀਸਾਂ ਵਧਾ ਕੇ ਦੁੱਗਣੀਆਂ ਕਰ ਦਿੱਤੀਆਂ ਗਈਆਂ ਹਨ। ਜਿਸ ਕਾਰਨ ਗਰੀਬ ਵਿਅਕਤੀ ਦਾ ਘਰ ਬਣਾਉਣ ਦਾ ਸੁਪਨਾ ਟੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਫੀਸਾਂ ਵੱਧਣ ਦੇ ਬਾਵਜੂਦ ਵੀ ਲੋਕਾਂ ਦੇ ਕੰਮ ਨਹੀਂ ਹੋ ਰਹੇ ਹਨ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਆਮ ਲੋਕਾਂ ਦੀ ਪੁਲੀਸ ਥਾਣਿਆਂ ਵਿੱਚ ਕੋਈ ਸੁਣਵਾਈ ਨਹੀਂ ਹੋ ਰਹੀ। ਪੁਲੀਸ ਮੁਲਾਜ਼ਮ ਥਾਣਿਆਂ ਵਿੱਚ ਰਾਜ਼ੀਨਾਮਾ ਲਿਖਣ ਦੇ ਨਾਂ ਉੱਤੇ ਵੀ ਰਿਸ਼ਵਤ ਲੈ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਕਸ਼ਾ ਫੀਸ ਘੱਟ ਕਰਕੇ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਮੁਤਾਬਕ ਨੌਜਵਾਨਾਂ ਨੂੰ ਰੁਜ਼ਗਾਰ, ਸਮਾਰਟ ਫੋਨ ਦਿੱਤੇ ਜਾਣ ਅਤੇ ਨਸ਼ਿਆਂ ਨੂੰ ਖ਼ਤਮ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ